
ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ
ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ
ੴ ਸਤਿਗੁਰ ਪ੍ਰਸਾਦਿ ॥
ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥
ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ ॥
ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ ਸਬਾਏ ॥
ਕਾਂਇਆ ਹੰਸ ਥੀਆ ਵੇਛੋੜਾ ਜਾਂ ਦਿਨ ਪੁੰਨੇ ਮੇਰੀ ਮਾਏ ॥
ਜੇਹਾ ਲਿਖਿਆ ਤੇਹਾ ਪਾਇਆ ਜੇਹਾ ਪੁਰਬਿ ਕਮਾਇਆ ॥
ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥੧॥
ਸਾਹਿਬੁ ਸਿਮਰਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥
ਏਥੈ ਧੰਧਾ ਕੂੜਾ ਚਾਰਿ ਦਿਹਾ ਆਗੈ ਸਰਪਰ ਜਾਣਾ ॥
ਆਗੈ ਸਰਪਰ ਜਾਣਾ ਜਿਉ ਮਿਹਮਾਣਾ ਕਾਹੇ ਗਾਰਬੁ ਕੀਜੈ ॥
ਜਿਤੁ ਸੇਵਿਐ ਦਰਗਹ ਸੁਖੁ ਪਾਈਐ ਨਾਮੁ ਤਿਸੈ ਕਾ ਲੀਜੈ ॥
ਆਗੈ ਹੁਕਮੁ ਨ ਚਲੈ ਮੂਲੇ ਸਿਰਿ ਸਿਰਿ ਕਿਆ ਵਿਹਾਣਾ ॥
ਸਾਹਿਬੁ ਸਿਮਰਿਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥੨॥
ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥
ਜਲਿ ਥਲਿ ਮਹੀਅਲਿ ਰਵਿ ਰਹਿਆ ਸਾਚੜਾ ਸਿਰਜਣਹਾਰੋ ॥
ਸਾਚਾ ਸਿਰਜਣਹਾਰੋ ਅਲਖ ਅਪਾਰੋ ਤਾ ਕਾ ਅੰਤੁ ਨ ਪਾਇਆ ॥
ਆਇਆ ਤਿਨ ਕਾ ਸਫਲੁ ਭਇਆ ਹੈ ਇਕ ਮਨਿ ਜਿਨੀ ਧਿਆਇਆ ॥
ਢਾਹੇ ਢਾਹਿ ਉਸਾਰੇ ਆਪੇ ਹੁਕਮਿ ਸਵਾਰਣਹਾਰੋ ॥
ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥੩॥
ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥
ਵਾਲੇਵੇ ਕਾਰਣਿ ਬਾਬਾ ਰੋਈਐ ਰੋਵਣੁ ਸਗਲ ਬਿਕਾਰੋ ॥
ਰੋਵਣੁ ਸਗਲ ਬਿਕਾਰੋ ਗਾਫਲੁ ਸੰਸਾਰੋ ਮਾਇਆ ਕਾਰਣਿ ਰੋਵੈ ॥
ਚੰਗਾ ਮੰਦਾ ਕਿਛੁ ਸੂਝੈ ਨਾਹੀ ਇਹੁ ਤਨੁ ਏਵੈ ਖੋਵੈ ॥
ਐਥੈ ਆਇਆ ਸਭੁ ਕੋ ਜਾਸੀ ਕੂੜਿ ਕਰਹੁ ਅਹੰਕਾਰੋ ॥
ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥੪॥੧॥
ਸੋਮਵਾਰ, ੨੭ ਭਾਦੋਂ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੫੭੮)
ਪੰਜਾਬੀ ਵਿਆਖਿਆ:
ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ
ੴ ਸਤਿਗੁਰ ਪ੍ਰਸਾਦਿ ॥
ਜਿਸ ਪ੍ਰਭੂ ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ ਹੈ ਉਹੀ ਸਿਰਜਣਹਾਰ ਪਾਤਿਸ਼ਾਹ ਵਡਿਆਉਣ-ਜੋਗ ਹੈ। ਕਿਉਂਕਿ ਉਹੀ ਸਦਾ ਕਾਇਮ ਰਹਿਣ ਵਾਲਾ ਹੈ। ਜੀਵ ਵਿਚਾਰੇ ਦੀ ਕੋਈ ਪਾਂਇਆਂ ਨਹੀਂ, ਜਦੋਂ ਜੀਵ ਨੂੰ ਮਿਲਿਆ ਸਮਾਂ ਮੁੱਕ ਜਾਂਦਾ ਹੈ, ਜਦੋਂ ਇਸ ਦੀ ਉਮਰ ਦੀ ਪਿਆਲੀ ਭਰ ਜਾਂਦੀ ਹੈ, ਤਾਂ ਸਰੀਰ ਦੇ ਪਿਆਰੇ ਸਾਥੀ ਨੂੰ ਫੜ ਕੇ ਅੱਗੇ ਲਾ ਲਿਆ ਜਾਂਦਾ ਹੈ। ਉਮਰ ਦਾ ਸਮਾਂ ਮੁੱਕਣ ਤੇ ਜਦੋਂ ਪਰਮਾਤਮਾ ਦਾ ਲਿਖਿਆ ਹੁਕਮ ਆਉਂਦਾ ਹੈ, ਸਰੀਰ ਦੇ ਪਿਆਰੇ ਸਾਥੀ ਜੀਵਾਤਮਾ ਨੂੰ ਫੜ ਕੇ ਅੱਗੇ ਲਾ ਲਿਆ ਜਾਂਦਾ ਹੈ, ਤੇ ਸਾਰੇ ਸੱਜਣ ਸੰਬੰਧੀ ਰੋਂਦੇ ਹਨ। ਹੇ ਮੇਰੀ ਮਾਂ! ਜਦੋਂ ਉਮਰ ਦੇ ਦਿਨ ਪੂਰੇ ਹੋ ਜਾਂਦੇ ਹਨ, ਤਾਂ ਸਰੀਰ ਤੇ ਜੀਵਾਤਮਾ ਦਾ ਸਦਾ ਲਈ ਵਿਛੋੜਾ ਹੋ ਜਾਂਦਾ ਹੈ।
Darbar Sahib
ਉਸ ਅੰਤ ਸਮੇਂ ਤੋਂ ਪਹਿਲਾਂ ਪਹਿਲਾਂ ਜੋ ਜੋ ਕਰਮ ਜੀਵ ਨੇ ਕਮਾਇਆ ਹੁੰਦਾ ਹੈ, ਉਸ ਉਸ ਦੇ ਅਨੁਸਾਰ ਜਿਹੋ ਜਿਹਾ ਸੰਸਕਾਰਾਂ ਦਾ ਲੇਖ ਉਸ ਦੇ ਮੱਥੇ ਤੇ ਲਿਖਿਆ ਜਾਂਦਾ ਹੈ ਉਹੋ ਜਿਹਾ ਫਲ ਜੀਵ ਪਾਉਂਦਾ ਹੈ। ਜਿਸ ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ ਹੈ ਉਹੀ ਸਿਰਜਣਹਾਰ ਪਾਤਿਸ਼ਾਹ ਵਡਿਆਉਣ ਜੋਗ ਹੈ ਉਹੀ ਸਦਾ ਕਾਇਮ ਰਹਿਣ ਵਾਲਾ ਹੈ।੧। ਹੇ ਮੇਰੇ ਭਰਾਵੋ! ਸਦਾ-ਥਿਰ ਮਾਲਕ-ਪ੍ਰਭੂ ਦਾ ਸਿਮਰਨ ਕਰੋ। ਦੁਨੀਆ ਤੋਂ ਇਹ ਕੂਚ ਸਭਨਾ ਨੇ ਹੀ ਕਰਨਾ ਹੈ। ਦੁਨੀਆ ਵਿਚ ਮਾਇਆ ਦਾ ਝੂਠਾ ਆਹਰ ਚਾਰ ਦਿਨਾਂ ਲਈ ਹੀ ਹੈ, ਹਰੇਕ ਨੇ ਹੀ ਇਥੋਂ ਅਗਾਂਹ ਪਰਲੋਕ ਵਿਚ ਜਰੂਰ ਚਲੇ ਜਾਣਾ ਹੈ। ਇਥੇ ਜਗਤ ਵਿਚ ਅਸੀਂ ਪਰਾਹੁਣਿਆਂ ਵਾਂਗ ਹੀ ਹਾਂ, ਕਿਸੇ ਵੀ ਧਨ ਪਦਾਰਥ ਆਦਿਕ ਦਾ ਮਾਣ ਕਰਨਾ ਵਿਅਰਥ ਹੈ।
Darbar Sahib
ਉਸ ਪਰਮਾਤਮਾ ਦਾ ਹੀ ਨਾਮ ਸਿਮਰਨਾ ਚਾਹੀਦਾ ਹੈ ਜਿਸ ਦੇ ਸਿਮਰਨ ਨਾਲ ਪਰਮਾਤਮਾ ਦੀ ਹਜ਼ੂਰੀ ਵਿਚ ਆਤਮਕ ਆਨੰਦ ਮਿਲਦਾ ਹੈ। ਜਗਤ ਵਿਚ ਤਾਂ ਧਨ ਪਦਾਰਥ ਵਾਲੇ ਦਾ ਹੁਕਮ ਚੱਲ ਸਕਦਾ ਹੈ, ਪਰ ਪਰਲੋਕ ਵਿਚ ਕਿਸੇ ਦਾ ਭੀ ਹੁਕਮ ਉੱਕਾ ਹੀ ਨਹੀਂ ਚੱਲ ਸਕਦਾ, ਉਥੇ ਤਾਂ ਹਰੇਕ ਦੇ ਸਿਰ ਉਤੇ ਆਪੋ ਆਪਣੇ ਕੀਤੇ ਅਨੁਸਾਰ ਬੀਤਦੀ ਹੈ। ਹੇ ਮੇਰੇ ਭਰਾਵੋ! ਸਦਾ-ਥਿਰ ਮਾਲਕ-ਪ੍ਰਭੂ ਦਾ ਸਿਮਰਨ ਕਰੋ। ਦੁਨੀਆ ਤੋਂ ਇਹ ਕੂਚ ਸਭ ਨੇ ਹੀ ਕਰ ਜਾਣਾ ਹੈ।੨। ਜਗਤ ਦੇ ਜੀਵਾਂ ਦਾ ਉੱਦਮ ਤਾਂ ਇਕ ਬਹਾਨਾ ਹੀ ਹੈ, ਹੁੰਦਾ ਉਹੀ ਕੁਝ ਹੈ ਜੋ ਉਸ ਸਰਬ-ਸ਼ਕਤੀਮਾਨ ਪ੍ਰਭੂ ਨੂੰ ਭਾਉਂਦਾ ਹੈ।
Darbar Sahib
ਉਹ ਸਦਾ ਥਿਰ ਰਹਿਣ ਵਾਲਾ ਸਿਰਜਣਹਾਰ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਹਰ ਥਾ ਮੌਜੂਦ ਹੈ। ਉਹ ਪ੍ਰਭੂ ਸਦਾ ਥਿਰ ਰਹਿਣ ਵਾਲਾ ਹੈ ਸਭ ਦਾ ਪੈਦਾ ਕਰਨ ਵਾਲਾ ਹੈ, ਅਦ੍ਰਿਸ਼ਟ ਹੈ, ਬੇਅੰਤ ਹੈ, ਕੋਈ ਭੀ ਜੀਵ ਉਸ ਦੇ ਗੁਣਾਂ ਦਾ ਅੰਤ ਨਹੀਂ ਲੱਭ ਸਕਦਾ। ਜਗਤ ਵਿਚ ਜੰਮਣਾ ਉਹਨਾਂ ਦਾ ਹੀ ਸਫਲ ਕਿਹਾ ਜਾਂਦਾ ਹੈ ਜਿਨੑਾਂ ਨੇ ਉਸ ਬੇਅੰਤ ਪ੍ਰਭੂ ਨੂੰ ਸੁਰਤਿ ਜੋੜ ਕੇ ਸਿਮਰਿਆ ਹੈ। ਉਹ ਪਰਮਾਤਮਾ ਆਪ ਹੀ ਜਗਤ-ਰਚਨਾ ਨੂੰ ਢਾਹ ਦੇਂਦਾ ਹੈ, ਢਾਹ ਕੇ ਆਪ ਹੀ ਫਿਰ ਬਣਾ ਲੈਂਦਾ ਹੈ, ਉਹ ਆਪਣੇ ਹੁਕਮ ਵਿਚ ਜੀਵਾਂ ਨੂੰ ਚੰਗੇ ਜੀਵਨ ਵਾਲੇ ਬਣਾਉਂਦਾ ਹੈ। ਜਗਤ ਜੀਵਾਂ ਦਾ ਉੱਦਮ ਤਾਂ ਇਕ ਬਹਾਨਾ ਹੀ ਹੈ, ਹੁੰਦਾ ਉਹੀ ਕੁਝ ਹੈ ਜੋ ਉਸ ਸਰਬ-ਸ਼ਕਤੀਮਾਨ ਪ੍ਰਭੂ ਨੂੰ ਚੰਗਾ ਲੱਗਦਾ ਹੈ।੩।
Darbar Sahib
ਹੇ ਨਾਨਕ! ਆਖ- ਵਿਛੁੜੇ ਸਨਬੰਧੀਆਂ ਦੀ ਮੌਤ ਤੇ ਤਾਂ ਹਰ ਕੋਈ ਵੈਰਾਗ ਵਿਚ ਆ ਜਾਂਦਾ ਹੈ, ਪਰ ਇਹ ਵੈਰਾਗ ਕਿਸੇ ਅਰਥ ਨਹੀਂ, ਹੇ ਭਾਈ! ਉਸੇ ਮਨੁੱਖ ਨੂੰ ਸਹੀ ਵੈਰਾਗ ਵਿਚ ਆਇਆ ਜਾਣੋ, ਜੋ ਪਿਆਰ ਨਾਲ ਪਰਮਾਤਮਾ ਦੇ ਮਿਲਾਪ ਦੀ ਖ਼ਾਤਰ ਵੈਰਾਗ ਵਿਚ ਆਉਂਦਾ ਹੈ। ਹੇ ਭਾਈ! ਦੁਨੀਆ ਦੇ ਧਨ-ਪਦਾਰਥ ਦੀ ਖ਼ਾਤਰ ਜੋ ਰੋਵੀਦਾ ਹੈ ਉਹ ਰੋਣਾ ਸਾਰਾ ਹੀ ਵਿਅਰਥ ਜਾਂਦਾ ਹੈ।
Darbar Sahib
ਪਰਮਾਤਮਾ ਵਲੋਂ ਭੁੱਲਾ ਹੋਇਆ ਜਗਤ ਮਾਇਆ ਦੀ ਖ਼ਾਤਰ ਰੋਂਦਾ ਹੈ, ਇਹ ਸਾਰਾ ਹੀ ਰੁਦਨ ਵਿਅਰਥ ਹੈ। ਇਸ ਰੋਣ ਨਾਲ ਮਨੁੱਖ ਨੂੰ ਚੰਗੇ ਮੰਦੇ ਕੰਮ ਦੀ ਪਛਾਣ ਨਹੀਂ ਆਉਂਦੀ, ਮਾਇਆ ਦੀ ਖ਼ਾਤਰ ਰੋ ਰੋ ਕੇ ਇਸ ਸਰੀਰ ਨੂੰ ਵਿਅਰਥ ਹੀ ਨਾਸ ਕਰ ਲੈਂਦਾ ਹੈ। ਹੇ ਭਾਈ! ਹਰੇਕ ਜੀਵ ਜੋ ਜਗਤ ਵਿਚ ਜਨਮ ਲੈ ਕੇ ਆਇਆ ਹੈ ਆਪਣਾ ਸਮਾਂ ਮੁਕਾ ਕੇ ਚਲਾ ਜਾਇਗਾ, ਨਾਸਵੰਤ ਜਗਤ ਦੇ ਮੋਹ ਵਿਚ ਫਸ ਕੇ ਵਿਅਰਥ ਮਾਣ ਕਰਦੇ ਹੋ। ਹੇ ਨਾਨਕ ਆਖ- ਹੇ ਭਾਈ! ਉਸੇ ਮਨੁੱਖ ਨੂੰ ਸਹੀ ਵੈਰਾਗ ਵਿਚ ਆਇਆ ਸਮਝੋ ਜੋ ਪਰਮਾਤਮਾ ਦੇ ਮਿਲਾਪ ਦੀ ਖ਼ਾਤਰ ਪਿਆਰ ਨਾਲ ਵੈਰਾਗ ਵਿਚ ਆਉਂਦਾ ਹੈ।੪।੧।