
ਇੰਫ਼ਾਲ, 2 ਫ਼ਰਵਰੀ (ਸਸਸ): ਮਣੀਪੁਰ ਦੇ ਮੁੱਖ ਮੰਤਰੀ ਐਨ. ਬੀਰੇਨ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਸਿਖਿਆਵਾਂ ਨੂੰ ਘਰ-ਘਰ ਪਹੁੰਚਾਉਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਬਣਦੀ ਹੈ। ਇੰਫ਼ਾਲ ਵਿਚ ਸਥਿਤ ਮੁੱਖ ਮੰਤਰੀ ਰਿਹਾਇਸ਼ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਸਾਲ ਨੂੰ ਸਮਰਪਤ ਕਰਵਾਏ ਗਏ ਇਕ ਸਾਮਗਮ ਵਿਚ ਉਨ੍ਹਾ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਸਿਖਿਆਵਾਂ ਨੂੰ ਮਣੀਪੁਰ ਦੇ ਸਕੂਲੀ ਪਾਠਕ੍ਰਮ ਵਿਚ ਸ਼ਾਮਲ ਕਰਨ ਲਈ ਪਾਰਟੀ ਦੇ ਅਪਣੇ ਸਾਥੀਆਂ ਨਾਲ ਗੱਲ ਕਰਨਗੇ।
ਇਸ ਮੌਕੇ ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਗਿ. ਇਕਬਾਲ ਸਿੰਘ ਨੇ ਗੁਰੂ ਗੋਬਿੰਦ ਸਿੰਘ ਜੀ ਨੂੰ ਦੇਸ਼ ਦੀ ਆਨ-ਬਾਨ-ਸ਼ਾਨ ਦਾ ਰਖਿਅਕ ਦਸਦਿਆਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਅਤੇ ਦੇਸ਼ ਦੇ ਲੋਕਾਂ ਨੂੰ ਉਨ੍ਹਾਂ ਦੇ ਵਿਚਾਰਾਂ ਤੋਂ ਜਾਣੂ ਕਰਵਾਇਆ ਜਾਣਾ ਚਾਹੀਦਾ ਹੈ। ਇਸ ਸਮਾਗਮ ਵਿਚ ਰਾਸ਼ਟਰੀ ਸਿੱਖ ਸੰਗਤ ਦੇ ਮੈਂਬਰ ਡਾ. ਅਵਤਾਰ ਸਿੰਘ ਸ਼ਾਸਤਰੀ, ਮਣੀਪੁਰ ਕੈਬਨਿਟ ਵਿਚ ਪੇਂਡੂ ਤੇ ਪੰਚਾਇਤੀ ਵਿਕਾਸ ਮੰਤਰੀ ਮੰਤਰੀ ਟੀ. ਵਿਸ਼ਵਜੀਤ ਸਿੰਘ, ਖੇਡ ਮੰਤਰੀ ਐਲ. ਹੋਕਿਪ ਸਮੇਤ ਮੌਜੂਦ ਸੰਗਤ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਸਿਖਿਆਵਾਂ ਨੂੰ ਘਰ-ਘਰ ਪਹੁੰਚਾਉਣ ਦਾ ਪ੍ਰਣ ਕੀਤਾ।