
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੋਲ ਪੰਜਾਬ ਪੁਲਿਸ ਦੇ 6 ਸੁਰੱਖਿਆ ਮੁਲਾਜ਼ਮ ਸਨ, ਜਿਨ੍ਹਾਂ ਵਿਚੋਂ 3 ਨੂੰ ਵਾਪਸ ਬੁਲਾ ਲਿਆ ਗਿਆ ਹੈ।
ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੇ ਸੱਤਾ 'ਚ ਆਉਣ ਤੋਂ ਬਾਅਦ ਪੰਜਾਬ ਦੇ ਵੀਆਈਪੀਜ਼ ਦੀ ਸੁਰੱਖਿਆ 'ਚ ਲਗਾਤਾਰ ਕਟੌਤੀ ਕੀਤੀ ਜਾ ਰਹੀ ਹੈ। ਸੂਬਾ ਸਰਕਾਰ ਨੇ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਅੱਧੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਸ ਫੈਸਲੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਰੋਧ ਕੀਤਾ ਗਿਆ ਅਤੇ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਆਪਣੀ ਪੂਰੀ ਸੁਰੱਖਿਆ ਵਾਪਸ ਕਰਨ ਦੀ ਗੱਲ ਕਹੀ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੋਲ ਪੰਜਾਬ ਪੁਲਿਸ ਦੇ 6 ਸੁਰੱਖਿਆ ਮੁਲਾਜ਼ਮ ਸਨ, ਜਿਨ੍ਹਾਂ ਵਿਚੋਂ 3 ਨੂੰ ਵਾਪਸ ਬੁਲਾ ਲਿਆ ਗਿਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਉਹ ਆਪਣੀ ਬਾਕੀ ਸੁਰੱਖਿਆ ਵੀ ਵਾਪਸ ਭੇਜ ਦੇਣਗੇ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨਾਲ ਗੱਲ ਕਰਕੇ ਉਹਨਾਂ ਨੇ ਹੋਰ ਸੁਰੱਖਿਆ ਮੁਲਾਜ਼ਮਾਂ ਨੂੰ ਵੀ ਵਾਪਸ ਕਰਨ ਲਈ ਕਿਹਾ ਹੈ। ਉਹਨਾਂ ਨੂੰ ਸੁਰੱਖਿਆ ਦੀ ਲੋੜ ਨਹੀਂ ਹੈ, ਖਾਸ ਕਰਕੇ ਪੰਜਾਬ ਸਰਕਾਰ ਦੀ ਸੁਰੱਖਿਆ ਦੀ। ਉਹਨਾਂ ਦੀ ਸੁਰੱਖਿਆ ਲਈ ਪੰਜਾਬ ਦੇ ਸਿੱਖ ਨੌਜਵਾਨ ਹੀ ਕਾਫੀ ਹਨ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲ਼ੋਂ ਅੱਜ ਸਮੁੱਚੀ ਸਰਕਾਰੀ ਸੁਰੱਖਿਆ ਵਾਪਸ ਕਰਦਿਆਂ ਹੀ ਹੁਣ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੇ ਉਹਨਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੰਭਾਲ ਲਈ ਹੈ। ਸਿੰਘ ਸਾਹਿਬ ਦੀ ਦਮਦਮਾ ਸਾਹਿਬ ਵਿਚਲੀ ਰਿਹਾਇਸ਼ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ 'ਤੇ ਐੱਸਜੀਪੀਸੀ ਵਲੋਂ ਚਾਰ ਸੁਰੱਖਿਆ ਮੁਲਾਜ਼ਮ ਤਾਇਨਾਤ ਕਰ ਦਿੱਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਸਕੱਤਰ ਤੇਜਿੰਦਰ ਸਿੰਘ ਨੇ ਕਿਹਾ ਕਿ ਸਿੰਘ ਸਾਹਿਬ ਦੀ ਸੁਰੱਖਿਆ ਕਿਸੇ ਸਰਕਾਰ ਦੀ ਮੋਹਤਾਜ ਨਹੀਂ ਹੈ।