
ਕਿਹਾ- ਅਜਿਹਾ ਕਰਨ ਨਾਲ ਸੰਗਤ ਦੀ ਸ਼ਰਧਾ ਨੂੰ ਪਹੁੰਚਦੀ ਹੈ ਠੇਸ
ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈਆਂ ਸਨ ਅਤੇ ਪੰਜਾਬ ਦੇ ਮੁੱਖ ਮੰਤਰੀ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਸਨ। ਇਸ ਤੋਂ ਬਾਅਦ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ ਜਿਸ ਵਿਚ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵੀ.ਆਈ.ਪੀ. ਦਾਖ਼ਲੇ ਰਾਹੀਂ ਮੱਥਾ ਟੇਕਣ 'ਤੇ ਇਤਰਾਜ਼ ਜਤਾਇਆ ਹੈ।
ਉਨ੍ਹਾਂ ਨੇ ਕਿਹਾ ਕਿ ਗੁਰੂ ਘਰ ਆਉਣਾ ਸਾਰਿਆਂ ਦਾ ਹੱਕ ਹੈ ਅਤੇ ਆਉਣਾ ਵੀ ਚਾਹੀਦਾ ਹੈ ਪਰ ਰਸਤੇ ਬੰਦ ਕਰ ਕੇ ਸੰਗਤ ਨੂੰ ਪ੍ਰੇਸ਼ਾਨ ਕਰਨਾ ਠੀਕ ਨਹੀਂ। ਇਸ ਨਾਲ ਸੰਗਤ ਦੀ ਸ਼ਰਧਾ ਨੂੰ ਠੇਸ ਪਹੁੰਚਦੀ ਹੈ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਵੀ ਸੰਗਤ ਦੇ ਰੂਪ ਵਿਚ ਗੁਰੂ ਘਰ ਆਉਣਾ ਚਾਹੀਦਾ ਹੈ ਨਾ ਕਿ ਸਾਰੇ ਰਸਤੇ ਬੰਦ ਕਰ ਕੇ ਸੰਗਤ ਦੀ ਪ੍ਰੇਸ਼ਾਨੀ ਦਾ ਸਬੱਬ ਬਣਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਵਿੱਚ ਵੀ ਅਜਿਹਾ ਹੀ ਹੋਇਆ ਸੀ।
ਜਿਸ ਦੇ ਮੱਦੇਨਜ਼ਰ ਅੰਤਰਿਮ ਕਮੇਟੀ ਨੇ ਮੀਟਿੰਗ ਬੁਲਾ ਕੇ ਫੈਸਲਾ ਲੈਂਦਿਆਂ ਸਿਆਸਤਦਾਨਾਂ ਨੂੰ ਗੁਰੂਘਰਾਂ ਵਿੱਚ ਮੱਥਾ ਟੇਕਣ ਮੌਕੇ ਸੰਗਤਾਂ ਨੂੰ ਪ੍ਰੇਸ਼ਾਨ ਨਾ ਕਰਨ ਦੀ ਅਪੀਲ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਐਤਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਗਿਆ ਸੀ ।
ਜਿਸ ਵਿੱਚ ਸ਼ਾਮ ਦੇ ਸਮੇਂ CM ਭਗਵੰਤ ਮਾਨ ਆਪਣੀ ਪਤਨੀ ਡਾ: ਗੁਰਪ੍ਰੀਤ ਕੌਰ ਅਤੇ ਪਰਿਵਾਰ ਸਮੇਤ ਸ੍ਰੀ ਦਰਬਾਰ ਨਤਮਸਤਕ ਹੋਏ ਸਨ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤੇ ਵੀ ਬੰਦ ਕਰ ਦਿੱਤੇ ਸਨ ਅਤੇ ਮੁੱਖ ਮੰਤਰੀ ਲਈ ਹਰਿਮੰਦਰ ਸਾਹਿਬ ਪਲਾਜ਼ਾ ਵਿਖੇ ਸੰਗਤ ਨੂੰ ਵੀ ਰੋਕ ਲਿਆ ਗਿਆ ਸੀ। ਜਿਸ ‘ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਤਰਾਜ਼ ਜਤਾਇਆ ਹੈ।