
ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਗਿਆਨੀ ਹਰਪ੍ਰੀਤ ਸਿੰਘ, ਨਿਤੀਸ਼ ਕੁਮਾਰ ਤੇ ਕੁਲਤਾਰ ਸੰਧਵਾਂ
ਪਟਨਾ - ਅੱਜ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਦੇਸ਼ ਦੁਨੀਆਂ ਵਿਚ ਧੂਮ ਧਾਮ ਨਾਲ ਮਨਾਇਆ ਗਿਆ। ਓਥੇ ਹੀ ਅੱਜ ਬਿਹਾਰ ਵਿਚ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਅਸਥਾਨ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਵੀ ਪ੍ਰਕਾਸ਼ ਪੁਰਬ ਧੂਮ ਧਾਮ ਨਾਲ ਮਨਾਇਆ ਗਿਆ। ਪਟਨਾ ਸਾਹਿਬ ਵਿਖੇ ਮੁੱਖ ਮੰਤਰੀ ਨੀਤੀਸ਼ ਕੁਮਾਰ ਦੇ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਅਤੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਪਹੁੰਚੇ ਅਤੇ ਉਨ੍ਹਾਂ ਨੇ ਸੰਗਤ ਨੂੰ ਵਿਸ਼ੇਸ਼ ਪੁਰਬ ਦੀ ਵਧਾਈ ਦਿੱਤੀ। ਗਿਆਨੀ ਹਰਪ੍ਰੀਤ ਸਿੰਘ ਨੇ ਤਖਤ ਸ਼੍ਰੀ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵੱਲੋਂ ਕੀਤੇ ਗਏ ਇੰਤਜ਼ਾਮਾਂ ਦੀ ਸ਼ਾਲਾਘਾ ਵੀ ਕੀਤੀ।
Giani Harpreet Singh, NItish Kumar
ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਬੋਲਦਿਆਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੀ ਜੋ ਖਾਲਸਾ ਪੰਥ ਨੂੰ ਦੇਣ ਹੈ ਉਸ ਨੂੰ ਨਾ ਤਾਂ ਅੱਖਰਾਂ ਨਾਲ ਲਿਖਿਆ ਜਾ ਸਕਦਾ ਹੈ ਤੇ ਨਾ ਹੀ ਲਫ਼ਜ਼ਾਂ ਨਾਲ ਬਿਆਨ ਕੀਤਾ ਜਾ ਸਕਦਾ ਹੈ। ਗੁਰੂ ਗੋਬਿੰਦ ਸਿੰਘ ਜੀ ਨੇ ਅਪਣਾ ਪਰਿਵਾਰ ਵਾਰ ਕੇ ਸਾਨੂੰ ਪਵਿੱਤਰ ਬਾਣੀ ਨਾਲ ਜੁੜਨ ਦਾ ਸਿਧਾਂਤ ਬਖਸ਼ਿਆ ਹੈ ਤੇ ਉਹਨਾਂ ਦੀ ਇਹ ਦੇਣ ਕਦੇ ਵੀ ਨਹੀਂ ਭੁੱਲੀ ਜਾ ਸਕਦੀ। ਇਸ ਦੇ ਨਾਲ ਹੀ ਉਹਨਾਂ ਨੇ ਲੋਕਾਂ ਨੂੰ ਇਹ ਅਪੀਲ ਕੀਤੀ ਕਿ ਲੋਕਾਂ ਨੂੰ ਲੋੜ ਹੈ ਅੱਜ ਖੰਡੇ ਬਾਟੇ ਦੀ ਪਾਹੁਲ ਛਕ ਕੇ, ਨਸ਼ਿਆਂ ਤੋਂ ਦੂਰ ਰਹਿ ਕੇ ਗੁਰੂ ਦੀ ਬਾਣੀ ਨਾਲ ਜੁੜਨ ਦੀ।
ਇਸ ਦੇ ਨਾਲ ਮੁੱਖ ਮੰਤਰੀ ਨਿਤੀਸ਼ ਕੁਮਾਰ ਜਦੋਂ ਹੀ ਤਖ਼ਤ ਸ੍ਰੀ ਪਟਨਾ ਸਾਹਿ ਵਿਖੇ ਪਹੁੰਚੇ ਤਾਂ ਸਿੱਖ ਸ਼ਰਧਾਲੂਆਂ ਨੇ ਉਹਨਾਂ ਦਾ ਭਰਪੂਰ ਸੁਆਗਤ ਕੀਤਾ। ਨਿਤੀਸ਼ ਕੁਮਾਰ ਨੇ ਦਰਬਾਰ ਸਹਿਬ ਵਿਚ ਆਪਣੀ ਹਾਜ਼ਰੀ ਲਗਵਾਈ ਅਤੇ ਮੱਥਾ ਟੇਕਿਆ। ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਮੁੱਖ ਮੰਤਰੀ ਦਾ ਸਿਰੋਪਾਓ ਪਾ ਕੇ ਸਵਾਗਤ ਕੀਤਾ।
Nitish Kumar
ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਇਸ ਦੌਰਾਨ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਕਿਹਾ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਜੀਵਨ ਤਿਆਗ ਅਤੇ ਸਮਰਪਣ ਪ੍ਰਤੀ ਬੀਤਿਆ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਜੀਵਨ ਤੋਂ ਸਿੱਖਿਆ ਲੈ ਕੇ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ ਅਤੇ ਉਨ੍ਹਾਂ ਦੀਆਂ ਗੱਲਾਂ ਨੂੰ ਆਪਣੇ ਜੀਵਨ 'ਚ ਲਾਗੂ ਕਰਨਾ ਚਾਹੀਦਾ ਹੈ ਤਾਂ ਹੀ ਜੀਵਨ ਸਾਰਥਕ ਹੋਵੇਗਾ।
ਦੱਸ ਦਈਏ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਨੂੰ ਅੱਜ ਇਸ ਖਾਸ ਪੁਰਬ ਮੌਕੇ ਭਾਂਤ-ਭਾਂਤ ਦੇ ਫੁੱਲਾਂ ਨਾਲ ਸਜਾਇਆ ਗਿਆ ਅਤੇ ਇੱਥੇ ਲੰਗਰ ਵੀ ਅਤੁੱਟ ਵਰਤਿਆ। ਸੰਗਤਾਂ ਨੇ ਦੂਰ-ਦੂਰ ਤੋਂ ਆ ਕੇ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ।