
ਕਿਹਾ - ਦੇਰ ਨਾਲ ਹੀ ਸਹੀ ਪਰ 9 ਸਿੱਖ ਸਿਆਸੀ ਕੈਦੀਆਂ ਨੂੰ ਵਿਸ਼ੇਸ਼ ਰਾਹਤ ਦੇਣ ਦਾ ਦਰੁਸਤ ਫ਼ੈਸਲਾ ਲਿਆ ਗਿਆ
ਅੰਮ੍ਰਿਤਸਰ : ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵਲੋਂ ਦੇਸ਼ ਦੀਆਂ ਵੱਖ-ਵੱਖ ਜੇਲਾਂ ਵਿਚ ਬੰਦ 9 ਸਿੱਖ ਸਿਆਸੀ ਕੈਦੀਆਂ ਨੂੰ ਵਿਸ਼ੇਸ਼ ਰਾਹਤ ਦੇਣ ਪ੍ਰਤੀ ਲਏ ਗਏ ਫ਼ੈਸਲੇ ਦਾ ਸਵਾਗਤ ਕੀਤਾ ਹੈ ਅਤੇ ਕਿਹਾ ਕਿ ਦੇਰ ਨਾਲ ਹੀ ਸਹੀ ਪਰ ਦਰੁਸਤ ਫ਼ੈਸਲਾ ਲਿਆ ਗਿਆ ਹੈ।
Harnam Singh Khalsa
ਦਮਦਮੀ ਟਕਸਾਲ ਸਮੇਤ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਦੇਸ਼ ਦੀਆਂ ਵੱਖ-ਵੱਖ ਜੇਲਾਂ ਵਿਚ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਬੰਦ ਸਿੱਖ ਕੈਦੀਆਂ ਦੀ ਰਿਹਾਈ ਲਈ ਪਹਿਰਵਾਈ ਕਰਦਿਆਂ ਕੇਂਦਰ ਸਰਕਾਰ ਤਕ ਸਮੇਂ ਸਮੇਂ ਪਹੁੰਚ ਕਰਦੀਆਂ ਰਹੀਆਂ ਹਨ ਅਤੇ 22 ਕੈਦੀਆਂ ਪ੍ਰਤੀ ਵੇਰਵਿਆਂ ਸਹਿਤ ਸੂਚੀ ਸੌਪੀ ਤੇ ਕਈ ਵਾਰ ਭੇਜੀ ਜਾਂਦੀ ਰਹੀ ਹੈ। ਕੇਂਦਰ ਸਰਕਾਰ ਨੇ ਸਿੱਖ ਭਾਈਚਾਰੇ ਦੀ ਤਰਫੋਂ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਦੇ ਮਦੇਨਜ਼ਰ ਜਿਥੇ 8 ਸਿੱਖ ਕੈਦੀਆਂ ਦੀ ਰਿਹਾਈ ਵਾਲਾ ਸ਼ਲਾਘਾਯੋਗ ਕਦਮ ਚੁਕਿਆ ਹੈ, ਉਥੇ ਇਕ ਜਿਸ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਦਾ ਫ਼ੈਸਲਾ ਲਿਆ ਹੈ, ਉਸ ਸਮੇਤ ਬਾਕੀ ਸਿੱਖ ਕੈਦੀਆਂ ਨੂੰ ਵੀ ਤੁਰਤ ਰਿਹਾਅ ਕਰਨ ਦਾ ਖੁਲ੍ਹਦਿਲੀ ਨਾਲ ਫ਼ੈਸਲਾ ਲਿਆ ਜਾਵੇ ਤਾਕਿ ਉਹ ਸੱਭ ਵੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਉਤਸ਼ਾਹ ਪੂਰਵਕ ਮਨਾ ਸਕਣ।
ਸਿੱਖ ਕੈਦੀਆਂ ਦੀ ਰਿਹਾਈ ਦਾ ਸਵਾਗਤ ਕਰਨ ਵਾਲਿਆਂ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਖ਼ਾਲਸਾ, ਭਾਈ ਅਜੈਬ ਸਿੰਘ ਅਭਿਆਸੀ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਗਿਆਨੀ ਹਰਦੀਪ ਸਿੰਘ ਅਨੰਦਪੁਰ ਸਾਹਿਬ, ਗਿਆਨੀ ਜੀਵਾ ਸਿੰਘ, ਜਥੇਦਾਰ ਸੁਖਦੇਵ ਸਿੰਘ ਅਤੇ ਪ੍ਰੋ: ਸਰਚਾਂਦ ਸਿੰਘ ਵੀ ਸ਼ਾਮਲ ਹਨ।