
ਲੈਂਡਪੋਟ ਅਥਾਰਟੀ ਨੇ ਪ੍ਰਕਾਸ਼ ਦਿਹਾੜੇ ਮੌਕੇ ਟਰਮੀਨਲ ਨੂੰ ਖ਼ੂਬਸੂਰਤ ਸਜਾਇਆ
Panthak News: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਕਰਤਾਰਪੁਰ ਸਾਹਿਬ ਕੋਰੀਡੋਰ ਡੇਰਾ ਬਾਬਾ ਨਾਨਕ ਰਾਹੀਂ 428 ਸ਼ਰਧਾਲੂਆਂ ਪਾਕਿਸਤਾਨ ਪੁੱਜੇ ਜਿਨ੍ਹਾਂ ਵਲੋਂ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕੀਤੇ ਗਏ।
ਦਰਸ਼ਨ ਕਰ ਕੇ ਵਾਪਸ ਪਰਤੇ ਸ਼ਰਧਾਲੂ ਮਹਿੰਦਰ ਸਿੰਘ, ਹਰਪ੍ਰੀਤ ਸਿੰਘ ਚੰਡੀਗੜ੍ਹ, ਗੁਰਮੀਤ ਸਿੰੰਘ, ਕੰਵਲਜੀਤ ਕੌਰ ਮਾਨਸਾ, ਗੁਰਸ਼ਰਨ ਸਿੰਘ, ਰਣਧੀਰ ਸਿੰਘ ਤੇ ਮਨਜੀਤ ਸਿੰਘ ਨੇ ਕਰਤਾਰਪੁਰ ਸਾਹਿਬ ਕੌਰੀਡੋਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਦਸਿਆ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 554 ਪ੍ਰਕਾਸ਼ ਦਿਹਾੜੇ ਮੌਕੇ ਅੱਜ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕਰ ਕੇ ਬਹੁਤ ਹੀ ਖ਼ੁਸ਼ੀ ਮਹਿਸੂਸ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਵਲੋਂ ਇਕ ਇਤਿਹਾਸਕ ਫ਼ੈਸਲਾ ਲੈਂਦਿਆਂ ਹੋਇਆਂ ਜਿਥੇ ਇਸ ਲਾਂਘੇ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਖੋਲ੍ਹਿਆ ਗਿਆ ਹੈ ਉਥੇ ਹੀ ਇਸ ਕਰਤਾਰਪੁਰ ਸਾਹਿਬ ਲਾਂਘੇ ਨੂੰ ਵਪਾਰ ਵਾਸਤੇ ਵੀ ਖੋਲ੍ਹ ਦੇਣਾ ਚਾਹੀਦਾ ਹੈ ਤਾਂ ਜੋ ਦੋਹਾਂ ਦੇਸ਼ਾਂ ਦੇ ਲੋਕ ਦੁਸ਼ਮਣੀ ਵਾਲੀ ਕੁੜਤਣ ਨੂੰ ਦੂਰ ਕਰਦਿਆਂ ਹੋਇਆਂ ਤਰੱਕੀ ਦੀਆਂ ਲੀਹਾਂ ਵਲ ਚਲਣ।
ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਕਰਵਾਈ ਜਾਣ ਵਾਲੀ ਰਜਿਸਟ੍ਰੇਸ਼ਨ ਨੂੰ ਸੁਖਾਲਾ ਬਣਾਇਆ ਜਾਵੇ, 20 ਡਾਲਰ ਦੀ ਫ਼ੀਸ ਨੂੰ ਘੱਟ ਕੀਤਾ ਜਾਵੇ ਤੇ ਪਾਸਪੋਰਟ ਦੀ ਸ਼ਰਤ ਨੂੰ ਖ਼ਤਮ ਕੀਤਾ ਜਾਵੇ ਤਾਂ ਜੋ ਸਮੁੱਚੀਆਂ ਨਾਨਕ ਨਾਮਲੇਵਾ ਸੰਗਤਾਂ ਵੱਡੇ ਦਿਲ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਸ ਪਵਿੱਤਰ ਧਰਤੀ ਦੇ ਦਰਸ਼ਨ ਦੀਦਾਰੇ ਕਰ ਸਕਣ।
(For more news apart from 428 devotees visited Gurdwara Sri Kartarpur Sahib on gurpurab, stay tuned to Rozana Spokesman)