ਅੱਜ ਦਾ ਹੁਕਮਨਾਮਾ (16 ਜਨਵਰੀ 2023)
Published : Jan 16, 2023, 7:10 am IST
Updated : Jan 16, 2023, 7:10 am IST
SHARE ARTICLE
Sri Darbar Sahib
Sri Darbar Sahib

ਸੋਰਠਿ ਮਹਲਾ ੩ ਘਰੁ ੧ ਤਿਤੁਕੀ

ਸੋਰਠਿ ਮਹਲਾ ੩ ਘਰੁ ੧ ਤਿਤੁਕੀ

ੴ ਸਤਿਗੁਰ ਪ੍ਰਸਾਦਿ॥

ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥

ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥

ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥

ਹਰਿ ਜੀ ਏਹ ਤੇਰੀ ਵਡਿਆਈ ॥

ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥

ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥

ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥

ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥

ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥

ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥

ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥

ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥

ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥

ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥

ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥

ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥

ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥

ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥

ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥

ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥

ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥

ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥

ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥

ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥

ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥

ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥

ਸੋਮਵਾਰ, ੩ ਮਾਘ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੩੭)

 

ਪੰਜਾਬੀ ਵਿਆਖਿਆ:

ਸੋਰਠਿ ਮਹਲਾ ੩ ਘਰੁ ੧ ਤਿਤੁਕੀ

ੴ ਸਤਿਗੁਰ ਪ੍ਰਸਾਦਿ॥

ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ ਭਗਤਾਂ ਦੀ ਇੱਜ਼ਤ ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ, ਉਹਨਾਂ ਨੂੰ ਨਿਸ਼ਚਾ ਹੁੰਦਾ ਹੈ ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧। ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! ਭਗਤਾਂ ਦੀ ਇੱਜ਼ਤ ਤੇਰੀ ਹੀ ਇੱਜ਼ਤ ਹੈ। ਰਹਾਉ।ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ। ਕਿਉਂਕਿ ਮੌਤ ਦੇ ਡਰ ਦੇ ਥਾਂ ਸਿਰਫ਼ ਪਰਮਾਤਮਾ ਦਾ ਨਾਮ ਉਹਨਾਂ ਦੇ ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ ਮੌਤ ਦੇ ਡਰ ਤੋਂ ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ ਗੁਰੂ ਦੀ ਸ਼ਰਨ ਪੈ ਕੇ ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ ਟਿਕੇ ਰਹਿੰਦੇ ਹਨ, ਇਸ ਵਾਸਤੇ ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨।

 

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ ਪਰਮਾਤਮਾ ਉਤੇ ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ ਮਨਮੁਖਾਂ ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।੩। ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਅੰਦਰੋਂ ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ ਹੇ ਪ੍ਰਭੂ! ਤੇਰੇ ਨਾਲ ਸਾਂਝ ਪਾ ਲਈ ਹੈ।੪। ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।੫।

ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ ਪਰਮਾਤਮਾ ਦਾ ਮਿਲਾਪ ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ, ਇਸ ਗੇੜ ਤੋਂ ਬਚਣ ਲਈ ਕੋਈ ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ ਜੀਵਨ ਬਤੀਤ ਕਰਦੇ ਆਖਰ ਦੁੱਖ ਵਿਚ ਹੀ ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, ਤੇ, ਇਸ ਤਰ੍ਹਾਂ ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨ੍ਹਾਂ ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ ਮਿਥੇ ਹੋਏ ਧਾਰਮਿਕ ਕਰਮ ਕਰਦਾ ਰਹੇ। ਪੰਡਿਤ ਲੋਕ ਵੇਦ ਆਦਿਕ ਧਰਮ-ਪੁਸਤਕਾਂ ਪੜ੍ਹਦੇ ਹਨ, ਅਤੇ ਉਹਨਾਂ ਬਾਬਤ ਨਿਰੀਆਂ ਬਹਿਸਾਂ ਹੀ ਕਰਦੇ ਹਨ। ਯਕੀਨ ਜਾਣੋ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇੱਜ਼ਤ ਗਵਾ ਲਈ ਹੈ।

ਹੇ ਭਾਈ! ਗੁਰੂ ਸਦਾ-ਥਿਰ ਪ੍ਰਭੂ ਦੇ ਨਾਮ ਦਾ ਉਪਦੇਸ਼ ਕਰਨ ਵਾਲਾ ਹੈ, ਉਸ ਦੀ ਬਾਣੀ ਭੀ ਪਰਮਾਤਮਾ ਦੀ ਸਿਫ਼ਤਿ ਸਾਲਾਹ ਵਾਲੀ ਹੈ। ਜੇਹੜੇ ਮਨੁੱਖ ਦੌੜ ਕੇ ਗੁਰੂ ਦੀ ਸ਼ਰਨ ਜਾ ਪੈਂਦੇ ਹਨ, ਉਹ ਆਤਮਕ ਮੌਤ ਤੋਂ ਬਚ ਜਾਂਦੇ ਹਨ।੭। ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ। ਉਹਨਾਂ ਮਨੁੱਖਾਂ ਦੀ ਵਡਿਆਈ ਹਰੇਕ ਜੁਗ ਵਿਚ ਹੀ ਹੁੰਦੀ ਹੈ, ਕੋਈ ਨਿੰਦਕ ਆਦਿਕ ਉਹਨਾਂ ਦੀ ਇਸ ਹੋ ਰਹੀ ਵਡਿਆਈ ਨੂੰ ਮਿਟਾ ਨਹੀਂ ਸਕਦਾ। ਹੇ ਨਾਨਕ! ਆਖ- ਮੈਂ ਉਹਨਾਂ ਮਨੁੱਖਾਂ ਤੋਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਪਰਮਾਤਮਾ ਦੇ ਨਾਮ ਨੂੰ ਆਪਣੇ ਹਿਰਦੇ ਵਿਚ ਵਸਾ ਰੱਖਿਆ ਹੈ।੮।੧।

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement