
ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਦਮਦਮੀ ਟਕਸਾਲ ਦੀ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਨਾਲ....
ਅੰਮ੍ਰਿਤਸਰ, 3 ਅਗੱਸਤ (ਸੁਖਵਿੰਦਰਜੀਤ ਸਿੰਘ ਬਹੋੜੂ) : ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਦਮਦਮੀ ਟਕਸਾਲ ਦੀ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਨਾਲ ਡੂੰਘੀ ਸਾਂਝ ਰਹੀ ਹੈ ਅਤੇ ਟਕਸਾਲ ਨੇ ਇਨ੍ਹਾਂ ਦੇ ਪ੍ਰਬੰਧਕਾਂ ਨੂੰ ਸਹਿਯੋਗ ਅਤੇ ਸਾਥ ਦਿਤਾ ਹੈ ਜੋ ਭਵਿਖ ਵਿਚ ਵੀ ਜਾਰੀ ਰਹੇਗਾ।
ਉਨ੍ਹਾਂ ਕਿਹਾ ਕਿ ਟਕਸਾਲ ਵਲੋਂ ਸ਼੍ਰੋਮਣੀ ਕਮੇਟੀ ਦੇ ਕਿਸੇ ਵੀ ਅੰਦਰੂਨੀ ਮਾਮਲੇ ਵਿੱਚ ਬੇਲੋੜੀ ਦਖਲ ਅੰਦਾਜ਼ੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਬਡੂੰਗਰ ਸੁਲਝੇ ਹੋਏ ਆਗੂ ਹਨ। ਸ਼੍ਰੋਮਣੀ ਕਮੇਟੀ 'ਤੇ ਦਬਾਅ ਬਣਾਉਣ ਜਾਂ ਮੈਂਬਰੀਆਂ ਹਾਸਲ ਕਰਨ ਦੀ ਦਮਦਮੀ ਟਕਸਾਲ ਅਤੇ ਸੰਤ ਸਮਾਜ ਦੀ ਕਦੀ ਮਨਸ਼ਾ ਨਹੀਂ ਰਹੀ, ਸਗੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਹੀ ਸਵੈ-ਇੱਛਾ ਨਾਲ ਦਮਦਮੀ ਟਕਸਾਲ ਅਤੇ ਸੰਤ ਸਮਾਜ ਦੇ ਨੁਮਾਇੰਦਿਆਂ ਨੂੰ ਪਾਰਟੀ ਟਿਕਟਾਂ ਦਿਤੀਆਂ ਸਨ। ਖ਼ਾਲਸਾ ਮੁਤਾਬਕ ਸ਼੍ਰੋਮਣੀ ਕਮੇਟੀ ਦੇ ਚੀਫ਼ ਸਕੱਤਰ ਦੇ ਅਸਤੀਫ਼ੇ ਨਾਲ ਉਨ੍ਹਾਂ ਦਾ ਕੋਈ ਲੈਣਾ ਦੇਣਾ ਨਹੀਂ ਹੈ, ਸਗੋਂ ਚੀਫ਼ ਸਕੱਤਰ ਆਪ ਕਹਿ ਚੁੱਕੇ ਹਨ ਕਿ ਸ਼੍ਰੋਮਣੀ ਕਮੇਟੀ ਦੇ ਕੰਮਾਂ ਅਤੇ ਰੁਝੇਵਿਆਂ ਕਾਰਨ ਉਨ੍ਹਾਂ ਦਾ ਨਿਜੀ ਅਤੇ ਘਰੇਲੂ ਕਾਰਜ ਪ੍ਰਭਾਵਤ ਹੋ ਰਹੇ ਸਨ ਜਿਸ ਕਾਰਨ ਉਨ੍ਹਾਂ ਸੇਵਾ ਮੁਕਤੀ ਲਈ ਹੈ। ਇਸੇ ਦੌਰਾਨ ਟਕਸਾਲ ਮੁਖੀ ਦੇ ਨੇੜਲੇ ਸੂਤਰਾਂ ਤੋਂ ਪਤਾ ਲਗਾ ਹੈ ਕਿ ਦਮਦਮੀ ਟਕਸਾਲ ਦੇ ਮੁਖੀ ਨੇ ਟਕਸਾਲ ਦੇ ਸਿੰਘਾਂ ਨੂੰ ਸ਼੍ਰੋਮਣੀ ਕਮੇਟੀ ਦੇ ਕੰਮਾਂ 'ਚ ਬੇਲੋੜੀ ਦਖ਼ਲਅੰਦਾਜ਼ੀ ਕਰਨ ਤੋਂ ਸਖ਼ਤੀ ਨਾਲ ਵਰਜਿਆ ਹੋਇਆ ਹੈ।
ਦਰਬਾਰ ਸਾਹਿਬ ਸਮੂਹ ਅੰਦਰ ਬੀਤੇ ਦਿਨੀਂ ਕੁੱਝ ਪਾਠੀ ਸਿੰਘਾਂ ਵਲੋਂ ਕੀਤੇ ਗਏ ਧਰਨਾ ਪ੍ਰਦਰਸ਼ਨ ਨੂੰ ਉਨ੍ਹਾਂ ਦਰਬਾਰ ਸਾਹਿਬ ਅਤੇ ਅਕਾਲ ਤਖ਼ਤ ਦੇ ਸਤਿਕਾਰ ਅਤੇ ਮਰਿਆਦਾ ਦੀ ਘੋਰ ਉਲੰਘਣਾ ਕਰਾਰ ਦਿਤਾ ਹੈ।