ਅੱਜ ਦਾ ਹੁਕਮਨਾਮਾ (9 ਜੂਨ 2021)
Published : Jun 9, 2021, 7:56 am IST
Updated : Jun 9, 2021, 7:56 am IST
SHARE ARTICLE
  SRI DARBAR SAHIB
SRI DARBAR SAHIB

ਰਾਗੁ ਸੂਹੀ ਛੰਤ ਮਹਲਾ ੧ ਘਰੁ ੧

ਰਾਗੁ ਸੂਹੀ ਛੰਤ ਮਹਲਾ ੧ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥

ਮੈਲੀ ਅਵਗਣਿ ਚਿਤਿ ਬਿਨੁ ਗੁਰ ਗੁਣ ਨ ਸਮਾਵਨੀ ਬਲਿ ਰਾਮ ਜੀਉ ॥

ਗੁਣ ਸਾਰ ਨ ਜਾਣੀ ਭਰਮਿ ਭੁਲਾਣੀ ਜੋਬਨੁ ਬਾਦਿ ਗਵਾਇਆ ॥

ਵਰੁ ਘਰੁ ਦਰੁ ਦਰਸਨੁ ਨਹੀ ਜਾਤਾ ਪਿਰ ਕਾ ਸਹਜੁ ਨ ਭਾਇਆ ॥

ਸਤਿਗੁਰ ਪੂਛਿ ਨ ਮਾਰਗਿ ਚਾਲੀ ਸੂਤੀ ਰੈਣਿ ਵਿਹਾਣੀ ॥

Sri Darbar Sahib AmritsarSri Darbar Sahib Amritsar

ਨਾਨਕ ਬਾਲਤਣਿ ਰਾਡੇਪਾ ਬਿਨੁ ਪਿਰ ਧਨ ਕੁਮਲਾਣੀ ॥੧॥

ਬਾਬਾ ਮੈ ਵਰੁ ਦੇਹਿ ਮੈ ਹਰਿ ਵਰੁ ਭਾਵੈ ਤਿਸ ਕੀ ਬਲਿ ਰਾਮ ਜੀਉ ॥

ਰਵਿ ਰਹਿਆ ਜੁਗ ਚਾਰਿ ਤ੍ਰਿਭਵਣ ਬਾਣੀ ਜਿਸ ਕੀ ਬਲਿ ਰਾਮ ਜੀਉ ॥

ਤ੍ਰਿਭਵਣ ਕੰਤੁ ਰਵੈ ਸੋਹਾਗਣਿ ਅਵਗਣਵੰਤੀ ਦੂਰੇ ॥

ਜੈਸੀ ਆਸਾ ਤੈਸੀ ਮਨਸਾ ਪੂਰਿ ਰਹਿਆ ਭਰਪੂਰੇ ॥

ਹਰਿ ਕੀ ਨਾਰਿ ਸੁ ਸਰਬ ਸੁਹਾਗਣਿ ਰਾਂਡ ਨ ਮੈਲੈ ਵੇਸੇ ॥

ਨਾਨਕ ਮੈ ਵਰੁ ਸਾਚਾ ਭਾਵੈ ਜੁਗਿ ਜੁਗਿ ਪ੍ਰੀਤਮ ਤੈਸੇ ॥੨॥

ਬਾਬਾ ਲਗਨੁ ਗਣਾਇ ਹੰਭੀ ਵੰਞਾ ਸਾਹੁਰੈ ਬਲਿ ਰਾਮ ਜੀਉ ॥

ਸਾਹਾ ਹੁਕਮੁ ਰਜਾਇ ਸੋ ਨ ਟਲੈ ਜੋ ਪ੍ਰਭੁ ਕਰੈ ਬਲਿ ਰਾਮ ਜੀਉ ॥

ਕਿਰਤੁ ਪਇਆ ਕਰਤੈ ਕਰਿ ਪਾਇਆ ਮੇਟਿ ਨ ਸਕੈ ਕੋਈ ॥

ਜਾਞੀ ਨਾਉ ਨਰਹ ਨਿਹਕੇਵਲੁ ਰਵਿ ਰਹਿਆ ਤਿਹੁ ਲੋਈ ॥

ਮਾਇ ਨਿਰਾਸੀ ਰੋਇ ਵਿਛੁੰਨੀ ਬਾਲੀ ਬਾਲੈ ਹੇਤੇ ॥

ਨਾਨਕ ਸਾਚ ਸਬਦਿ ਸੁਖ ਮਹਲੀ ਗੁਰ ਚਰਣੀ ਪ੍ਰਭੁ ਚੇਤੇ ॥੩॥

ਬਾਬੁਲਿ ਦਿਤੜੀ ਦੂਰਿ ਨਾ ਆਵੈ ਘਰਿ ਪੇਈਐ ਬਲਿ ਰਾਮ ਜੀਉ ॥

ਰਹਸੀ ਵੇਖਿ ਹਦੂਰਿ ਪਿਰਿ ਰਾਵੀ ਘਰਿ ਸੋਹੀਐ ਬਲਿ ਰਾਮ ਜੀਉ ॥

ਸਾਚੇ ਪਿਰ ਲੋੜੀ ਪ੍ਰੀਤਮ ਜੋੜੀ ਮਤਿ ਪੂਰੀ ਪਰਧਾਨੇ ॥

ਸੰਜੋਗੀ ਮੇਲਾ ਥਾਨਿ ਸੁਹੇਲਾ ਗੁਣਵੰਤੀ ਗੁਰ ਗਿਆਨੇ ॥

ਸਤੁ ਸੰਤੋਖੁ ਸਦਾ ਸਚੁ ਪਲੈ ਸਚੁ ਬੋਲੈ ਪਿਰ ਭਾਏ ॥

ਨਾਨਕ ਵਿਛੁੜਿ ਨਾ ਦੁਖੁ ਪਾਏ ਗੁਰਮਤਿ ਅੰਕਿ ਸਮਾਏ ॥੪॥੧॥

Sri Darbar Sahib Amritsar Sri Darbar Sahib Amritsar

ਬੁੱਧਵਾਰ, ੨੭ ਜੇਠ (ਸੰਮਤ ੫੫੩ ਨਾਨਕਸ਼ਾਹੀ) (ਅੰਗ: ੭੬੩)

ਪੰਜਾਬੀ ਵਿਆਖਿਆ :

ਰਾਗੁ ਸੂਹੀ ਛੰਤ ਮਹਲਾ ੧ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਹੇ ਪ੍ਰਭੂ ਜੀ! ਮੈਂ ਤੈਥੋਂ ਸਦਕੇ ਹਾਂ (ਤੂੰ ਕੈਸੀ ਅਚਰਜ ਲੀਲਾ ਰਚਾਈ ਹੈ!) ਜੀਵ-ਇਸਤ੍ਰੀ (ਤੇਰੀ ਰਚੀ ਮਾਇਆ ਦੇ ਪ੍ਰਭਾਵ ਹੇਠ) ਜਵਾਨੀ ਦੇ ਸਮੇ ਇਉਂ ਮਸਤ ਹੈ ਜਿਵੇਂ ਸ਼ਰਾਬ ਪੀ ਕੇ ਮਦ ਹੋਸ਼ ਹੈ, (ਇਹ ਭੀ ਨਹੀਂ ਸਮਝਦੀ ਕਿ) ਇਸ ਪੇਕੇ-ਘਰ ਵਿਚ (ਇਸ ਜਗਤ ਵਿਚ) ਉਹ ਇਕ ਪ੍ਰਾਹੁਣੀ ਹੀ ਹੈ । ਵਿਕਾਰਾਂ ਦੀ ਕਮਾਈ ਨਾਲ ਚਿੱਤ ਵਿਚ ਉਹ ਮੈਲੀ ਰਹਿੰਦੀ ਹੈ (ਗੁਰੂ ਦੀ ਸਰਨ ਨਹੀਂ ਆਉਂਦੀ, ਤੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ (ਹਿਰਦੇ ਵਿਚ) ਗੁਣ ਟਿਕ ਨਹੀਂ ਸਕਦੇ । (ਮਾਇਆ ਦੀ) ਭਟਕਣਾ ਵਿਚ ਪੈ ਕੇ ਜੀਵ-ਇਸਤ੍ਰੀ ਨੇ (ਪ੍ਰਭੂ ਦੇ) ਗੁਣਾਂ ਦੀ ਕੀਮਤ ਨਾਹ ਸਮਝੀ, ਕੁਰਾਹੇ ਪਈ ਰਹੀ, ਤੇ ਜਵਾਨੀ ਦਾ ਸਮਾ ਵਿਅਰਥ ਗਵਾ ਲਿਆ । ਨਾਹ ਉਸ ਨੇ ਖਸਮ-ਪ੍ਰਭੂ ਨਾਲ ਸਾਂਝ ਪਾਈ, ਨਾਹ ਉਸ ਦੇ ਦਰ ਨਾਹ ਉਸ ਦੇ ਘਰ ਤੇ ਨਾਹ ਹੀ ਉਸ ਦੇ ਦਰਸਨ ਦੀ ਕਦਰ ਪਛਾਣੀ । (ਭਟਕਣਾ ਵਿਚ ਹੀ ਰਹਿ ਕੇ) ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਦਾ ਸੁਭਾਉ ਭੀ ਪਸੰਦ ਨਾਹ ਆਇਆ । ਮਾਇਆ ਦੇ ਮੋਹ ਵਿਚ ਸੁੱਤੀ ਹੋਈ ਜੀਵ-ਇਸਤ੍ਰੀ ਦੀ ਜ਼ਿੰਦਗੀ ਦੀ ਸਾਰੀ ਰਾਤ ਬੀਤ ਗਈ, ਸਤਿਗੁਰੂ ਦੀ ਸਿੱਖਿਆ ਲੈ ਕੇ ਜੀਵਨ ਦੇ ਠੀਕ ਰਸਤੇ ਉਤੇ ਕਦੇ ਭੀ ਨਾਹ ਤੁਰੀ । ਹੇ ਨਾਨਕ! ਅਜੇਹੀ ਜੀਵ-ਇਸਤ੍ਰੀ ਨੇ ਤਾਂ ਬਾਲ-ਉਮਰੇ ਹੀ ਰੰਡੇਪਾ ਸਹੇੜ ਲਿਆ, ਤੇ ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ ਉਸ ਦਾ ਹਿਰਦਾ-ਕਮਲ ਕੁਮਲਾਇਆ ਹੀ ਰਿਹਾ ।੧। ਹੇ ਪਿਆਰੇ ਸਤਿਗੁਰੂ! ਮੈਨੂੰ ਖਸਮ-ਪ੍ਰਭੂ ਮਿਲਾ । (ਮੇਹਰ ਕਰ) ਮੈਨੂੰ ਉਹ ਪ੍ਰਭੂ-ਪਤੀ ਪਿਆਰਾ ਲੱਗੇ, ਮੈਂ ਉਸ ਤੋਂ ਸਦਕੇ ਜਾਵਾਂ, ਜੋ ਸਦਾ ਹੀ ਹਰ ਥਾਂ ਵਿਆਪਕ ਹੈ, ਤਿੰਨਾਂ ਹੀ ਭਵਨਾਂ ਵਿਚ ਜਿਸ ਦਾ ਹੁਕਮ ਚੱਲ ਰਿਹਾ ਹੈ । ਤਿੰਨਾਂ ਭਵਨਾਂ ਦਾ ਮਾਲਕ ਪ੍ਰਭੂ ਭਾਗਾਂ ਵਾਲੀ ਜੀਵ-ਇਸਤ੍ਰੀ ਨਾਲ ਪਿਆਰ ਕਰਦਾ ਹੈ, ਪਰ ਜਿਸ ਨੇ ਔਗੁਣ ਹੀ ਔਗੁਣ ਸਹੇੜੇ ਉਹ ਉਸ ਦੇ ਚਰਨਾਂ ਤੋਂ ਵਿਛੁੜੀ ਰਹਿੰਦੀ ਹੈ । ਉਹ ਮਾਲਕ ਹਰੇਕ ਦੇ ਹਿਰਦੇ ਵਿਚ ਵਿਆਪਕ ਹੈ (ਉਹ ਹਰੇਕ ਦੇ ਦਿਲ ਦੀ ਜਾਣਦਾ ਹੈ) ਜਿਹੋ ਜਿਹੀ ਆਸ ਧਾਰ ਕੇ ਕੋਈ ਉਸ ਦੇ ਦਰ ਤੇ ਆਉਂਦੀ ਹੈ ਉਹੋ ਜਿਹੀ ਇੱਛਾ ਉਹ ਪੂਰੀ ਕਰ ਦੇਂਦਾ ਹੈ । ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਦੀ ਬਣੀ ਰਹਿੰਦੀ ਹੈ ਉਹ ਸਦਾ ਸੁਹਾਗ-ਭਾਗ ਵਾਲੀ ਹੈ, ਉਹ ਕਦੇ ਰੰਡੀ ਨਹੀਂ ਹੁੰਦੀ, ਉਸ ਦਾ ਵੇਸ ਕਦੇ ਮੈਲਾ ਨਹੀਂ ਹੁੰਦਾ (ਉਸ ਦਾ ਹਿਰਦਾ ਕਦੇ ਵਿਕਾਰਾਂ ਨਾਲ ਮੈਲਾ ਨਹੀਂ ਹੁੰਦਾ) । ਹੇ ਨਾਨਕ! (ਅਰਦਾਸ ਕਰ ਤੇ ਆਖ—ਹੇ ਸਤਿਗੁਰੂ! ਤੇਰੀ ਮੇਹਰ ਹੋਵੇ ਤਾਂ) ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ-ਪਤੀ ਮੈਨੂੰ (ਸਦਾ) ਪਿਆਰਾ ਲੱਗਦਾ ਰਹੇ ਜੇਹੜਾ ਪ੍ਰੀਤਮ ਹਰੇਕ ਜੁਗ ਵਿਚ ਇਕ-ਸਮਾਨ ਰਹਿਣ ਵਾਲਾ ਹੈ ।੨। ਹੇ ਸਤਿਗੁਰੂ! (ਉਹ) ਮੁਹੂਰਤ ਕਢਾ (ਉਹ ਅਵਸਰ ਪੈਦਾ ਕਰ, ਜਿਸ ਦੀ ਬਰਕਤਿ ਨਾਲ) ਮੈਂ ਭੀ ਪ੍ਰਭੂ-ਪਤੀ ਦੇ ਚਰਨਾਂ ਵਿਚ ਜੁੜ ਸਕਾਂ । (ਹੇ ਗੁਰੂ! ਤੇਰੀ ਕਿਰਪਾ ਨਾਲ) ਰਜ਼ਾ ਦੇ ਮਾਲਕ ਪ੍ਰਭੂ ਜੋ ਹੁਕਮ ਕਰਦਾ ਹੈ ਉਹ ਮੇਲ ਦਾ ਅਵਸਰ ਬਣ ਜਾਂਦਾ ਹੈ, ਉਸ ਨੂੰ ਕੋਈ ਅਗਾਂਹ ਪਿਛਾਂਹ ਨਹੀਂ ਕਰ ਸਕਦਾ (ਉਸ ਵਿਚ ਕੋਈ ਵਿਘਨ ਨਹੀਂ ਪਾ ਸਕਦਾ) । ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਕਰਤਾਰ ਨੇ (ਉਹਨਾਂ ਦੇ ਮਿਲਾਪ ਜਾਂ ਵਿਛੋੜੇ ਦਾ) ਜੋ ਭੀ ਹੁਕਮ ਦਿੱਤਾ ਹੈ ਉਸ ਨੂੰ ਕੋਈ ਉਲੰਘ ਨਹੀਂ ਸਕਦਾ । (ਗੁਰੂ ਵਿਚੋਲੇ ਦੀ ਕਿਰਪਾ ਨਾਲ) ਉਹ ਪਰਮਾਤਮਾ ਜੋ ਤਿੰਨਾਂ ਲੋਕਾਂ ਵਿਚ ਵਿਆਪਕ ਹੈ ਤੇ (ਫਿਰ ਭੀ ਆਪਣੇ ਪੈਦਾ ਕੀਤੇ) ਬੰਦਿਆਂ ਤੋਂ ਸੁਤੰਤਰ ਹੈ (ਜੀਵ-ਇਸਤ੍ਰੀ ਨੂੰ ਆਪਣੇ ਚਰਨਾਂ ਵਿਚ ਜੋੜਨ ਲਈ) ਲਾੜਾ ਬਣ ਕੇ ਆਉਂਦਾ ਹੈ । (ਜਿਵੇਂ ਧੀ ਨੂੰ ਤੋਰਨ ਲੱਗੀ ਮਾਂ ਮੁੜ ਮਿਲਣ ਦੀਆਂ ਆਸਾਂ ਲਾਹ ਕੇ ਰੋ ਕੇ ਵਿਛੁੜਦੀ ਹੈ, ਤਿਵੇਂ) ਮਾਇਆ ਜੀਵ-ਇਸਤ੍ਰੀ ਦੇ ਪ੍ਰਭੂ-ਪਤੀ ਨਾਲ ਪ੍ਰੇਮ ਦੇ ਕਾਰਨ ਜੀਵ-ਇਸਤ੍ਰੀ ਨੂੰ ਆਪਣੇ ਕਾਬੂ ਵਿਚ ਰੱਖ ਸਕਣ ਦੀਆਂ ਆਸਾਂ ਲਾਹ ਕੇ (ਮਾਨੋ) ਰੋ ਕੇ ਵਿਛੁੜਦੀ ਹੈ ।

Sri Darbar Sahib Amritsar Sri Darbar Sahib Amritsar

ਹੇ ਨਾਨਕ! ਜੀਵ-ਇਸਤ੍ਰੀ ਗੁਰੂ ਦੇ ਚਰਨਾਂ ਦੀ ਬਰਕਤਿ ਨਾਲ ਪ੍ਰਭੂ-ਪਤੀ ਨੂੰ ਹਿਰਦੇ ਵਿਚ ਵਸਾਂਦੀ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਦੀ ਰਾਹੀਂ ਪ੍ਰਭੂ ਦੀ ਹਜ਼ੂਰੀ ਵਿਚ ਆਨੰਦ ਮਾਣਦੀ ਹੈ ।੩। ਸਤਿਗੁਰੂ ਨੇ (ਮੇਹਰ ਕਰ ਕੇ ਜੀਵ-ਇਸਤ੍ਰੀ ਮਾਇਆ ਦੇ ਪ੍ਰਭਾਵ ਤੋਂ ਇਤਨੀ) ਦੂਰ ਅਪੜਾ ਦਿੱਤੀ ਕਿ ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਆਉਂਦੀ । ਪ੍ਰਭੂ-ਪਤੀ ਦਾ ਪ੍ਰਤੱਖ ਦੀਦਾਰ ਕਰ ਕੇ ਉਹ ਪ੍ਰਸੰਨ-ਚਿੱਤ ਹੁੰਦੀ ਹੈ । ਪ੍ਰਭੂ-ਪਤੀ ਨੇ (ਜਦੋਂ) ਉਸ ਨਾਲ ਪਿਆਰ ਕੀਤਾ, ਤਾਂ ਉਸ ਦੇ ਚਰਨਾਂ ਵਿਚ ਜੁੜ ਕੇ ਉਹ ਆਪਣਾ ਆਤਮਕ ਜੀਵਨ ਸੰਵਾਰਦੀ ਹੈ । ਸਦਾ-ਥਿਰ ਪ੍ਰੀਤਮ ਪ੍ਰਭੂ ਨੂੰ ਉਸ ਜੀਵ-ਇਸਤ੍ਰੀ ਦੀ ਲੋੜ ਪਈ (ਭਾਵ, ਜੀਵ-ਇਸਤ੍ਰੀ ਉਸ ਦੇ ਲੇਖੇ ਵਿਚ ਆ ਗਈ) ਉਸ ਨੇ ਉਸ ਨੂੰ ਆਪਣੇ ਨਾਲ ਮਿਲਾ ਲਿਆ । (ਇਸ ਮਿਲਾਪ ਦੀ ਬਰਕਤਿ ਨਾਲ) ਉਸ ਦੀ ਮਤਿ ਉਕਾਈ-ਹੀਣ ਹੋ ਗਈ, ਉਹ ਮੰਨੀ-ਪ੍ਰਮੰਨੀ ਗਈ । ਚੰਗੇ ਭਾਗਾਂ ਨਾਲ ਉਸ ਦਾ ਮਿਲਾਪ ਹੋ ਗਿਆ, ਪ੍ਰਭੂ-ਚਰਨਾਂ ਵਿਚ ਉਸ ਦਾ ਜੀਵਨ ਸੁਖੀ ਹੋ ਗਿਆ, ਉਹ ਗੁਣਾਂ ਵਾਲੀ ਹੋ ਗਈ, ਗੁਰੂ ਦੇ ਦਿੱਤੇ ਗਿਆਨ ਵਾਲੀ ਹੋ ਗਈ । ਸਤ ਸੰਤੋਖ ਤੇ ਸਦਾ-ਥਿਰ ਯਾਦ ਉਸ ਦੇ ਹਿਰਦੇ ਵਿਚ ਟਿਕ ਜਾਂਦੀ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਸਦਾ ਸਿਮਰਦੀ ਹੈ, ਉਹ ਪ੍ਰਭੂ-ਪਤੀ ਨੂੰ ਪਿਆਰੀ ਲੱਗਣ ਲੱਗ ਪੈਂਦੀ ਹੈ । ਹੇ ਨਾਨਕ! ਜੀਵ-ਇਸਤ੍ਰੀ (ਪ੍ਰਭੂ-ਚਰਨਾਂ ਤੋਂ) ਵਿਛੁੜ ਕੇ ਦੁੱਖ ਨਹੀਂ ਪਾਂਦੀ, ਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਉਹ ਪ੍ਰਭੂ ਦੀ ਗੋਦ ਵਿਚ ਹੀ ਲੀਨ ਹੋ ਜਾਂਦੀ ਹੈ ।੪।੧।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM

Sukhjinder Randhawa Interview On Rahul Gandhi Punjab'S Visit In Dera Baba nanak Gurdaspur|News Live

15 Sep 2025 3:00 PM

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM

Hoshiarpur Child Muder Case : ਆਹ ਪਿੰਡ ਨਹੀਂ ਰਹਿਣ ਦਵੇਗਾ ਇੱਕ ਵੀ ਪਰਵਾਸੀ, ਜੇ ਰਹਿਣਾ ਪਿੰਡ 'ਚ ਤਾਂ ਸੁਣ ਲਓ ਕੀ.

13 Sep 2025 1:06 PM

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM
Advertisement