
ਗੂਜਰੀ ਮਹਲਾ ੫ ॥
ਗੂਜਰੀ ਮਹਲਾ ੫ ॥
ਮਤਾ ਕਰੈ ਪਛਮ ਕੈ ਤਾਈ ਪੂਰਬ ਹੀ ਲੈ ਜਾਤ ॥
ਖਿਨ ਮਹਿ ਥਾਪਿ ਉਥਾਪਨਹਾਰਾ ਆਪਨ ਹਾਥਿ ਮਤਾਤ ॥੧॥
ਸਿਆਨਪ ਕਾਹੂ ਕਾਮਿ ਨ ਆਤ ॥
ਜੋ ਅਨਰੂਪਿਓ ਠਾਕੁਰਿ ਮੇਰੈ ਹੋਇ ਰਹੀ ਉਹ ਬਾਤ ॥੧॥ ਰਹਾਉ ॥
ਦੇਸੁ ਕਮਾਵਨ ਧਨ ਜੋਰਨ ਕੀ ਮਨਸਾ ਬੀਚੇ ਨਿਕਸੇ ਸਾਸ ॥
ਲਸਕਰ ਨੇਬ ਖਵਾਸ ਸਭ ਤਿਆਗੇ ਜਮ ਪੁਰਿ ਊਠਿ ਸਿਧਾਸ ॥੨॥
ਹੋਇ ਅਨੰਨਿ ਮਨਹਠ ਕੀ ਦ੍ਰਿੜਤਾ ਆਪਸ ਕਉ ਜਾਨਾਤ ॥
ਜੋ ਅਨਿੰਦੁ ਨਿੰਦੁ ਕਰਿ ਛੋਡਿਓ ਸੋਈ ਫਿਰਿ ਫਿਰਿ ਖਾਤ ॥੩॥
ਸਹਜ ਸੁਭਾਇ ਭਏ ਕਿਰਪਾਲਾ ਤਿਸੁ ਜਨ ਕੀ ਕਾਟੀ ਫਾਸ ॥
ਕਹੁ ਨਾਨਕ ਗੁਰੁ ਪੂਰਾ ਭੇਟਿਆ ਪਰਵਾਣੁ ਗਿਰਸਤ ਉਦਾਸ ॥੪॥੪॥੫॥
ਸ਼ੁੱਕਰਵਾਰ, ੧੭ ਅੱਸੂ (ਸੰਮਤ ੫੫੨ ਨਾਨਕਸ਼ਾਹੀ) ੨ ਅਕਤੂਬਰ, ੨੦੨੦ (ਅੰਗ: ੪੯੬)
ਪੰਜਾਬੀ ਵਿਆਖਿਆ:
ਗੂਜਰੀ ਮਹਲਾ ੫ ॥
ਹੇ ਭਾਈ! ਮਨੁੱਖ ਪੱਛਮ ਵਲ ਜਾਣ ਦੀ ਸਲਾਹ ਬਣਾਂਦਾ ਹੈ, ਪਰਮਾਤਮਾ ਉਸ ਨੂੰ ਚੜ੍ਹਦੇ ਪਾਸੇ ਲੈ ਤੁਰਦਾ ਹੈ । ਹੇ ਭਾਈ! ਪਰਮਾਤਮਾ ਇਕ ਖਿਨ ਵਿਚ ਪੈਦਾ ਕਰ ਕੇ ਨਾਸ ਕਰਨ ਦੀ ਤਾਕਤ ਰੱਖਣ ਵਾਲਾ ਹੈ । ਹਰੇਕ ਫ਼ੈਸਲਾ ਉਸ ਨੇ ਆਪਣੇ ਹੱਥ ਵਿਚ ਰੱਖਿਆ ਹੁੰਦਾ ਹੈ ।੧।
Darbar Sahib
(ਹੇ ਭਾਈ! ਮਨੁੱਖ ਦੀ ਆਪਣੀ) ਚਤੁਰਾਈ ਕਿਸੇ ਕੰਮ ਨਹੀਂ ਆਉਂਦੀ । ਜੋ ਗੱਲ ਮੇਰੇ ਠਾਕੁਰ ਨੇ ਮਿਥੀ ਹੁੰਦੀ ਹੈ ਉਹੀ ਹੋ ਕੇ ਰਹਿੰਦੀ ਹੈ ।੧।ਰਹਾਉ। (ਵੇਖ, ਹੇ ਭਾਈ!) ਹੋਰ ਦੇਸ ਮੱਲਣ ਤੇ ਧਨ ਇਕੱਠਾ ਕਰਨ ਦੀ ਲਾਲਸਾ ਦੇ ਵਿੱਚ ਹੀ ਮਨੁੱਖ ਦੇ ਪ੍ਰਾਣ ਨਿਕਲ ਜਾਂਦੇ ਹਨ, ਫ਼ੌਜਾਂ ਅਹਿਲਕਾਰ ਚੋਬਦਾਰ ਆਦਿਕ ਸਭ ਨੂੰ ਛੱਡ ਕੇ ਉਹ ਪਰਲੋਕ ਵਲ ਤੁਰ ਪੈਂਦਾ ਹੈ । (ਉਸ ਦੀ ਆਪਣੀ ਸਿਆਣਪ ਧਰੀ ਦੀ ਧਰੀ ਰਹਿ ਜਾਂਦੀ ਹੈ) ।੨।
Darbar Sahib
(ਦੂਜੇ ਪਾਸੇ ਵੇਖੋ ਉਸ ਦਾ ਹਾਲ ਜੋ ਆਪਣੇ ਵੱਲੋਂ ਦੁਨੀਆ ਛੱਡ ਚੁਕਾ ਹੈ) ਆਪਣੇ ਮਨ ਦੇ ਹਠ ਦੀ ਪਕਿਆਈ ਦੇ ਆਸਰੇ ਮਾਇਆ ਵਾਲਾ ਪਾਸਾ ਛੱਡ ਕੇ (ਗ੍ਰਿਹਸਤ ਤਿਆਗ ਕੇ, ਇਸ ਨੂੰ ਬੜਾ ਸ੍ਰੇਸ਼ਟ ਕੰਮ ਸਮਝ ਕੇ ਤਿਆਗੀ ਬਣਿਆ ਹੋਇਆ ਉਹ ਮਨੁੱਖ) ਆਪਣੇ ਆਪ ਨੂੰ ਵੱਡਾ ਜਤਾਂਦਾ ਹੈ ਇਹ ਗ੍ਰਿਹਸਤ ਨਿੰਦਣ-ਜੋਗ ਨਹੀਂ ਸੀ ਪਰ ਇਸ ਨੂੰ ਨਿੰਦਣ-ਜੋਗ ਮਿਥ ਕੇ ਇਸ ਨੂੰ ਛੱਡ ਦੇਂਦਾ ਹੈ (ਛੱਡ ਕੇ ਭੀ) ਮੁੜ ਮੁੜ (ਗ੍ਰਿਹਸਤੀਆਂ ਪਾਸੋਂ ਹੀ ਲੈ ਲੈ ਕੇ) ਖਾਂਦਾ ਹੈ ।੩।
Darbar Sahib
(ਸੋ, ਨਾਹ ਧਨ-ਪਦਾਰਥ ਇਕੱਠਾ ਕਰਨ ਵਾਲੀ ਚਤੁਰਾਈ ਕਿਸੇ ਕੰਮ ਹੈ ਤੇ ਨਾਹ ਹੀ ਤਿਆਗ ਦਾ ਮਾਣ ਕੋਈ ਲਾਭ ਪੁਚਾਂਦਾ ਹੈ) ਉਹ ਪਰਮਾਤਮਾ ਆਪਣੇ ਸੁਭਾਵਿਕ ਪਿਆਰ ਦੀ ਪ੍ਰੇਰਨਾ ਨਾਲ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ ਉਸ ਮਨੁੱਖ ਦੀ (ਮਾਇਆ ਦੇ ਮੋਹ ਦੀ) ਫਾਹੀ ਕੱਟ ਦੇਂਦਾ ਹੈ । ਹੇ ਨਾਨਕ! ਆਖ—ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਹ ਗ੍ਰਿਹਸਤ ਵਿਚ ਰਹਿੰਦਾ ਹੋਇਆ ਮਾਇਆ ਵਲੋਂ ਨਿਰਮੋਹ ਹੋ ਕੇ ਪਰਮਾਤਮਾ ਦੀ ਹਜ਼ੂਰੀ ਵਿਚ ਕਬੂਲ ਹੋ ਜਾਂਦਾ ਹੈ ।੪।੪।੫।