
Ajj da Hukamnama Sri Darbar Sahib:ਸੋਰਠਿ ਮਹਲਾ ੫ ॥
Ajj da Hukamnama Sri Darbar Sahib:ਸੋਰਠਿ ਮਹਲਾ ੫ ॥
ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥
ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥
ਰੇ ਨਰ ਕਾਹੇ ਪਪੋਰਹੁ ਦੇਹੀ ॥
ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥
ਤੀਨਿ ਸੰਙਆ ਕਰਿ ਦੇਹੀ ਕੀਨੀ ਜਲ ਕੂਕਰ ਭਸਮੇਹੀ ॥
ਹੋਇ ਆਮਰੋ ਗ੍ਰਿਹ ਮਹਿ ਬੈਠਾ ਕਰਣ ਕਾਰਣ ਬਿਸਰੋਹੀ ॥੨॥
ਅਨਿਕ ਭਾਤਿ ਕਰਿ ਮਣੀਏ ਸਾਜੇ ਕਾਚੈ ਤਾਗਿ ਪਰੋਹੀ ॥
ਤੂਟਿ ਜਾਇਗੋ ਸੂਤੁ ਬਾਪੁਰੇ ਫਿਰਿ ਪਾਛੈ ਪਛੁਤੋਹੀ ॥੩॥
ਜਿਨਿ ਤੁਮ ਸਿਰਜੇ ਸਿਰਜਿ ਸਵਾਰੇ ਤਿਸੁ ਧਿਆਵਹੁ ਦਿਨੁ ਰੈਨੇਹੀ ॥
ਜਨ ਨਾਨਕ ਪ੍ਰਭ ਕਿਰਪਾ ਧਾਰੀ ਮੈ ਸਤਿਗੁਰ ਓਟ ਗਹੇਹੀ ॥੪॥੪॥
ਮੰਗਲਵਾਰ, ੨੨ ਮਾਘ (ਸੰਮਤ ੫੫੬ ਨਾਨਕਸ਼ਾਹੀ)
(ਅੰਗ: ੬੦੯)
ਪੰਜਾਬੀ ਵਿਆਖਿਆ:
ਸੋਰਠਿ ਮਹਲਾ ੫ ॥
ਹੇ ਭਾਈ! ਪ੍ਰਤ੍ਰ, ਇਸਤ੍ਰੀ, ਘਰ ਦੇ ਹੋਰ ਬੰਦੇ ਤੇ ਜ਼ਨਾਨੀਆਂ (ਸਾਰੇ) ਮਾਇਆ ਦੇ ਹੀ ਸਾਕ ਹਨ । ਅਖ਼ੀਰ ਵੇਲੇ (ਇਹਨਾਂ ਵਿਚੋਂ) ਕੋਈ ਭੀ ਤੇਰਾ ਮਦਦਗਾਰ ਨਹੀਂ ਬਣੇਗਾ, ਸਾਰੇ ਝੂਠਾ ਹੀ ਪਿਆਰ ਕਰਨ ਵਾਲੇ ਹਨ ।੧। ਹੇ ਮਨੁੱਖ! (ਨਿਰਾ ਇਸ) ਸਰੀਰ ਨੂੰ ਹੀ ਕਿਉਂ ਲਾਡਾਂ ਨਾਲ ਪਾਲਦਾ ਰਹਿੰਦਾ ਹੈਂ? (ਜਿਵੇਂ) ਧੂਆਂ, (ਜਿਵੇਂ) ਬੱਦਲ (ਉੱਡ ਜਾਂਦਾ ਹੈ, ਤਿਵੇਂ ਇਹ ਸਰੀਰ) ਨਾਸ ਹੋ ਜਾਇਗਾ । ਸਿਰਫ਼ ਪਰਮਾਤਮਾ ਦਾ ਭਜਨ ਕਰਿਆ ਕਰ, ਉਹੀ ਅਸਲ ਪਿਆਰ ਕਰਨ ਵਾਲਾ ਹੈ ।ਰਹਾਉ। ਹੇ ਭਾਈ! (ਪਰਮਾਤਮਾ ਨੇ) ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿਣ ਵਾਲਾ ਤੇਰਾ ਸਰੀਰ ਬਣਾ ਦਿੱਤਾ, (ਇਹ ਅੰਤ ਨੂੰ) ਪਾਣੀ ਦੇ, ਕੁੱਤਿਆਂ ਦੇ, ਜਾਂ, ਮਿੱਟੀ ਦੇ ਹਵਾਲੇ ਹੋ ਜਾਂਦਾ ਹੈ । ਤੂੰ ਇਸ ਸਰੀਰ-ਘਰ ਵਿਚ (ਆਪਣੇ ਆਪ ਨੂੰ) ਅਮਰ ਸਮਝ ਕੇ ਬੈਠਾ ਰਹਿੰਦਾ ਹੈਂ, ਤੇ ਜਗਤ ਦੇ ਮੂਲ ਪਰਮਾਤਮਾ ਨੂੰ ਭੁਲਾ ਰਿਹਾ ਹੈਂ ।੨। ਹੇ ਭਾਈ! ਅਨੇਕਾਂ ਤਰੀਕਿਆਂ ਨਾਲ (ਪਰਮਾਤਮਾ ਨੇ ਤੇਰੇ ਸਾਰੇ ਅੰਗ) ਮਣਕੇ ਬਣਾਏ ਹਨ; (ਪਰ ਸੁਆਸਾਂ ਦੇ) ਕੱਚੇ ਧਾਗੇ ਵਿਚ ਪਰੋਏ ਹੋਏ ਹਨ । ਹੇ ਨਿਮਾਣੇ ਜੀਵ! ਇਹ ਧਾਗਾ (ਆਖ਼ਰ) ਟੁੱਟ ਜਾਇਗਾ, (ਹੁਣ ਇਸ ਸਰੀਰ ਦੇ ਮੋਹ ਵਿਚ ਪ੍ਰਭੂ ਨੂੰ ਵਿਸਾਰੀ ਬੈਠਾ ਹੈਂ) ਫਿਰ ਸਮਾ ਵਿਹਾ ਜਾਣ ਤੇ ਹੱਥ ਮਲੇਂਗਾ ।੩। ਹੇ ਭਾਈ! ਜਿਸ ਪਰਮਾਤਮਾ ਨੇ ਤੈਨੂੰ ਪੈਦਾ ਕੀਤਾ ਹੈ, ਪੈਦਾ ਕਰ ਕੇ ਤੈਨੂੰ ਸੋਹਣਾ ਬਣਾਇਆ ਹੈ ਉਸ ਨੂੰ ਦਿਨ ਰਾਤ (ਹਰ ਵੇਲੇ) ਸਿਮਰਦਾ ਰਿਹਾ ਕਰ । ਹੇ ਦਾਸ ਨਾਨਕ! (ਅਰਦਾਸ ਕਰ ਤੇ ਆਖ—) ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਂ ਗੁਰੂ ਦਾ ਆਸਰਾ ਫੜੀ ਰੱਖਾਂ ।੪।੪।