ਸਲੋਕ ॥
ਸਲੋਕ ॥
ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥
ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥
ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥
ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥
ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥
ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥
ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥
ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥
ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥
ਸ਼ਨਿਚਰਵਾਰ, ੨੨ ਮਾਘ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੭੦੯)
ਪੰਜਾਬੀ ਵਿਆਖਿਆ:
ਸਲੋਕ ॥
ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨। ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।੧੭।