ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਜੀ ਵੱਲੋਂ ਸੰਗਤਾਂ ਨੂੰ ਦਿੱਤੀ ਗਈ ਵਧਾਈ
ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਰਾਗੀ ਜਥਿਆਂ ਵਲੋਂ ਸ਼ਬਦ ਗਾਇਨ ਕੀਤਾ ਗਿਆ। ਇਸ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ।
ਗੁਰੂ ਹਰਗੋਬਿੰਦ ਸਾਹਿਬ ਜੀ ਦਾ ਜਨਮ ਮਾਤਾ ਗੰਗਾ ਜੀ ਦੀ ਕੁੱਖੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਗ੍ਰਹਿ ਵਿਖੇ ਗੁਰੂ ਕੀ ਵਡਾਲੀ ਵਿਖੇ ਹੋਇਆ। ਉਨ੍ਹਾਂ ਨੂੰ ਸ਼ਸਤਰ ਵਿੱਦਿਆ ਬਾਬਾ ਬੁੱਢਾ ਸਾਹਿਬ ਜੀ ਨੇ ਸਿਖਾਈ। ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਤੋਂ ਪਹਿਲਾਂ, ਉਨ੍ਹਾਂ ਨੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਗੁਰਿਆਈ ਦਿੱਤੀ।
ਗੁਰਿਆਈ ਪ੍ਰਾਪਤ ਕਰਨ ਉਪਰੰਤ, ਗੁਰੂ ਸਾਹਿਬ ਨੇ ਮੀਰੀ ਅਤੇ ਪੀਰੀ, ਯਾਨੀ ਕਿ ਧਰਮ ਅਤੇ ਰਾਜਨੀਤੀ ਦਾ ਸੰਗਮ ਕਰਦਿਆਂ ਦੋ ਤਲਵਾਰਾਂ ਧਾਰਨ ਕੀਤੀਆਂ। ਉਨ੍ਹਾਂ ਨੇ ਖਾਲਸਾ ਫੌਜ ਦੀ ਨੀਂਹ ਰੱਖੀ ਅਤੇ ਲੋਕਾਂ ਨੂੰ ਗੁਲਾਮੀ ਦੀਆਂ ਬੇੜੀਆਂ ਤੋੜਨ ਲਈ ਸ਼ਸਤਰਧਾਰੀ ਹੋਣ ਦਾ ਸੰਦੇਸ਼ ਦਿੱਤਾ।
ਗੁਰੂ ਸਾਹਿਬ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕਰਕੇ ਸਿੱਖ ਕੌਮ ਨੂੰ ਇੱਕ ਨਵੀਂ ਦਿਸ਼ਾ ਦਿੱਤੀ ਅਤੇ ਹਮੇਸ਼ਾ ਅਕਾਲ ਤਖ਼ਤ ਦੇ ਹੁਕਮਾਂ ਦੀ ਪਾਲਣਾ ਕਰਨ ਦਾ ਉਪਦੇਸ਼ ਦਿੱਤਾ।
