
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਕੇਂਦਰੀ ਵਜ਼ੀਰ ਹਰਸਿਮਰਤ ਕੌਰ ਬਾਦਲ ਨੇ ਅੱਜ ਦਰਬਾਰ ਸਾਹਿਬ ਵਿਚ ਮੱਥਾ ਟੇਕਿਆ, ਇਲਾਹੀ ਬਾਣੀ ਦਾ ਕੀਰਤਨ ਸਰਵਨ...
ਅੰਮ੍ਰਿਤਸਰ, 1 ਅਗੱਸਤ (ਸੁਖਵਿੰਦਰਜੀਤ ਸਿੰਘ ਬਹੋੜੂ) : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਕੇਂਦਰੀ ਵਜ਼ੀਰ ਹਰਸਿਮਰਤ ਕੌਰ ਬਾਦਲ ਨੇ ਅੱਜ ਦਰਬਾਰ ਸਾਹਿਬ ਵਿਚ ਮੱਥਾ ਟੇਕਿਆ, ਇਲਾਹੀ ਬਾਣੀ ਦਾ ਕੀਰਤਨ ਸਰਵਨ ਕਰਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ ਪੰਜਾਬ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ 'ਚ ਅਸਫ਼ਲ ਹੋਇਆ ਹੈ। ਉਨ੍ਹਾਂ ਕਿਹਾ ਕਿ ਅੰਨਦਾਤਾ ਖ਼ੁਦਕੁਸ਼ੀਆਂ ਕਰ ਰਿਹਾ ਹੈ, ਕਾਂਗਰਸ ਵਲੋਂ ਕੀਤੇ ਵਾਅਦੇ ਮੁਤਾਬਕ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣੇ ਚਾਹੀਦੇ ਹਨ। ਪੰਜਾਬ ਦੇ ਲੋਕ ਕਾਂਗਰਸ ਨੂੰ ਸੱਤਾ ਸੌਂਪ ਕੇ ਦੁਖੀ ਹੋਏ ਹਨ। ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ 'ਤੇ ਉਨ੍ਹਾਂ ਦੋਸ਼ ਲਾਇਆ ਕਿ ਉਸ ਨੂੰ ਕੰਮ ਕਰਨ ਦਾ ਪਤਾ ਹੀ ਨਹੀਂ ਤੇ ਨਾ ਹੀ ਸਿੱਧੂ ਕੋਲ ਕੋਈ ਯੋਜਨਾ ਹੈ। ਨਵਜੋਤ ਸਿੰਘ ਸਿੱਧੂ ਨੇ ਚਲ ਰਹੇ ਵਿਕਾਸ ਕੰਮ ਬੰਦ ਕਰਵਾਏ ਹਨ। ਉਨ੍ਹਾਂ ਨਵਜੋਤ ਸਿੰਘ ਸਿੱਧੂ ਤੇ ਵਿਅੰਗ ਕਸਦਿਆਂ ਕਿਹਾ ਕਿ ਸਰਕਾਰਾਂ ਚਲਾਉਣੀਆਂ ਬੜੀਆਂ ਔਖੀਆਂ ਹਨ। ਲਾਫ਼ਟਰ ਚੈਨਲ ਨਾਲ ਸਰਕਾਰ ਨਹੀਂ ਚਲਦੀ। ਸੁਖਬੀਰ ਸਿੰਘ ਬਾਦਲ ਨੇ ਸੱਤਾਧਾਰੀ ਕਾਂਗਰਸੀਆਂ 'ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਉਹ ਸਿਆਸੀ ਬਦਲਾਖੋਰੀ ਤੇ ਨਿਜੀ ਕਿੜਾਂ ਕੱਢਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿਰੁਧ ਪਰਚੇ ਦਰਜ ਕਰ ਰਹੇ ਹਨ।