
ਟੋਡੀ ਮਹਲਾ ੫ ॥
ਟੋਡੀ ਮਹਲਾ ੫ ॥
ਸਤਿਗੁਰ ਆਇਓ ਸਰਣਿ ਤੁਹਾਰੀ ॥
ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥
ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥
ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥
ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥
ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥
ਬੁੱਧਵਾਰ, ੨੪ ਵੈਸਾਖ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੭੧੩)
ਟੋਡੀ ਮਹਲਾ ੫ ॥
ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ । ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ) ।੧।ਰਹਾਉ।
Darbar Sahib
ਹੇ ਪ੍ਰਭੂ! (ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ । ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ । ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪ) ਬਚਾ ਲੈ ।੧।
Darbar Sahib
ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ । ਹੇ ਦਾਸ ਨਾਨਕ! (ਤੂੰ ਭੀ ਅਰਜ਼ੋਈ ਕਰ ਤੇ ਆਖ—) ਮੈਂ ਗੁਰੂ ਦੀ ਸਰਨ ਆ ਪਿਆ ਹਾਂ, ਮੈਨੂੰ ਇਸ ਜਨਮ ਵਿਚ (ਵਿਕਾਰਾਂ ਤੋਂ) ਬਚਾਈ ਰੱਖ ।੨।੪।੯।