
ਇਹ ਸੱਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਖ਼ੁਦ ਜਾ ਕੇ ਦਿਤਾ।
ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦਵਾਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਮੁੱਖ ਸਮਾਗਮ ਲਈ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੂੰ ਅੱਜ ਸੱਦਾ ਪੱਤਰ ਦਿਤਾ ਗਿਆ। ਉਨ੍ਹਾਂ ਨੂੰ ਇਹ ਸੱਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਖ਼ੁਦ ਜਾ ਕੇ ਦਿਤਾ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਨੂੰ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸੱਦੇ ਦਿਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪੰਜਾਬ ਦੇ ਰਾਜਪਾਲ, ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਵੀ ਸੱਦੇ ਦਿਤੇ ਜਾ ਚੁਕੇ ਹਨ।
Gobind Singh Longowal
ਭਾਈ ਲੌਂਗੋਵਾਲ ਨੇ ਦਸਿਆ ਕਿ ਸਿੱਖ ਜਗਤ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਇਤਿਹਾਸਕ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ ਅਤੇ ਸ਼੍ਰੋਮਣੀ ਕਮੇਟੀ ਵਲੋਂ ਇਸ ਮੌਕੇ ਕਰਵਾਏ ਜਾਣ ਵਾਲੇ ਸਾਂਝੇ ਸਮਾਗਮਾਂ ਵਿਚ ਵੱਧ ਤੋਂ ਵੱਧ ਪ੍ਰਮੁੱਖ ਸ਼ਖ਼ਸੀਅਤਾਂ ਤਕ ਸ਼ਮੂਲੀਅਤ ਲਈ ਪਹੁੰਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮੁੱਚੇ ਵਿਸ਼ਵ ਲਈ ਇਕ ਖ਼ਾਸ ਮੌਕਾ ਦਸਦਿਆਂ ਇਸ ਪੁਰਬ ਦੀ ਵਧਾਈ ਦਿਤੀ ਹੈ। ਇਸ ਨਾਲ ਹੀ ਉਨ੍ਹਾਂ ਨੇ ਮੁੱਖ ਸਮਾਗਮ ਸਮੇਂ ਸ਼ਾਮਲ ਹੋਣ ਦਾ ਭੋਰਸਾ ਵੀ ਪ੍ਰਗਟਾਇਆ ਹੈ।