
ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਧੰਨ-ਧੰਨ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਧੰਨ-ਧੰਨ ਬਾਬਾ ਫਤਹਿ ਸਿੰਘ...
ਸ਼੍ਰੀ ਫ਼ਤਹਿਗੜ੍ਹ ਸਾਹਿਬ (ਸਸਸ) : ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਧੰਨ-ਧੰਨ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਧੰਨ-ਧੰਨ ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਦੇ ਤੀਜੇ ਦਿਨ ਫਤਿਹਗੜ੍ਹ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਪੰਜ ਪਿਆਰਿਆਂ ਦੀ ਅਗਵਾਹੀ ਵਿਚ ਸਜਾਏ ਗਏ ਇਸ ਨਗਰ ਕੀਰਤਨ ਵਿਚ ਸੰਗਤਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਫੁੱਲਾਂ ਨਾਲ ਸਜੀ ਪਾਲਕੀ ਸਾਹਿਬ ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਬਿਰਾਜਮਾਨ ਸਨ।
ਸੰਗਤਾਂ ਨੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਜੀ ਦੀ ਸ਼ਹੀਦੀ ਨੂੰ ਯਾਦ ਕਰਦੇ ਹੋਏ ਫੁੱਲ ਭੇਟ ਕੀਤੇ। ਦੱਸਣਯੋਗ ਹੈ ਕਿ ਨਗਰ ਕੀਰਤਨ ਵਿਚ ਜਿੱਥੇ ਸੰਗਤਾਂ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਆਗੂ ਮੌਜੂਦ ਸਨ, ਉੱਥੇ ਹੀ ਡਿਪਟੀ ਕਮਿਸ਼ਨਰ ਸ਼ਿਵ ਦੁਲਾਰ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਸ਼ਮੂਲੀਅਤ ਕੀਤੀ ਅਤੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ।