
1984 ਦੀ ਸਿੱਖ ਨਸਲਕੁਸ਼ੀ ਦੀ ਨਿਖੇਧੀ ਕੀਤੀ ਗਈ
ਸ਼੍ਰੋਮਣੀ ਕਮੇਟੀ ਇਜਲਾਸ ਵਿਚ ਵੱਖ-ਵੱਖ ਮਤੇ ਪੇਸ਼ ਕੀਤੇ ਜਿਨ੍ਹਾਂ ਨੂੰ ਸਮੁੱਚੇ ਹਾਊਸ ਨੇ ਪ੍ਰਵਾਨਗੀ ਦਿਤੀ। ਪਿਛਲੇ ਲੰਮੇ ਸਮੇਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲਾਂ ਵਿਚ ਟਾਡਾ ਅਤੇ ਹੋਰ ਕਾਲੇ ਕਾਨੂੰਨਾਂ ਅਧੀਨ ਨਿਰਦੋਸ਼ ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ ਭਾਰਤ ਸਰਕਾਰ ਅਤੇ ਵੱਖ-ਵੱਖ ਰਾਜਾਂ ਦੀਆਂ ਸਰਕਾਰਾਂ ਪਾਸੋਂ ਪੁਰਜ਼ੋਰ ਮੰਗ ਕੀਤੀ ਗਈ। ਜੂਨ 1984 ਵਿਚ ਸ੍ਰੀ ਦਰਬਾਰ ਸਾਹਿਬ ਸਮੂਹ 'ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸਿੱਖ ਰੈਫ਼ਰੈਂਸ ਲਾਇਬ੍ਰੇਰੀ ਦਾ ਖ਼ਜ਼ਾਨਾ ਜੋ ਭਾਰਤੀ ਫ਼ੌਜ ਅਪਣੇ ਨਾਲ ਲੈ ਗਈ ਸੀ, ਨੂੰ ਵਾਪਸ ਕਰਨ ਦੀ ਮੰਗ ਕੀਤੀ ਗਈ। 1984 ਦੀ ਸਿੱਖ ਨਸਲਕੁਸ਼ੀ ਦੀ ਨਿਖੇਧੀ ਕੀਤੀ ਗਈ। 1984 ਕਤਲੇਆਮ ਦੇ ਦੋਸ਼ੀਆਂ ਨੂੰ ਤੁਰਤ ਸਜ਼ਾਵਾਂ ਦਿਤੀਆਂ ਜਾਣ। ਪੰਜਾਬੀ ਮਾਂ ਬੋਲੀ ਨਾਲ ਹੋ ਰਹੇ ਵਿਤਕਰੇ ਵਖਰੇਵੇਂ ਨੂੰ ਖ਼ਤਮ ਕਰਨ ਦੀ ਮੰਗ ਕੀਤੀ ਗਈ। ਪੰਜਾਬ ਅੰਦਰ ਹੀ ਪੰਜਾਬੀ ਮਾਂ ਬੋਲੀ ਨੂੰ ਨੀਵਾਂ ਵਿਖਾਇਆ ਜਾਂਦਾ ਹੈ। ਇਥੋਂ ਤਕ ਕਿ ਪੰਜਾਬੀ ਦੇ ਵਿਕਾਸ ਤੇ ਵਿਸਤਾਰ ਲਈ ਪੰਜਾਬ ਸਰਕਾਰ ਵਲੋਂ ਸਥਾਪਤ ਭਾਸ਼ਾ ਵਿਭਾਗ ਅਪਣੀ ਬਣਦੀ ਜ਼ਿੰਮੇਵਾਰੀ ਨਹੀਂ ਨਿਭਾ ਰਿਹਾ। ਭਾਰਤ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੰਜਾਬ ਹਰਿਆਣਾ ਹਿਮਾਚਲ ਚੰਡੀਗੜ੍ਹ ਅਤੇ ਹੋਰ ਪੰਜਾਬੀ ਵੱਸੋਂ ਵਾਲੇ ਸੂਬਿਆਂ ਵਿਚ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ-ਸਤਿਕਾਰ ਦਿਵਾਉਣ ਲਈ ਉਪਰਾਲੇ ਕੀਤੇ ਜਾਣ।
Budget
ਸਮੁੱਚੇ ਪੰਜਾਬੀਆਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਆਪਣੀ ਮਾਂ ਬੋਲੀ ਪੰਜਾਬੀ ਨਾਲ ਜੁੜ ਕੇ ਬੋਲ ਚਾਲ ਅਤੇ ਲਿਖਤ ਵਿਚ ਸਨਮਾਨਯੋਗ ਰੁਤਬਾ ਦੇਣ। ਗੁ: ਕਰਤਾਰਪੁਰ ਸਾਹਿਬ ਪਾਕਿਸਤਾਨ ਜੋ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਅਸਥਾਨ ਹੈ ਲਈ ਡੇਰਾ ਬਾਬਾ ਨਾਨਕ ਦੀ ਸਰਹੱਦ ਤੋਂ ਕਰਤਾਰਪੁਰ ਸਾਹਿਬ ਤੱਕ ਸੰਗਤ ਲਾਂਘਾ ਦਿਵਾਉਣ ਲਈ ਭਾਰਤ ਸਰਕਾਰ ਤੋਂ ਮੰਗ ਕੀਤੀ ਗਈ। ਫ਼ਿਲਮਾਂ, ਨਾਟਕਾਂ ਅਤੇ ਟੀ.ਵੀ. ਸੀਰੀਅਲਾਂ ਵਿਚ ਸਿੱਖ ਪਾਤਰਾਂ ਨੂੰ ਮਜਾਕਿਆਂ ਲਹਿਜ਼ੇ ਵਿਚ ਪੇਸ਼ ਕਰਨ ਦੀ ਨਿਖੇਧੀ ਕੀਤੀ ਅਤੇ ਭਾਰਤ ਸਰਕਾਰ ਤੋਂ ਮੰਗ ਕੀਤੀ ਗਈ ਕਿ ਇਸ ਚਲਨ ਨੂੰ ਰੋਕਣ ਲਈ ਫ਼ਿਲਮ ਸੈਂਸਰ ਬੋਰਡ ਵਿਚ ਸ਼੍ਰੋਮਣੀ ਕਮੇਟੀ ਦਾ ਇਕ ਨੁਮਾਇੰਦਾ ਸ਼ਾਮਲ ਕੀਤਾ ਜਾਵੇ। ਪੰਜਾਬ ਵਿਚ ਅਨੰਦ ਮੈਰਿਜ ਰਜਿਸਟ੍ਰੇਸ਼ਨ ਰੂਲਜ਼-2016 ਪਾਸ ਕੀਤੇ ਜਾਣ ਤੋਂ ਬਾਅਦ ਵੀ ਇਸ ਰਾਹੀਂ ਸਿੱਖਾਂ ਦੇ ਆਨੰਦ ਕਾਰਜ ਰਜਿਸਟਰਡ ਨਹੀਂ ਹੋ ਰਹੇ।ਭਾਰਤ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੰਜਾਬ ਅੰਦਰ ਇਸ ਐਕਟ ਅਧੀਨ ਰਜਿਸਟ੍ਰੇਸ਼ਨ ਲਾਜ਼ਮੀ ਕੀਤੀ ਜਾਵੇ ਅਤੇ ਜਿਨ੍ਹਾਂ ਸੂਬਿਆਂ ਵਿਚ ਅਨੰਦ ਮੈਰਿਜ ਐਕਟ ਲਾਗੂ ਨਹੀਂ ਹੋਏ, ਉਥੇ ਵੀ ਤੁਰਤ ਲਾਗੂ ਕੀਤੇ ਜਾਣ। ਵਿਦੇਸ਼ਾਂ ਵਿਚ ਸਿੱਖਾਂ 'ਤੇ ਹੋ ਰਹੇ ਨਸਲੀ ਹਮਲਿਆਂ ਸਬੰਧੀ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨਾਲ ਗੱਲਬਾਤ ਕਰਨ ਅਤੇ ਇਸ ਚਲਨ ਨੂੰ ਰੋਕਣ ਲਈ ਭਾਰਤ ਸਰਕਾਰ ਨੂੰ ਅਪੀਲ ਕੀਤੀ ਗਈ।