ਅੱਜ ਦਾ ਹੁਕਮਨਾਮਾ (3 ਫਰਵਰੀ 2023)
Published : Feb 3, 2023, 7:31 am IST
Updated : Feb 3, 2023, 7:33 am IST
SHARE ARTICLE
Hukamnama Sahib
Hukamnama Sahib

ਧਨਾਸਰੀ ਮਹਲਾ ੧ ॥

ਧਨਾਸਰੀ ਮਹਲਾ ੧ ॥

ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥

ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥

ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥

ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥

ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥

ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥

ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥

ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥

ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥

ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥

ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥

ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥

ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥

ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥

ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥

ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥

ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥

ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥

ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥

ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥

ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥

ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥

ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥

ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥

ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥

ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥

ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥

ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥

ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥

ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥

ਸ਼ੁੱਕਰਵਾਰ, ੨੧ ਮਾਘ (ਸੰਮਤ ੫੫੪ ਨਾਨਕਸ਼ਾਹੀ) ੩ ਫਰਵਰੀ, ੨੦੨੩ (ਅੰਗ: ੬੮੮)

ਪੰਜਾਬੀ ਵਿਆਖਿਆ:

ਧਨਾਸਰੀ ਮਹਲਾ ੧ ॥

ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ । ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ । ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ । ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ । ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ । ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ ।

 

ਹੇ ਨਾਨਕ! (ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ—ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼) ।੧। ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖ਼ਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ) । ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ ।

 

ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ । ਉਹ ਮਨੁੱਖ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ । ਉਹ ਮਨੁੱਖ ਰਜ਼ਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ । ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤਿ-ਸਾਲਾਹ (ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ । ਹੇ ਨਾਨਕ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ ।

 

(ਉਸ ਦੇ ਦਰ ਤੇ ਅਰਦਾਸ ਕਰ ਤੇ ਆਖ—) ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ ।੨। ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ । ਇਕੋ ਸਿਰਜਣਹਾਰ ਹੀ (ਸਾਰੇ ਜਗਤ ਦਾ) ਮਾਲਕ ਹੈ, ਉਸ ਨੇ (ਜੰਮਣਾ ਤੇ ਮਰਨਾ) ਦੋ ਰਸਤੇ ਚਲਾਏ ਹਨ । (ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ) ਝਗੜੇ ਵਧਦੇ ਹਨ । ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, (ਉਸੇ ਦੇ ਹੁਕਮ ਅਨੁਸਾਰ) ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ । (ਜੀਵ ਨਾਮ ਨੂੰ ਭੁਲਾ ਕੇ ਮਾਇਆ ਦੇ ਮੋਹ ਦਾ) ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, (ਤੇ ਇਹ ਨਹੀਂ ਸਮਝਦਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ । ਜੀਵ (ਪਰਮਾਤਮਾ ਦੇ) ਹੁਕਮ ਅਨੁਸਾਰ (ਜਗਤ ਵਿਚ) ਆਉਂਦਾ ਹੈ, (ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ) ਹੁਕਮ ਨੂੰ ਸਮਝਦਾ ਨਹੀਂ ।

 

ਪ੍ਰਭੂ ਆਪ ਹੀ ਜੀਵ ਨੂੰ ਆਪਣੇ ਹੁਕਮ ਅਨੁਸਾਰ (ਸਿੱਧੇ ਰਾਹ ਪਾ ਕੇ) ਸਵਾਰਨ ਦੇ ਸਮਰਥ ਹੈ । ਹੇ ਨਾਨਕ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ ।੩। ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਦੇ ਹਨ, ਕਿਉਂਕਿ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦੇ ਹਨ । ਉਹ ਬੰਦੇ ਆਤਮਕ ਜੀਵਨ ਦੇਣ ਵਾਲੀ ਬਾਣੀ ਆਪਣੀ ਜੀਭ ਨਾਲ ਉਚਾਰਦੇ ਰਹਿੰਦੇ ਹਨ, ਜੀਵ ਨੂੰ ਉਸ ਬਾਣੀ ਨਾਲ ਇਕ-ਰਸ ਕਰ ਲੈਂਦੇ ਹਨ ।

 

ਭਗਤ-ਜਨ ਪ੍ਰਭੂ ਦੇ ਨਾਮ ਨਾਲ ਜੀਭ ਨੂੰ ਰਸਾ ਲੈਂਦੇ ਹਨ, ਨਾਮ ਵਿਚ ਜੁੜ ਕੇ (ਨਾਮ ਵਾਸਤੇ ਉਹਨਾਂ ਦੀ) ਪਿਆਸ ਵਧਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਪ੍ਰਭੂ-ਨਾਮ ਤੋਂ ਸਦਕੇ ਹੁੰਦੇ ਹਨ (ਨਾਮ ਦੀ ਖ਼ਾਤਰ ਹੋਰ ਸਭ ਸਰੀਰਕ ਸੁਖ ਕੁਰਬਾਨ ਕਰਦੇ ਹਨ) । ਹੇ ਪ੍ਰਭੂ! ਜਦੋਂ (ਭਗਤ ਜਨ) ਤੇਰੇ ਮਨ ਵਿਚ ਪਿਆਰੇ ਲੱਗਦੇ ਹਨ, ਤਾਂ ਉਹ ਗੁਰੂ-ਪਾਰਸ ਨਾਲ ਛੁਹ ਕੇ ਆਪ ਭੀ ਪਾਰਸ ਹੋ ਜਾਂਦੇ ਹਨ (ਹੋਰਨਾਂ ਨੂੰ ਪਵਿਤ੍ਰ ਜੀਵਨ ਦੇਣ ਜੋਗੇ ਹੋ ਜਾਂਦੇ ਹਨ) । ਜੇਹੜੇ ਬੰਦੇ ਆਪਾ-ਭਾਵ ਦੂਰ ਕਰਦੇ ਹਨ ਉਹਨਾਂ ਨੂੰ ਉਹ ਆਤਮਕ ਦਰਜਾ ਮਿਲ ਜਾਂਦਾ ਹੈ ਜਿਥੇ ਆਤਮਕ ਮੌਤ ਅਸਰ ਨਹੀਂ ਕਰ ਸਕਦੀ । ਪਰ ਅਜੇਹਾ ਕੋਈ ਵਿਰਲਾ ਹੀ ਗੁਰੂ ਦੇ ਦਿੱਤੇ ਗਿਆਨ ਦੀ ਵਿਚਾਰ ਕਰਨ ਵਾਲਾ ਬੰਦਾ ਹੁੰਦਾ ਹੈ ।

 

ਹੇ ਨਾਨਕ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਸਦਾ-ਥਿਰ ਪ੍ਰਭੂ ਦੇ ਦਰ ਤੇ ਸੋਭਾ ਪਾਂਦੇ ਹਨ, ਉਹ (ਆਪਣੇ ਸਾਰੇ ਜੀਵਨ ਵਿਚ) ਸਦਾ-ਥਿਰ ਪ੍ਰਭੂ ਦੇ ਨਾਮ ਦਾ ਹੀ ਵਣਜ ਕਰਦੇ ਹਨ ।੪। ਜਦੋਂ ਤਕ ਮੈਂ ਮਾਇਆ ਵਾਸਤੇ ਭੁੱਖਾ ਪਿਆਸਾ ਰਹਿੰਦਾ ਹਾਂ, ਤਦ ਤਕ ਮੈਂ ਕਿਸੇ ਭੀ ਤਰ੍ਹਾਂ ਪ੍ਰਭੂ ਦੇ ਦਰ ਤੇ ਪਹੁੰਚ ਨਹੀਂ ਸਕਦਾ । (ਮਾਇਆ ਦੀ ਤਿ੍ਰਸ਼ਨਾ ਦੂਰ ਕਰਨ ਦਾ ਇਲਾਜ) ਮੈਂ ਜਾ ਕੇ ਆਪਣੇ ਗੁਰੂ ਤੋਂ ਪੁੱਛਦਾ ਹਾਂ (ਤੇ ਉਸ ਦੀ ਸਿੱਖਿਆ ਅਨੁਸਾਰ) ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ (ਨਾਮ ਹੀ ਤਿ੍ਰਸਨਾ ਦੂਰ ਕਰਦਾ ਹੈ) ।

 

ਗੁਰੂ ਦੀ ਸਰਨ ਪੈ ਕੇ ਮੈਂ ਸਦਾ-ਥਿਰ ਨਾਮ ਸਿਮਰਦਾ ਹਾਂ ਸਦਾ-ਥਿਰ ਪ੍ਰਭੂ (ਦੀ ਸਿਫ਼ਤਿ-ਸਾਲਾਹ) ਉਚਾਰਦਾ ਹਾਂ, ਤੇ ਸਦਾ-ਥਿਰ ਪ੍ਰਭੂ ਨਾਲ ਸਾਂਝ ਪਾਂਦਾ ਹਾਂ । ਮੈਂ ਹਰ ਰੋਜ਼ ਉਸ ਪ੍ਰਭੂ ਦਾ ਨਾਮ ਮੂੰਹੋਂ ਬੋਲਦਾ ਹਾਂ ਜੋ ਦੀਨਾਂ ਦਾ ਸਹਾਰਾ ਹੈ ਜੋ ਦਇਆ ਦਾ ਸੋਮਾ ਹੈ ਤੇ ਜਿਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ । ਪਰਮਾਤਮਾ ਨੇ ਜਿਸ ਮਨੁੱਖ ਨੂੰ ਆਪਣੀ ਹਜ਼ੂਰੀ ਤੋਂ ਹੀ ਨਾਮ ਸਿਮਰਨ ਦੀ ਕਰਨ-ਜੋਗ ਕਾਰ ਕਰਨ ਦਾ ਹੁਕਮ ਦੇ ਦਿੱਤਾ, ਉਹ ਮਨੁੱਖ ਆਪਣੇ ਮਨ ਨੂੰ (ਮਾਇਆ ਵਲੋਂ) ਮਾਰ ਕੇ ਤਿ੍ਰਸ਼ਨਾ ਦੇ ਪ੍ਰਭਾਵ ਤੋਂ ਬਚ ਜਾਂਦਾ ਹੈ । ਹੇ ਨਾਨਕ! ਉਸ ਮਨੁੱਖ ਨੂੰ ਪ੍ਰਭੂ ਦਾ ਨਾਮ ਹੀ ਮਿੱਠਾ ਤੇ ਹੋਰ ਸਭ ਰਸਾਂ ਨਾਲੋਂ ਸ੍ਰੇਸ਼ਟ ਲੱਗਦਾ ਹੈ, ਉਸ ਨੇ ਨਾਮ ਸਿਮਰਨ ਦੀ ਬਰਕਤਿ ਨਾਲ ਮਾਇਆ ਦੀ ਤਿ੍ਰਸ਼ਨਾ (ਆਪਣੇ ਅੰਦਰੋਂ) ਦੂਰ ਕਰ ਲਈ ਹੁੰਦੀ ਹੈ ।੫।੨।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 pawan saroop ਦੇ ਮਾਮਲੇ 'ਚ Sukhbir Badal ਨੂੰ Sri Akal Takht Sahib ਤਲਬ ਕਰਨ ਦੀ ਮੰਗ |Satinder Kohli

02 Jan 2026 3:08 PM

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM
Advertisement