
ਗਿਆਨੀ ਹਰਪ੍ਰੀਤ ਸਿੰਘ ਨੇ SGPC ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਣ ਲਈ ਅਪਣਾ ਨਿੱਜੀ ਚੈਨਲ ਬਣਾਉਣ ਲਈ ਕਿਹਾ ਹੈ।
ਅੰਮ੍ਰਿਤਸਰ: ਪੀਟੀਸੀ ਚੈਨਲ ਖ਼ਿਲਾਫ਼ ਸ਼ਿਕਾਇਤਾਂ ਮਿਲਣ ਤੋਂ ਬਾਅਦ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦੇਸ਼-ਵਿਦੇਸ਼ ਵਿਚ ਵਸਦੇ ਸਿੱਖਾਂ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਣ ਲਈ ਅਪਣਾ ਨਿੱਜੀ ਚੈਨਲ ਬਣਾਉਣ ਲਈ ਕਿਹਾ ਹੈ।
ਇਸ ਦੇ ਨਾਲ ਹੀ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਬੁੱਕ ਕਲੱਬ ਪਬਲੀਸ਼ਰ ਦੇ ਮਾਲਕ ਥਮਿੰਦਰ ਸਿੰਘ ਅਨੰਦ ਵੱਲੋਂ ਅਮਰੀਕਾ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਆਗਿਆ ਤੋਂ ਬਿਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਆਪਣੇ ਪੱਧਰ ‘ਤੇ ਆਨ-ਲਾਇਨ / ਆਫ-ਲਾਇਨ ਪ੍ਰਕਾਸ਼ਿਤ ਕੀਤੇ ਗਏ। ਇਸ ਅਤਿ-ਸੰਵੇਦਨਸ਼ੀਲ ਮਾਮਲੇ ਨੂੰ ਵਿਚਾਰਨ ਲਈ ਸਿੱਖ ਵਿਦਵਾਨਾਂ ਦੀ ਸਬ-ਕਮੇਟੀ ਬਣਾਈ ਗਈ ਸੀ, ਜਿਸ ਦੀ ਰਿਪੋਰਟ ਅਨੁਸਾਰ ਥਮਿੰਦਰ ਸਿੰਘ ਵੱਲੋਂ ਆਪਣੀ ਮਰਜੀ ਨਾਲ ਹੀ ਲਗਾਂ-ਮਾਤਰਾਵਾਂ, ਬਿੰਦੀਆਂ ਲਗਾਈਆਂ ਅਤੇ ਹਟਾਈਆਂ ਗਈਆਂ ਹਨ।
ਉਹਨਾਂ ਕਿਹਾ ਕਿ ਥਮਿੰਦਰ ਸਿੰਘ ਨੂੰ ਹਦਾਇਤ ਕੀਤੀ ਗਈ ਹੈ ਕਿ ਉਕਤ ਕਾਰਜ ਨੂੰ ਤੁਰੰਤ ਰੋਕ ਕੇ ਇਸ ਨੂੰ ਸਿੱਖ ਬੁੱਕ ਕਲਬਦੀ ਵੈਬਸਾਇਟ ਅਤੇ ਹੋਰ ਆਨ-ਲਾਇਨ ਪਲੇਟਫਾਰਮਾਂ ਤੋਂ ਹਟਾਇਆ ਜਾਵੇ ਅਤੇ ਨਾਲ ਹੀ ਇਸ ਸਬੰਧੀ ਆਪਣਾ ਸਪੱਸ਼ਟੀਕਰਨ ਇਕ ਮਹੀਨੇ ਦੇ ਅੰਦਰ-ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜਿਆ ਜਾਵੇ।