
ਇਸ ਤੋਂ ਪਹਿਲਾਂ ਕੇਸ ਫਰੀਦਕੋਟ ਦੀ ਅਦਾਲਤ ਵਿਚ ਚੱਲ ਰਿਹਾ ਸੀ।
Behbal Kalan Goli Kand Case: ਚੰਡੀਗੜ੍ਹ : ਪੰਜਾਬ ਹਰਿਆਣਾ ਹਾਈ ਕੋਰਟ ਨੇ 2015 ਦੇ ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਦੋਸ਼ੀ ਪੰਜਾਬ ਦੇ ਸਾਬਕਾ ਪੁਲਿਸ ਸੁਪਰਡੈਂਟ (ਐਸਐਸਪੀ) ਚਰਨਜੀਤ ਸ਼ਰਮਾ ਨੂੰ ਰਾਹਤ ਦਿੰਦਿਆਂ ਇਹ ਕੇਸ ਚੰਡੀਗੜ੍ਹ ਟਰਾਂਸਫਰ ਕਰ ਦਿੱਤਾ ਹੈ। ਚਰਨਜੀਤ ਸ਼ਰਮਾ ਨੇ ਇਸ ਮੰਗ ਨੂੰ ਲੈ ਕੇ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ 'ਚ ਕਿਹਾ ਗਿਆ ਸੀ ਕਿ ਫਰੀਦਕੋਟ 'ਚ ਇਸ ਮਾਮਲੇ ਦੀ ਸੁਣਵਾਈ ਦੌਰਾਨ ਉਸ ਦੀ ਜਾਨ ਨੂੰ ਖ਼ਤਰਾ ਹੈ, ਇਸ ਲਈ ਇਸ ਮਾਮਲੇ ਦੀ ਸੁਣਵਾਈ ਚੰਡੀਗੜ੍ਹ 'ਚ ਸ਼ਿਫਟ ਕੀਤੀ ਜਾਵੇ। ਸਾਲ 2019 'ਚ ਦਾਇਰ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਹਾਈ ਕੋਰਟ ਦੇ ਮੈਜਿਸਟਰੇਟ ਸੰਦੀਪ ਮੌਦਗਿਲ ਨੇ ਮੁਕੱਦਮਾ ਚੰਡੀਗੜ੍ਹ ਤਬਦੀਲ ਕਰਨ ਦਾ ਆਦੇਸ਼ ਜਾਰੀ ਕੀਤਾ ਸੀ।
ਚਰਨਜੀਤ ਸ਼ਰਮਾ ਨੂੰ 2019 'ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਮੋਗਾ ਦੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਸਮੇਤ ਕੁਝ ਪੁਲਿਸ ਅਧਿਕਾਰੀ ਅਤੇ ਰਾਜਨੀਤਿਕ ਆਗੂ ਬਹਿਬਲ ਕਲਾਂ ਅਤੇ ਕੋਟਕਪੂਰਾ ਵਿਚ ਪੰਜਾਬ ਭਰ ਵਿੱਚ ਸਿੱਖਾਂ ਦੇ ਪਵਿੱਤਰ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ ਸੜਕਾਂ 'ਤੇ ਉਤਰੀ ਸੰਗਤ 'ਤੇ ਗੋਲੀਬਾਰੀ ਦੇ ਮਾਮਲੇ ਵਿਚ ਦੋਸ਼ੀ ਸਨ। ਇਸ ਸਬੰਧ ਵਿਚ ਲੰਬੀ ਜਾਂਚ ਤੋਂ ਬਾਅਦ ਵਿਸ਼ੇਸ਼ ਜਾਂਚ ਟੀਮ ਨੇ ਚਰਨਜੀਤ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ ਸੀ। ਸਾਬਕਾ ਐਸਐਸਪੀ ਨੂੰ ਅਕਤੂਬਰ 2015 ਵਿੱਚ ਬਹਿਬਲ ਕਲਾਂ ਗੋਲੀਕਾਂਡ ਕੇਸ ਵਿਚ ਮੁੱਖ ਦੋਸ਼ੀ ਬਣਾਇਆ ਗਿਆ ਹੈ। ਪੁਲਿਸ ਗੋਲੀਬਾਰੀ ਵਿੱਚ ਦੋ ਸਿੱਖ ਨੌਜਵਾਨ ਮਾਰੇ ਗਏ ਸਨ।
ਯਾਦ ਰਹੇ ਕਿ ਹਾਈ ਕੋਰਟ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਉਸ ਤੋਂ ਬਾਅਦ 2015 ਵਿਚ ਬਹਿਬਲ ਕਲਾਂ ਗੋਲੀਕਾਂਡ ਦੇ ਦੋਸ਼ੀ ਪੁਲਿਸ ਅਧਿਕਾਰੀਆਂ ਵਿਰੁੱਧ ਐਸਆਈਟੀ ਜਾਂਚ ਨੂੰ ਮਨਜ਼ੂਰੀ ਦਿੱਤੀ ਸੀ। ਪੰਜਾਬ ਵਿਧਾਨ ਸਭਾ ਨੇ ਇਨ੍ਹਾਂ ਮਾਮਲਿਆਂ ਦੀ ਜਾਂਚ ਸੀਬੀਆਈ ਤੋਂ ਵਾਪਸ ਲੈ ਕੇ ਐਸਆਈਟੀ ਨੂੰ ਸੌਂਪਣ ਦਾ ਮਤਾ ਪਾਸ ਕੀਤਾ ਸੀ।
ਇਨ੍ਹਾਂ ਮਾਮਲਿਆਂ ਦੀ ਜਾਂਚ ਲਈ ਕੈਪਟਨ ਸਰਕਾਰ ਨੇ 30 ਜੂਨ, 2018 ਨੂੰ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਦੀ ਅਗਵਾਈ ਹੇਠ ਇਕ ਕਮਿਸ਼ਨ ਦਾ ਗਠਨ ਕੀਤਾ ਸੀ। ਅਦਾਲਤ ਨੇ ਕਮਿਸ਼ਨ ਦੀ ਰਿਪੋਰਟ ਨੂੰ ਵੀ ਬਰਕਰਾਰ ਰੱਖਿਆ ਹੈ। ਇਸ ਤੋਂ ਪਹਿਲਾਂ ਅਕਾਲੀ-ਭਾਜਪਾ ਸਰਕਾਰ ਵਿਚ 29 ਜੂਨ 2016 ਨੂੰ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦਾ ਗਠਨ ਵੀ ਕੀਤਾ ਗਿਆ ਸੀ।
ਬਾਕਸ
ਡੇਰਾ ਮੁਖੀ ਦਾ ਮੁਕੱਦਮਾ ਵੀ ਫਰੀਦਕੋਟ ਅਦਾਲਤ ਤੋਂ ਚੰਡੀਗੜ੍ਹ ਤਬਦੀਲ ਕਰ ਦਿੱਤਾ ਗਿਆ ਸੀ। ਪਿਛਲੇ ਸਾਲ ਸੁਪਰੀਮ ਕੋਰਟ ਨੇ ਡੇਰਾ ਮੁਖੀ ਦੀ ਸੁਣਵਾਈ ਫਰੀਦਕੋਟ ਅਦਾਲਤ ਤੋਂ ਚੰਡੀਗੜ੍ਹ ਤਬਦੀਲ ਕਰ ਦਿੱਤੀ ਸੀ।
ਸਾਲ 2015 ਦੇ ਬਰਗਾੜੀ ਬੇਅਦਬੀ ਮਾਮਲੇ ਵਿਚ ਤਿੰਨ ਐਫਆਈਆਰ ਦਰਜ ਕੀਤੀਆਂ ਗਈਆਂ ਸਨ, ਜਿਸ ਵਿਚ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਸਿੰਘ ਖਿਲਾਫ ਚਾਰਜਸ਼ੀਟ ਤੈਅ ਕੀਤੀ ਗਈ ਹੈ। ਪਿਛਲੇ ਸਾਲ ਫਰਵਰੀ ਵਿੱਚ ਸੁਪਰੀਮ ਕੋਰਟ ਨੇ ਇਸ ਕੇਸ ਦੀ ਸੁਣਵਾਈ ਫਰੀਦਕੋਟ ਅਦਾਲਤ ਤੋਂ ਚੰਡੀਗੜ੍ਹ ਤਬਦੀਲ ਕਰ ਦਿੱਤੀ ਸੀ।