ਅੱਜ ਦਾ ਹੁਕਮਨਾਮਾ (3 ਅਕਤੂਬਰ 2021)
Published : Oct 3, 2021, 7:01 am IST
Updated : Oct 3, 2021, 7:03 am IST
SHARE ARTICLE
Hukamnama Sahib
Hukamnama Sahib

ਧਨਾਸਰੀ ਛੰਤ ਮਹਲਾ ੪ ਘਰੁ ੧

ਧਨਾਸਰੀ ਛੰਤ ਮਹਲਾ ੪ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥

ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥

ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥

ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥

ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥

ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥

ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥

ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥

ਕਦੇ ਨ ਵਿਸਾਰੀ ਅਨਦਿਨੁ ਸਮੑਾਰੀ ਜਾ ਨਾਮੁ ਲਈ ਤਾ ਜੀਵਾ ॥

ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥

ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥

ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥

ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥

ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥

ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥

ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥

ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥

ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥

ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥

ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥

ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥

ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥

ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥

ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥

ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥

ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥

ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥

ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥

ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥

ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥

ਐਤਵਾਰ, ੧੮ ਅੱਸੂ (ਸੰਮਤ ੫੫੩ ਨਾਨਕਸ਼ਾਹੀ) ੩ ਅਕਤੂਬਰ, ੨੦੨੧ (ਅੰਗ: ੬੯੦)

ਪੰਜਾਬੀ ਵਿਆਖਿਆ:

ਧਨਾਸਰੀ ਛੰਤ ਮਹਲਾ ੪ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ । ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ । (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ । (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ । (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ ।

darbar Sahib darbar Sahib

ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ ।੧। ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ । (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ । ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ । ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ । ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ । ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ ।

Sangats paid obeisance at Darbar SahibDarbar Sahib

ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ ।੨। (ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ । ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ । ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ । ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ ।

Darbar SahibDarbar Sahib

ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ ।੩। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ । ਉਹ ਦਿਨ ਰਾਤ ‘ਹਾਇ ਹਾਇ’ ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ । ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕੋ੍ਰਧਾਤੁਰ ਭੀ ਰਹਿੰਦਾ ਹੈ । ਉਸ ਦੀ ਸਾਰੀ ਉਮਰ ‘ਮੇਰੀ ਮਾਇਆ, ਮੇਰੀ ਮਾਇਆ’ ਕਰਦਿਆਂ ਲੰਘ ਜਾਂਦੀ ਹੈ । ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ ।

Darbar SahibDarbar Sahib

ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮਨੁੱਖ ਦੇ) ਨਾਲ ਨਹੀਂ ਜਾਂਦਾ, ਦੁਨੀਆ ਦੀ ਮਾਇਆ ਉਸ ਨੂੰ ਛਲ ਲੈਂਦੀ ਹੈ । ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਗ੍ਰਸੀ ਰੱਖਦੀ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ ।੪। ਹੇ ਹਰੀ! ਜਿਸ ਮਨੁੱਖ ਨੂੰ ਤੂੰ (ਆਪਣੀ) ਕਿਰਪਾ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ । (ਹੇ ਭਾਈ! ਉਹ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ) ਸਦਾ ਹੱਥ ਜੋੜ ਕੇ ਟਿਕਿਆ ਰਹਿੰਦਾ ਹੈ, ਉਸ ਨੂੰ (ਆਪਣੇ) ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ ।

Darbar SahibDarbar Sahib

ਜਦੋਂ ਮਨੁੱਖ ਨੂੰ ਆਪਣੇ ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ, ਤਦੋਂ ਉਹ ਪ੍ਰਭੂ ਦੀ ਰਜ਼ਾ ਵਿਚ ਟਿਕ ਜਾਂਦਾ ਹੈ, ਤੇ, ਹੁਕਮ ਮੰਨ ਕੇ ਆਤਮਕ ਆਨੰਦ ਮਾਣਦਾ ਹੈ । ਉਹ ਮਨੁੱਖ ਹਰ ਵੇਲੇ ਦਿਨ ਰਾਤ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਹਰਿ-ਨਾਮ ਸਿਮਰਦਾ ਰਹਿੰਦਾ ਹੈ । ਹੇ ਨਾਨਕ! ਪਰਮਾਤਮਾ ਦਾ (ਹਰ ਵੇਲੇ) ਨਾਮ-ਸਿਮਰਨ (ਹੀ) ਉਸ ਨੂੰ ਵਡਿਆਈ ਮਿਲੀ ਰਹਿੰਦੀ ਹੈ, ਪ੍ਰਭੂ ਦਾ ਨਾਮ (ਉਸ ਨੂੰ ਆਪਣੇ) ਮਨ ਵਿਚ ਪਿਆਰਾ ਲੱਗਦਾ ਹੈ । ਹੇ ਹਰੀ! (ਆਪਣੀ) ਕਿਰਪਾ ਕਰ ਕੇ (ਜਿਸ ਮਨੁੱਖ ਨੂੰ ਤੂੰ ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ ।੫।੧।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੰਗ ਨੂੰ ਲੈ ਕੇ Fake news ਫ਼ੈਲਾਉਣ ਵਾਲਿਆਂ ਦੀ ਨਹੀਂ ਖ਼ੈਰ,Ludhiana Police Arrested 2 youth|Operation Sindoor

10 May 2025 5:20 PM

"Pakistan ਜਿੰਨੇ ਮਰਜ਼ੀ ਬੰਬ ਵਰਸਾ ਲਵੇ, ਅਸੀਂ ਭੱਜਣ ਵਾਲੇ ਨਹੀਂ"| Chandigarh Volunteers To Aid In Assistance

10 May 2025 5:18 PM

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM
Advertisement