
ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ...
ਬਿਹਾਗੜਾ ਮਹਲਾ ੫ ॥
ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥
ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥
ਪ੍ਰਭ ਮਿਲਹੁ ਪਿਆਰੇ ਮਇਆ ਧਾਰੇ ਕਰਿ ਦਇਆ ਲੜਿ ਲਾਇ ਲੀਜੀਐ ॥
ਦੇਹਿ ਨਾਮੁ ਅਪਨਾ ਜਪਉ ਸੁਆਮੀ ਹਰਿ ਦਰਸ ਪੇਖੇ ਜੀਜੀਐ ॥
ਸਮਰਥ ਪੂਰਨ ਸਦਾ ਨਿਹਚਲ ਊਚ ਅਗਮ ਅਪਾਰੇ ॥
ਬਿਨਵੰਤਿ ਨਾਨਕ ਧਾਰਿ ਕਿਰਪਾ ਮਿਲਹੁ ਪ੍ਰਾਨ ਪਿਆਰੇ ॥੧॥
ਜਪ ਤਪ ਬਰਤ ਕੀਨੇ ਪੇਖਨ ਕਉ ਚਰਣਾ ਰਾਮ ॥
ਤਪਤਿ ਨ ਕਤਹਿ ਬੁਝੈ ਬਿਨੁ ਸੁਆਮੀ ਸਰਣਾ ਰਾਮ ॥
ਪ੍ਰਭ ਸਰਣਿ ਤੇਰੀ ਕਾਟਿ ਬੇਰੀ ਸੰਸਾਰੁ ਸਾਗਰੁ ਤਾਰੀਐ ॥
ਅਨਾਥ ਨਿਰਗੁਨਿ ਕਛੁ ਨ ਜਾਨਾ ਮੇਰਾ ਗੁਣੁ ਅਉਗਣੁ ਨ ਬੀਚਾਰੀਐ ॥
ਦੀਨ ਦਇਆਲ ਗੋਪਾਲ ਪ੍ਰੀਤਮ ਸਮਰਥ ਕਾਰਣ ਕਰਣਾ ॥
ਨਾਨਕ ਚਾਤ੍ਰਿਕ ਹਰਿ ਬੂੰਦ ਮਾਗੈ ਜਪਿ ਜੀਵਾ ਹਰਿ ਹਰਿ ਚਰਣਾ ॥੨॥
ਅਮਿਅ ਸਰੋਵਰੋ ਪੀਉ ਹਰਿ ਹਰਿ ਨਾਮਾ ਰਾਮ ॥
ਸੰਤਹ ਸੰਗਿ ਮਿਲੈ ਜਪਿ ਪੂਰਨ ਕਾਮਾ ਰਾਮ ॥
ਸਭ ਕਾਮ ਪੂਰਨ ਦੁਖ ਬਿਦੀਰਨ ਹਰਿ ਨਿਮਖ ਮਨਹੁ ਨ ਬੀਸਰੈ ॥
ਆਨੰਦ ਅਨਦਿਨੁ ਸਦਾ ਸਾਚਾ ਸਰਬ ਗੁਣ ਜਗਦੀਸਰੈ ॥
ਅਗਣਤ ਊਚ ਅਪਾਰ ਠਾਕੁਰ ਅਗਮ ਜਾ ਕੋ ਧਾਮਾ ॥
ਬਿਨਵੰਤਿ ਨਾਨਕ ਮੇਰੀ ਇਛ ਪੂਰਨ ਮਿਲੇ ਸ੍ਰੀਰੰਗ ਰਾਮਾ ॥੩॥
ਕਈ ਕੋਟਿਕ ਜਗ ਫਲਾ ਸੁਣਿ ਗਾਵਨਹਾਰੇ ਰਾਮ ॥
ਹਰਿ ਹਰਿ ਨਾਮੁ ਜਪਤ ਕੁਲ ਸਗਲੇ ਤਾਰੇ ਰਾਮ ॥
ਹਰਿ ਨਾਮੁ ਜਪਤ ਸੋਹੰਤ ਪ੍ਰਾਣੀ ਤਾ ਕੀ ਮਹਿਮਾ ਕਿਤ ਗਨਾ ॥
ਹਰਿ ਬਿਸਰੁ ਨਾਹੀ ਪ੍ਰਾਨ ਪਿਆਰੇ ਚਿਤਵੰਤਿ ਦਰਸਨੁ ਸਦ ਮਨਾ ॥
ਸੁਭ ਦਿਵਸ ਆਏ ਗਹਿ ਕੰਠਿ ਲਾਏ ਪ੍ਰਭ ਊਚ ਅਗਮ ਅਪਾਰੇ ॥
ਬਿਨਵੰਤਿ ਨਾਨਕ ਸਫਲੁ ਸਭੁ ਕਿਛੁ ਪ੍ਰਭ ਮਿਲੇ ਅਤਿ ਪਿਆਰੇ ॥੪॥੩॥੬॥
ਬੁੱਧਵਾਰ, ੩੦ ਸਾਵਣ (ਸੰਮਤ ੫੫੧ ਨਾਨਕਸ਼ਾਹੀ) ਅੰਗ: ੫੪੫