
ਰੰਗ-ਬਿਰੰਗੀਆਂ ਰੌਸ਼ਨੀਆਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜਗਮਗਾ ਉੱਠਿਆ।
Parkash Purab of Guru Ramdas Ji: ਦੁਨੀਆਂ ਭਰ ਵਿਚ ਅੱਜ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਸ਼ਾਮ ਨੂੰ ਸੁੰਦਰ ਦੀਪਮਾਲਾ ਕੀਤੀ ਗਈ, ਜਿਸ ਨੂੰ ਦੇਖਣ ਲਈ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਪਹੁੰਚੀਆਂ। ਰੰਗ-ਬਿਰੰਗੀਆਂ ਰੌਸ਼ਨੀਆਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜਗਮਗਾ ਉੱਠਿਆ।
ਸ੍ਰੀ ਹਰਿਮੰਦਰ ਸਾਹਿਬ ਵਿਖੇ ਬਿਜਲੀ ਦੇ ਬਲਬਾਂ ਦੀਆਂ ਲੜੀਆਂ ਨਾਲ ਅਤਿ ਸੁੰਦਰ ਦੀਪਮਾਲਾ ਕੀਤੀ ਗਈ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਕਿਨਾਰੇ ਦੇਸੀ ਘਿਓ ਦੇ ਦੀਵੇ ਅਤੇ ਰੰਗ ਬਿਰੰਗੀਆਂ ਮੋਮਬੱਤੀਆਂ ਬਾਲ ਕੇ ਪ੍ਰਕਾਸ਼ ਪੁਰਬ ਦੀ ਖੁਸ਼ੀ ਸਾਂਝੀ ਕੀਤੀ ਗਈ। ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਸਮਾਨ 'ਚ ਚੱਲਣ ਵਾਲੀ ਪ੍ਰਦੂਸ਼ਣ ਰਹਿਤ ਆਤਿਸ਼ਬਾਜੀ ਕੀਤੀ ਗਈ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ ਹੈ। ਇਸ ਮੌਕੇ ਵੱਡੀ ਗਿਣਤੀ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ, ਇਸ਼ਨਾਨ ਕਰ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਹਨ।
ਇਸ ਤੋਂ ਪਹਿਲਾਂ ਅੱਜ ਸਵੇਰੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਵੀ ਸਜਾਏ ਗਏ ਸਨ, ਜੋ ਸੰਗਤ ਲਈ ਆਕਰਸ਼ਣ ਦਾ ਕੇਂਦਰ ਬਣੇ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਖ-ਵੱਖ ਤਰ੍ਹਾਂ ਦੇ ਫੁੱਲਾਂ ਨਾਲ ਸਜਾਵਟ ਕੀਤੀ ਗਈ ਹੈ। ਇਸ ਉਪਰੰਤ ਲਗਾਤਾਰ ਸਜਾਏ ਗਏ ਧਾਰਮਕ ਦੀਵਾਨਾਂ ਵਿਚ ਕੌਮ ਦੇ ਮਹਾਨ ਰਾਗੀ, ਢਾਡੀ ਤੇ ਕਵੀਸ਼ਰ ਜੱਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਇਤਿਹਾਸ ਨਾਲ ਜੋੜਿਆ ਹੈ।