Ajj da Hukamnama Sri Darbar Sahib: ਸੋਰਠਿ ਮਹਲਾ ੫ ॥
Ajj da Hukamnama Sri Darbar Sahib: ਸੋਰਠਿ ਮਹਲਾ ੫ ॥
ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥
ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥
ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥
ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥
ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥
ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥
ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥
ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥
ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥
ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥
ਸੋਮਵਾਰ, ੧ ਅੱਸੂ (ਸੰਮਤ ੫੫੬ ਨਾਨਕਸ਼ਾਹੀ)
(ਅੰਗ : ੬੧੬)
ਪੰਜਾਬੀ ਵਿਆਖਿਆ:
ਸੋਰਠਿ ਮਹਲਾ ੫ ॥
ਹੇ ਭਾਈ! ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, ਉਸ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ । ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ ।੧। ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ । ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ ।ਰਹਾਉ। ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ, ਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ, ਤੇ, ਦੁੱਖ ਸਹਾਰਦਾ ਰਹਿੰਦਾ ਹੈ ।੨। (ਮਾਇਆ ਦੇ ਮੋਹ ਦੇ ਹਨੇਰੇ ਵਿਚ ਫਸਿਆ ਮਨੁੱਖ) ਦਰਵਾਜ਼ੇ ਬੰਦ ਕਰਕੇ ਅਨੇਕਾਂ ਪਰਦਿਆਂ ਦੇ ਪਿੱਛੇ ਪਰਾਈ ਇਸਤ੍ਰੀ ਨਾਲ ਕੁਕਰਮ ਕਰਦਾ ਹੈ । (ਪਰ, ਹੇ ਭਾਈ!) ਜਦੋਂ (ਧਰਮ ਰਾਜ ਦੇ ਦੂਤ) ਚਿੱਤ੍ਰ ਅਤੇ ਗੁਪਤ (ਤੇਰੀਆਂ ਕਰਤੂਤਾਂ ਦਾ) ਹਿਸਾਬ ਮੰਗਣਗੇ, ਤਦੋਂ ਕੋਈ ਭੀ ਤੇਰੀਆਂ ਕਰਤੂਤਾਂ ਉਤੇ ਪਰਦਾ ਨਹੀਂ ਪਾ ਸਕੇਗਾ ।੩। ਹੇ ਨਾਨਕ! (ਆਖ—) ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਤੈਥੋਂ ਬਿਨਾ ਹੋਰ ਕੋਈ ਆਸਰਾ ਨਹੀਂ ਹੈ । ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ । ਸੰਸਾਰ-ਸਮੁੰਦਰ ਵਿਚ (ਡੁੱਬਦੇ ਨੂੰ ਮੈਨੂੰ ਬਾਂਹ ਫੜ ਕੇ) ਕੱਢ ਲੈ ।੪।੧੫।੨੬।