SGPC Budget: ਧਰਮ ਪ੍ਰਚਾਰ, ਵਿੱਦਿਆ ਅਤੇ ਪੰਥਕ ਕਾਰਜਾਂ ਲਈ ਰੱਖੀ ਗਈ ਹੈ ਵਿਸ਼ੇਸ਼ ਰਾਸ਼ੀ- ਐਡਵੋਕੇਟ ਧਾਮੀ
Published : Mar 29, 2024, 7:41 pm IST
Updated : Mar 29, 2024, 7:41 pm IST
SHARE ARTICLE
SGPC Budget
SGPC Budget

ਧਰਮੀ ਫ਼ੌਜੀਆਂ ਲ਼ਈ 40 ਲੱਖ ਰੁਪਏ, ਸਿਕਲੀਗਰ ਤੇ ਵਣਜਾਰੇ ਸਿੱਖਾਂ ਲਈ 60 ਲੱਖ ਰੁਪਏ ਰੱਖੇ

SGPC Budget: ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਾਲ 2024-25 ਲਈ 1260 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਹੋਏ ਇਸ ਇਜਲਾਸ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਬਜਟ ਪੇਸ਼ ਕੀਤਾ, ਜਿਸ ਨੂੰ ਹਾਜ਼ਰ ਮੈਂਬਰ ਨੇ ਜੈਕਾਰਿਆਂ ਦੀ ਗੂੰਜ ’ਚ ਪ੍ਰਵਾਨਗੀ ਦਿੱਤੀ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਮੈਂਬਰ ਮੌਜੂਦ ਸਨ। ਬਜਟ ਪੇਸ਼ ਕਰਦਿਆਂ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਵਿਭਾਗਾਂ ਅਤੇ ਅਦਾਰਿਆਂ ਲਈ ਹੋਣ ਵਾਲੀ ਆਮਦਨ ਅਤੇ ਖਰਚਿਆਂ ਦੇ ਵੇਰਵੇ ਸਾਂਝੇ ਕਰਦਿਆਂ ਭਵਿੱਖ ਅੰਦਰ ਪਹਿਲ ਦੇ ਅਧਾਰ ’ਤੇ ਕੀਤੇ ਜਾਣ ਵਾਲੇ ਕਾਰਜਾਂ ਲਈ ਸੁਰੱਖਿਅਤ ਕੀਤੀ ਗਈ ਰਾਸ਼ੀ ਬਾਰੇ ਅੰਕੜੇ ਪੇਸ਼ ਕੀਤੇ।

ਬਜਟ ਇਜਲਾਸ ਮਗਰੋਂ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਸੰਤੁਲਤ ਕਰਾਰ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਵਾਰ ਪਿਛਲੇ ਬਜਟ ਨਾਲੋਂ 14 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਵਿਸ਼ੇਸ਼ ਤੌਰ ’ਤੇ ਅਗਲੇ ਵਿੱਤੀ ਵਰ੍ਹੇ ਦੌਰਾਨ ਧਰਮ ਪ੍ਰਚਾਰ, ਵਿੱਦਿਆ ਅਤੇ ਪੰਥਕ ਕਾਰਜਾਂ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਵਾਰ ਧਰਮ ਪ੍ਰਚਾਰ ਕਮੇਟੀ ਦਾ ਬਜਟ 100 ਕਰੋੜ ਰੁਪਏ ਦਾ ਹੈ।

ਧਰਮ ਪ੍ਰਚਾਰ ਕਮੇਟੀ ਰਾਹੀਂ ਕੀਤੇ ਜਾਣ ਵਾਲੇ ਕਾਰਜਾਂ ਲਈ ਰੱਖੀ ਰਾਸ਼ੀ ਦੀ ਤਫਸੀਲ ਦਿੰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਕਿ ਵਿਸ਼ੇਸ਼ ਤੌਰ ’ਤੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਦੀ ਸਤੰਬਰ ਮਹੀਨੇ ਵਿਚ ਆ ਰਹੀ ਸ਼ਤਾਬਦੀ ਮਨਾਉਣ ਲਈ 3 ਕਰੋੜ ਰੁਪਏ ਰਾਖਵੇਂ ਕੀਤੇ ਗਏ ਹਨ। ਇਸ ਦੇ ਨਾਲ ਹੀ ਧਰਮ ਪ੍ਰਚਾਰ ਕਮੇਟੀ ਰਾਹੀਂ ਸਿੱਖ ਨੌਜੁਆਨਾਂ ਨੂੰ ਪ੍ਰਸਾਸ਼ਕੀ ਸੇਵਾਵਾਂ ਲਈ ਤਿਆਰ ਕਰਨ ਵਾਸਤੇ 2 ਕਰੋੜ ਰੁਪਏ

ਅੰਮ੍ਰਿਤਧਾਰੀ ਬੱਚੀਆਂ ਨੂੰ ਮੁਫ਼ਤ ਵਿਦਿਆ ਲਈ 2 ਕਰੋੜ ਰੁਪਏ, ਅੰਮ੍ਰਿਤਧਾਰੀ ਵਿਦਿਆਰਥੀਆਂ ਦੀਆਂ ਫੀਸਾਂ ਲਈ 2 ਕਰੋੜ 50 ਲੱਖ ਰੁਪਏ, ਅੰਮ੍ਰਿਤ ਸੰਚਾਰ ਸਮਾਗਮਾਂ ਲਈ 1 ਕਰੋੜ 80 ਲੱਖ ਰੁਪਏ, ਧਾਰਮਿਕ ਸਾਹਿਤ, ਲਾਇਬ੍ਰੇਰੀਆਂ, ਸ਼ਸਤਰ ਵਿੱਦਿਆ, ਇਤਿਹਾਸਕ ਯਾਦਗਾਰੀ ਪ੍ਰਾਜੈਕਟਾਂ ਅਤੇ ਸੰਗਤਾਂ ਨੂੰ ਵੀਡੀਓ ਵੈਨਾਂ ਰਾਹੀਂ ਧਾਰਮਿਕ ਫਿਲਮਾਂ ਦਿਖਾਉਣ ਲਈ 4 ਕਰੋੜ 45 ਲੱਖ ਰੁਪਏ, ਧਰਮ ਪ੍ਰਚਾਰ ਲਹਿਰ ਹੋਰ ਪ੍ਰਚੰਡ ਕਰਨ ਲਈ 1 ਕਰੋੜ 15 ਲੱਖ ਰੁਪਏ, ਬੱਚਿਆਂ ਨੂੰ ਧਾਰਮਿਕ ਪ੍ਰੀਖਿਆ ਰਾਹੀਂ ਗੁਰਮਤਿ ਨਾਲ ਜੋੜਨ ਲਈ 1 ਕਰੋੜ 60 ਲੱਖ ਰੁਪਏ ਅਤੇ ਪੰਜਾਬ ਤੋਂ ਬਾਹਰਲੇ ਸਿੱਖ ਮਿਸ਼ਨਾਂ ਵਾਸਤੇ 9 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ। ਇਸੇ ਤਰ੍ਹਾਂ ਧਰਮ ਪ੍ਰਚਾਰ ਕਮੇਟੀ ਦੇ ਹੋਰ ਕਾਰਜਾਂ ਵਾਸਤੇ ਵੀ ਬਜਟ ਵਿਚ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ।

ਐਡਵੋਕੇਟ ਧਾਮੀ ਨੇ ਦੱਸਿਆ ਕਿ ਇਸ ਵਾਰ ਗੁਰਦੁਆਰਾ ਸਾਹਿਬਾਨ ਦਾ ਬਜਟ 994 ਕਰੋੜ 51 ਲੱਖ ਰੁਪਏ ਹੈ। ਇਸੇ ਤਰ੍ਹਾਂ ਵਿਦਿਅਕ ਅਦਾਰਿਆਂ ਦਾ ਬਜਟ 251 ਕਰੋੜ ਰੁਪਏ, ਪ੍ਰਿੰਟਿੰਗ ਪ੍ਰੈੱਸਾਂ ਦਾ ਬਜਟ 7 ਕਰੋੜ 94 ਲੱਖ ਰੁਪਏ ਪਾਸ ਕੀਤਾ ਗਿਆ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਕਿ ਇਸ ਵਾਰ ਦੇ ਬਜਟ ਵਿਚ ਵਿਦਿਅਕ ਅਦਾਰਿਆਂ ਦੇ ਸਟਾਫ਼ ਦੀਆਂ ਬਕਾਇਆ ਤਨਖ਼ਾਹਾਂ ਵਾਸਤੇ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 31 ਮਾਰਚ 2024 ਤੱਕ ਦੀਆਂ ਸਾਰੀਆਂ ਬਕਾਇਆ ਤਨਖ਼ਾਹਾਂ ਦੀ ਅਦਾਇਗੀ ਲਈ ਵਿਸ਼ੇਸ਼ ਪ੍ਰਬੰਧ ਕੀਤਾ ਹੈ। ਇਸ ਕਾਰਜ ਲਈ ਉਚੇਚੇ ਤੌਰ ’ਤੇ ਜਨਰਲ ਬੋਰਡ ਫੰਡ ਵਿਚੋਂ 10 ਕਰੋੜ ਰੁਪਏ ਦੀ ਵਿਸ਼ੇਸ਼ ਰਾਸ਼ੀ ਵਿਦਿਆ ਫੰਡ ਲਈ ਰਾਖਵੀਂ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਜਨਰਲ ਬੋਰਡ ਫੰਡ, ਟਰੱਸਟ ਫੰਡ, ਵਿਦਿਆ ਫੰਡ, ਸਪੋਰਟਸ ਫੰਡ ਆਦਿ ਦੀ ਆਪਣੀ ਆਮਦਨ ਭਾਵੇਂ ਘੱਟ ਹੈ, ਪਰ ਇਨ੍ਹਾਂ ਲਈ ਗੁਰਦੁਆਰਾ ਸਾਹਿਬਾਨ ਤੋਂ ਦਸਵੰਧ ਅਤੇ ਲੋੜੀਂਦੇ ਫੰਡ ਲਏ ਜਾਂਦੇ ਹਨ। ਇਨ੍ਹਾਂ ਸਾਰੇ ਫੰਡਾਂ ਰਾਹੀਂ ਕੀਤੇ ਜਾਣ ਵਾਲੇ ਕਾਰਜ ਬੇਹੱਦ ਅਹਿਮ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਇਨ੍ਹਾਂ ਫੰਡਾਂ ਰਾਹੀਂ ਪੰਥਕ ਕਾਰਜਾਂ ਲਈ ਵਿਸ਼ੇਸ਼ ਰਾਸ਼ੀ ਰੱਖੀ ਗਈ ਹੈ, ਜਿਨ੍ਹਾਂ ਵਿਚ ਬੰਦੀ ਸਿੰਘਾਂ ਦੇ ਕੇਸਾਂ ਦੀ ਪੈਰਵਾਈ ਲਈ 60 ਲੱਖ ਰੁਪਏ, ਬੰਦੀ ਸਿੰਘਾਂ ਨੂੰ ਮਾਸਿਕ ਸਨਮਾਨ ਭੱਤੇ ਲਈ 40 ਲੱਖ ਰੁਪਏ, ਧਰਮੀ ਫ਼ੌਜੀਆਂ ਲ਼ਈ 40 ਲੱਖ ਰੁਪਏ, ਸਿਕਲੀਗਰ ਤੇ ਵਣਜਾਰੇ ਸਿੱਖਾਂ ਲਈ 60 ਲੱਖ ਰੁਪਏ, ਗਰੀਬ ਵਿਦਿਆਰਥੀਆਂ ਲਈ 50 ਲੱਖ ਰੁਪਏ, ਕੁਦਰਤੀ ਆਫ਼ਤਾਂ ਲਈ 1 ਕਰੋੜ 48 ਲੱਖ ਰੁਪਏ, ਖੇਡਾਂ ਲਈ 3 ਕਰੋੜ 6 ਲੱਖ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਿੱਖ ਇਤਿਹਾਸ ਰੀਸਰਚ ਬੋਰਡ ਰਾਹੀਂ ਖੋਜ ਕਾਰਜਾਂ ਲਈ ਵੀ ਵਿਸ਼ੇਸ਼ ਰਾਸ਼ੀ ਰੱਖੀ ਗਈ ਹੈ। ਇਸ ਤੋਂ ਇਲਾਵਾ ਬਾਬਾ ਬੁੱਢਾ ਚੈਰੀਟੇਬਲ ਹਸਪਤਾਲ ਬੀੜ ਸਾਹਿਬ ਲਈ 1 ਕਰੋੜ 5 ਲੱਖ ਰੁਪਏ ਦਾ ਪ੍ਰਬੰਧ ਕੀਤਾ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਇਹ ਵੀ ਜ਼ਿਕਰ ਕੀਤਾ ਕਿ ਹਰਿਆਣਾ ਸਥਿਤ ਸ਼ਾਹਬਾਦ ਮਾਰਕੰਡਾ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸਥਾਪਤ ਕੀਤੇ ਗਏ ਮੀਰੀ ਪੀਰੀ ਮੈਡੀਕਲ ਕਾਲਜ ਲਈ ਵੀ 8 ਕਰੋੜ ਰੁਪਏ ਰੱਖੇ ਹਨ। ਉਨ੍ਹਾਂ ਦੱਸਿਆ ਕਿ ਭਾਵੇਂ ਇਸ ਮੈਡੀਕਲ ਕਾਲਜ ਨੂੰ ਮੁਕੰਮਲ ਰੂਪ ਵਿਚ ਆਰੰਭਣ ਨੂੰ ਕਈ ਮੁਸ਼ਕਲਾਂ ਦਰਪੇਸ਼ ਰਹੀਆਂ ਹਨ

ਪਰੰਤੂ ਆਸ ਹੈ ਕਿ ਇਹ ਅਗਲੇ ਸਾਲ ਤੋਂ ਬਕਾਇਦਾ ਸ਼ੁਰੂ ਕੀਤਾ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਲੋੜੀਂਦੀ ਮਸ਼ੀਨਰੀ ਅਤੇ ਹੋਰ ਖਰਚਿਆਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਇਸ ਨਾਲ ਸਬੰਧਤ ਅਦਾਰਿਆਂ ਦਾ ਬਜਟ ਸਮੁੱਚੇ ਰੂਪ ਵਿਚ ਸੰਗਤ ਵੱਲੋਂ ਭੇਟਾ ਕੀਤੀ ਜਾਂਦੀ ਮਾਇਆ ਅਤੇ ਦਸਵੰਧ ’ਤੇ ਹੀ ਨਿਰਭਰ ਕਰਦਾ ਹੈ। ਉਨ੍ਹਾਂ ਕਿਹਾ ਕਿ ਬਹੁਤ ਸੀਮਤ ਸਾਧਨਾਂ ਵਿਚ ਸਿੱਖ ਸੰਸਥਾ ਵੱਲੋਂ ਧਰਮ ਪ੍ਰਚਾਰ, ਵਿਦਿਆ, ਸਿਹਤ ਸੇਵਾਵਾਂ ਅਤੇ ਪੰਥ ਭਲਾਈ ਤੇ ਮਾਨਵ ਹਿੱਤਕਾਰੀ ਕਾਰਜ ਕੀਤੇ ਜਾਂਦੇ ਹਨ।

ਜਿਹੜੇ ਕੰਮ ਸਰਕਾਰਾਂ ਦੇ ਕੀਤੇ ਜਾਣ ਵਾਲੇ ਹਨ, ਸ਼੍ਰੋਮਣੀ ਕਮੇਟੀ ਉਨ੍ਹਾਂ ਵਿਚ ਵੀ ਮੋਹਰੀ ਭੂਮਿਕਾ ਅਦਾ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਦਾ ਬਜਟ ਪੰਜਾਬ ਸਰਕਾਰ ਦੇ ਮੁਕਾਬਲੇ 1 ਫੀਸਦੀ ਤੋਂ ਘੱਟ ਹੈ, ਜਦਕਿ ਕੁਝ ਲੋਕਾਂ ਵੱਲੋਂ ਜਾਣਬੁਝ ਕੇ ਇਹ ਬਿਰਤਾਂਤ ਸਿਰਜਿਆ ਜਾਂਦਾ ਹੈ ਕਿ ਸ਼੍ਰੋਮਣੀ ਕਮੇਟੀ ਦਾ ਬਜਟ ਪੰਜਾਬ ਸਰਕਾਰ ਤੋਂ ਵੱਧ ਹੈ। ਉਨ੍ਹਾਂ ਵਚਨਬੱਧਤਾ ਪ੍ਰਗਟਾਈ ਕਿ ਸਿੱਖ ਸੰਸਥਾ ਸੰਗਤ ਦੇ ਸਹਿਯੋਗ ਨਾਲ ਸਿੱਖੀ ਦੇ ਪ੍ਰਚਾਰ ਪ੍ਰਸਾਰ ਦੇ ਨਾਲ-ਨਾਲ ਕੌਮੀ ਮੁੱਦਿਆਂ ’ਤੇ ਆਪਣੀ ਗਤੀਸ਼ੀਲਤਾ ਬਣਾਈ ਰੱਖੇਗੀ ਅਤੇ ਕੌਮ ਦੀ ਚੜ੍ਹਦੀ ਕਲਾ ਲਈ ਕੀਤੇ ਜਾਣ ਵਾਲੇ ਕਾਰਜਾਂ ਵਿਚ ਦੋ ਕਦਮ ਅੱਗੇ ਰਹੇਗੀ।

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement