
ਸੋਰਠਿ ਮਹਲਾ ੯ ॥
ਸੋਰਠਿ ਮਹਲਾ ੯ ॥
ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥
ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥
ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥
ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥
ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥
ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥
ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥
ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥
ਸੋਮਵਾਰ, ੧੯ ਮਾਘ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੬੩੨)
Darbar sahib
ਪੰਜਾਬੀ ਵਿਆਖਿਆ:
ਸੋਰਠਿ ਮਹਲਾ ੯ ॥
ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ । ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ।ਰਹਾਉ।
Darbar sahib
ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ ।੧। ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ । ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ ।੨।
Guru Granth Sahib Ji
ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ । ਨਾਨਕ ਆਖਦਾ ਹੈ—(ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ । ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ ।੩।੪।