ਅੱਜ ਦਾ ਹੁਕਮਨਾਮਾ
Published : Feb 24, 2020, 7:34 am IST
Updated : Feb 26, 2020, 4:04 pm IST
SHARE ARTICLE
Photo
Photo

ਸੂਹੀ ਮਹਲਾ ੩ ॥

ਸੂਹੀ ਮਹਲਾ ੩ ॥

ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥

ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥

ਤਿਸੁ ਬਿਨੁ ਅਵਰੁ ਨ ਕੋਈ ਸਦਾ ਸਚੁ ਸੋਈ ਗੁਰਮੁਖਿ ਏਕੋ ਜਾਣਿਆ ॥

ਧਨ ਪਿਰ ਮੇਲਾਵਾ ਹੋਆ ਗੁਰਮਤੀ ਮਨੁ ਮਾਨਿਆ ॥

ਸਤਿਗੁਰੁ ਮਿਲਿਆ ਤਾ ਹਰਿ ਪਾਇਆ ਬਿਨੁ ਹਰਿ ਨਾਵੈ ਮੁਕਤਿ ਨ ਹੋਈ ॥

ਨਾਨਕ ਕਾਮਣਿ ਕੰਤੈ ਰਾਵੇ ਮਨਿ ਮਾਨਿਐ ਸੁਖੁ ਹੋਈ ॥੧॥

ਸਤਿਗੁਰੁ ਸੇਵਿ ਧਨ ਬਾਲੜੀਏ ਹਰਿ ਵਰੁ ਪਾਵਹਿ ਸੋਈ ਰਾਮ ॥

ਸਦਾ ਹੋਵਹਿ ਸੋਹਾਗਣੀ ਫਿਰਿ ਮੈਲਾ ਵੇਸੁ ਨ ਹੋਈ ਰਾਮ ॥

ਫਿਰਿ ਮੈਲਾ ਵੇਸੁ ਨ ਹੋਈ ਗੁਰਮੁਖਿ ਬੂਝੈ ਕੋਈ ਹਉਮੈ ਮਾਰਿ ਪਛਾਣਿਆ ॥

ਕਰਣੀ ਕਾਰ ਕਮਾਵੈ ਸਬਦਿ ਸਮਾਵੈ ਅੰਤਰਿ ਏਕੋ ਜਾਣਿਆ ॥

ਗੁਰਮੁਖਿ ਪ੍ਰਭੁ ਰਾਵੇ ਦਿਨੁ ਰਾਤੀ ਆਪਣਾ ਸਾਚੀ ਸੋਭਾ ਹੋਈ ॥

ਨਾਨਕ ਕਾਮਣਿ ਪਿਰੁ ਰਾਵੇ ਆਪਣਾ ਰਵਿ ਰਹਿਆ ਪ੍ਰਭੁ ਸੋਈ ॥੨॥

ਗੁਰ ਕੀ ਕਾਰ ਕਰੇ ਧਨ ਬਾਲੜੀਏ ਹਰਿ ਵਰੁ ਦੇਇ ਮਿਲਾਏ ਰਾਮ ॥

ਹਰਿ ਕੈ ਰੰਗਿ ਰਤੀ ਹੈ ਕਾਮਣਿ ਮਿਲਿ ਪ੍ਰੀਤਮ ਸੁਖੁ ਪਾਏ ਰਾਮ ॥

ਮਿਲਿ ਪ੍ਰੀਤਮ ਸੁਖੁ ਪਾਏ ਸਚਿ ਸਮਾਏ ਸਚੁ ਵਰਤੈ ਸਭ ਥਾਈ ॥

ਸਚਾ ਸੀਗਾਰੁ ਕਰੇ ਦਿਨੁ ਰਾਤੀ ਕਾਮਣਿ ਸਚਿ ਸਮਾਈ ॥

ਹਰਿ ਸੁਖਦਾਤਾ ਸਬਦਿ ਪਛਾਤਾ ਕਾਮਣਿ ਲਇਆ ਕੰਠਿ ਲਾਏ ॥

ਨਾਨਕ ਮਹਲੀ ਮਹਲੁ ਪਛਾਣੈ ਗੁਰਮਤੀ ਹਰਿ ਪਾਏ ॥੩॥

ਸਾ ਧਨ ਬਾਲੀ ਧੁਰਿ ਮੇਲੀ ਮੇਰੈ ਪ੍ਰਭਿ ਆਪਿ ਮਿਲਾਈ ਰਾਮ ॥

ਗੁਰਮਤੀ ਘਟਿ ਚਾਨਣੁ ਹੋਆ ਪ੍ਰਭੁ ਰਵਿ ਰਹਿਆ ਸਭ ਥਾਈ ਰਾਮ ॥

ਪ੍ਰਭੁ ਰਵਿ ਰਹਿਆ ਸਭੁ ਥਾਈ ਮੰਨਿ ਵਸਾਈ ਪੂਰਬਿ ਲਿਖਿਆ ਪਾਇਆ ॥

ਸੇਜ ਸੁਖਾਲੀ ਮੇਰੇ ਪ੍ਰਭ ਭਾਣੀ ਸਚੁ ਸੀਗਾਰੁ ਬਣਾਇਆ ॥

ਕਾਮਣਿ ਨਿਰਮਲ ਹਉਮੈ ਮਲੁ ਖੋਈ ਗੁਰਮਤਿ ਸਚਿ ਸਮਾਈ ॥

ਨਾਨਕ ਆਪਿ ਮਿਲਾਈ ਕਰਤੈ ਨਾਮੁ ਨਵੈ ਨਿਧਿ ਪਾਈ ॥੪॥੩॥੪॥

ਸੋਮਵਾਰ, ੧੨ ਫੱਗਣ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੭੬੯)

ਪੰਜਾਬੀ ਵਿਆਖਿਆ:

ਸੂਹੀ ਮਹਲਾ ੩ ॥
ਹੇ ਭਾਈ! (ਜੁਗ ਚਾਹੇ ਕੋਈ ਭੀ ਹੋਵੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ ਖਸਮ-ਪ੍ਰਭੂ ਦਾ ਮਿਲਾਪ ਨਹੀਂ ਹੁੰਦਾ, ਜੀਵ-ਇਸਤ੍ਰੀ ਭਾਵੇਂ ਚੌਹਾਂ ਜੁਗਾਂ ਵਿਚ ਭਟਕਦੀ ਫਿਰੇ । ਉਸ ਪ੍ਰਭੂ-ਪਤੀ ਦਾ ਹੁਕਮ ਅਟੱਲ ਹੈ (ਕਿ ਗੁਰੂ ਦੀ ਰਾਹੀਂ ਹੀ ਉਸ ਦਾ ਮਿਲਾਪ ਪ੍ਰਾਪਤ ਹੁੰਦਾ ਹੈ) । ਉਸ ਤੋਂ ਬਿਨਾ ਕੋਈ ਹੋਰ ਉਸ ਦੀ ਬਰਾਬਰੀ ਦਾ ਨਹੀਂ (ਜੋ ਇਸ ਹੁਕਮ ਨੂੰ ਬਦਲਾਅ ਸਕੇ) ।

 

ਹੇ ਭਾਈ! ਉਸ ਪ੍ਰਭੂ ਤੋਂ ਬਿਨਾ ਉਸ ਵਰਗਾ ਹੋਰ ਕੋਈ ਨਹੀਂ । ਉਹ ਪ੍ਰਭੂ ਆਪ ਹੀ ਸਦਾ ਕਾਇਮ ਰਹਿਣ ਵਾਲਾ ਹੈ । ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ੍ਰੀ ਉਸ ਇੱਕ ਨਾਲ ਹੀ ਡੂੰਘੀ ਸਾਂਝ ਬਣਾਂਦੀ ਹੈ । ਜਦੋਂ ਗੁਰੂ ਦੀ ਮਤਿ ਉਤੇ ਤੁਰ ਕੇ ਜੀਵ-ਇਸਤ੍ਰੀ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਂਦਾ ਹੈ, ਤਦੋਂ ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ ।

 

ਹੇ ਭਾਈ! ਜਦੋਂ ਗੁਰੂ ਮਿਲਦਾ ਹੈ ਤਦੋਂ ਹੀ ਪ੍ਰਭੂ ਦੀ ਪ੍ਰਾਪਤੀ ਹੁੰਦੀ ਹੈ (ਗੁਰੂ ਹੀ ਪ੍ਰਭੂ ਦਾ ਨਾਮ ਜੀਵ-ਇਸਤ੍ਰੀ ਦੇ ਹਿਰਦੇ ਵਿਚ ਵਸਾਂਦਾ ਹੈ, ਤੇ ਪਰਮਾਤਮਾ ਦੇ ਨਾਮ ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ ਨਹੀਂ ਹੁੰਦੀ । ਹੇ ਨਾਨਕ! ਜੇ ਮਨ ਪ੍ਰਭੂ ਦੀ ਯਾਦ ਵਿਚ ਗਿੱਝ ਜਾਏ, ਤਾਂ ਜੀਵ-ਇਸਤ੍ਰੀ ਪ੍ਰਭੂ ਦਾ ਮਿਲਾਪ ਮਾਣਦੀ ਹੈ, ਉਸ ਦੇ ਹਿਰਦੇ ਵਿਚ ਆਨੰਦ ਪੈਦਾ ਹੋਇਆ ਰਹਿੰਦਾ ਹੈ ।੧।

 

ਹੇ ਅੰਞਾਣ ਜਿੰਦੇ! ਗੁਰੂ ਦੀ ਦੱਸੀ ਕਾਰ ਕਰਿਆ ਕਰ, (ਇਸ ਤਰ੍ਹਾਂ ਤੂੰ ਪ੍ਰਭੂ-ਪਤੀ ਨੂੰ ਪ੍ਰਾਪਤ ਕਰ ਲਏਂਗੀ । ਤੂੰ ਸਦਾ ਵਾਸਤੇ ਖਸਮ-ਵਾਲੀ ਹੋ ਜਾਏਂਗੀ, ਫਿਰ ਕਦੇ ਪ੍ਰਭੂ-ਪਤੀ ਨਾਲੋਂ ਵਿਛੋੜਾ ਨਹੀਂ ਹੋਏਗਾ! ਕੋਈ ਵਿਰਲੀ ਜੀਵ-ਇਸਤ੍ਰੀ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਇਹ ਗੱਲ ਸਮਝਦੀ ਹੈ (ਕਿ ਗੁਰੂ ਦੀ ਰਾਹੀਂ ਪ੍ਰਭੂ ਨਾਲ ਮਿਲਾਪ ਹੋਇਆਂ) ਫਿਰ ਉਸ ਤੋਂ ਕਦੇ ਵਿਛੋੜਾ ਨਹੀਂ ਹੁੰਦਾ । ਉਹ ਜੀਵ-ਇਸਤ੍ਰੀ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਪ੍ਰਭੂ ਨਾਲ ਸਾਂਝ ਕਾਇਮ ਰੱਖਦੀ ਹੈ ।

 

ਉਹ ਜੀਵ-ਇਸਤ੍ਰੀ (ਪ੍ਰਭੂ-ਸਿਮਰਨ ਦੀ) ਕਰਨ-ਜੋਗ ਕਾਰ ਕਰਦੀ ਰਹਿੰਦੀ ਹੈ, ਗੁਰੂ ਦੇ ਸ਼ਬਦ ਵਿਚ ਲੀਨ ਰਹਿੰਦੀ ਹੈ, ਆਪਣੇ ਹਿਰਦੇ ਵਿਚ ਇਕ ਪ੍ਰਭੂ ਨਾਲ ਜੀਵ-ਇਸਤ੍ਰੀ ਪਛਾਣ ਪਾਈ ਰੱਖਦੀ ਹੈ । ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ੍ਰੀ ਦਿਨ ਰਾਤ ਆਪਣੇ ਪ੍ਰਭੂ ਦਾ ਨਾਮ ਸਿਮਰਦੀ ਰਹਿੰਦੀ ਹੈ, (ਲੋਕ ਪਰਲੋਕ ਵਿਚ) ਉਸ ਨੂੰ ਸਦਾ ਕਾਇਮ ਰਹਿਣ ਵਾਲੀ ਇੱਜ਼ਤ ਮਿਲਦੀ ਹੈ । ਉਹ ਜੀਵ-ਇਸਤ੍ਰੀ ਆਪਣੇ ਉਸ ਪ੍ਰਭੂ-ਪਤੀ ਨੂੰ ਹਰ ਵੇਲੇ ਯਾਦ ਕਰਦੀ ਹੈ ਜੋ ਹਰ ਥਾਂ ਵਿਆਪਕ ਹੈ ।੨।

 

ਹੇ ਅੰਞਾਣ ਜਿੰਦੇ! ਗੁਰੂ ਦੀ ਦੱਸੀ ਹੋਈ ਕਾਰ ਕਰਿਆ ਕਰ । ਗੁਰੂ ਪ੍ਰਭੂ-ਪਤੀ ਨਾਲ ਮਿਲਾ ਦੇਂਦਾ ਹੈ । ਜੇਹੜੀ ਜੀਵ-ਇਸਤ੍ਰੀ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਜਾਂਦੀ ਹੈ, ਉਹ ਪਿਆਰੇ ਪ੍ਰਭੂ ਨੂੰ ਮਿਲ ਕੇ ਆਤਮਕ ਆਨੰਦ ਮਾਣਦੀ ਹੈ । ਪ੍ਰਭੂ-ਪ੍ਰੀਤਮ ਨੂੰ ਮਿਲ ਕੇ ਉਹ ਆਤਮਕ ਆਨੰਦ ਮਾਣਦੀ ਹੈ, ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦੀ ਹੈ, ਉਹ ਸਦਾ-ਥਿਰ ਪ੍ਰਭੂ ਉਸ ਨੂੰ ਸਭ ਥਾਵਾਂ ਵਿਚ ਵੱਸਦਾ ਦਿੱਸਦਾ ਹੈ ।

 

ਉਹ ਜੀਵ-ਇਸਤ੍ਰੀ ਸਦਾ-ਥਿਰ ਪ੍ਰਭੂ ਦੀ ਯਾਦ ਵਿਚ ਮਸਤ ਰਹਿੰਦੀ ਹੈ, ਇਹੀ ਸਦਾ ਕਾਇਮ ਰਹਿਣ ਵਾਲਾ (ਆਤਮਕ) ਸਿੰਗਾਰ ਉਹ ਦਿਨ ਰਾਤ ਕਰੀ ਰੱਖਦੀ ਹੈ । ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ ਜੀਵ-ਇਸਤ੍ਰੀ ਸਾਰੇ ਸੁਖ ਦੇਣ ਵਾਲੇ ਪ੍ਰਭੂ ਨਾਲ ਸਾਂਝ ਪਾਂਦੀ ਹੈ, ਉਸ ਨੂੰ ਆਪਣੇ ਗਲ ਨਾਲ ਲਾਈ ਰੱਖਦੀ ਹੈ (ਗਲੇ ਵਿਚ ਪ੍ਰੋ ਲੈਂਦੀ ਹੈ, ਹਰ ਵੇਲੇ ਉਸ ਦਾ ਜਾਪ ਕਰਦੀ ਹੈ) ।

 

ਹੇ ਨਾਨਕ! ਉਹ ਜੀਵ-ਇਸਤ੍ਰੀ ਮਾਲਕ-ਪ੍ਰਭੂ ਦਾ ਮਹਲ ਲੱਭ ਲੈਂਦੀ ਹੈ, ਗੁਰੂ ਦੀ ਮਤਿ ਉਤੇ ਤੁਰ ਕੇ ਉਹ ਪ੍ਰਭੂ-ਪਤੀ ਦਾ ਮਿਲਾਪ ਪ੍ਰਾਪਤ ਕਰ ਲੈਂਦੀ ਹੈ ।੩।ਹੇ ਭਾਈ! ਜਿਸ ਅੰਞਾਣ ਜੀਵ-ਇਸਤ੍ਰੀ ਨੂੰ ਧੁਰ ਦਰਗਾਹ ਤੋਂ ਮਿਲਾਪ ਦਾ ਲੇਖ ਪ੍ਰਾਪਤ ਹੋਇਆ, ਉਸ ਨੂੰ ਪ੍ਰਭੂ ਨੇ ਆਪ ਆਪਣੇ ਚਰਨਾਂ ਵਿਚ ਜੋੜ ਲਿਆ । ਉਸ ਜੀਵ-ਇਸਤ੍ਰੀ ਦੇ ਹਿਰਦੇ ਵਿਚ ਇਹ ਚਾਨਣ ਹੋ ਗਿਆ ਕਿ ਪਰਮਾਤਮਾ ਸਭ ਥਾਈਂ ਮੌਜੂਦ ਹੈ ।

 

ਸਭ ਥਾਈਂ ਵਿਆਪਕ ਹੋ ਰਹੇ ਪ੍ਰਭੂ ਨੂੰ ਉਸ ਜੀਵ-ਇਸਤ੍ਰੀ ਨੇ ਆਪਣੇ ਮਨ ਵਿਚ ਵਸਾ ਲਿਆ, ਪਿਛਲੇ ਜਨਮ ਵਿਚ ਲਿਖਿਆ ਲੇਖ (ਉਸ ਦੇ ਮੱਥੇ ਉਤੇ) ਉੱਘੜ ਪਿਆ । ਉਹ ਜੀਵ-ਇਸਤ੍ਰੀ ਪਿਆਰੇ ਪ੍ਰਭੂ ਨੂੰ ਚੰਗੀ ਲੱਗਣ ਲੱਗ ਪਈ, ਉਸ ਦਾ ਹਿਰਦਾ-ਸੇਜ ਆਨੰਦ-ਭਰਪੂਰ ਹੋ ਗਿਆ, ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨ ਨੂੰ ਉਸ ਨੇ (ਆਪਣੇ ਜੀਵਨ ਦਾ) ਸੁਹਜ ਬਣਾ ਲਿਆ ।

 

ਜੇਹੜੀ ਜੀਵ ਇਸਤ੍ਰੀ ਗੁਰੂ ਦੀ ਮਤਿ ਲੈ ਕੇ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਜਾਂਦੀ ਹੈ, ਉਹ (ਆਪਣੇ ਅੰਦਰੋਂ) ਹਉਮੈ ਦੀ ਮੈਲ ਦੂਰ ਕਰ ਲੈਂਦੀ ਹੈ, ਉਹ ਪਵਿਤ੍ਰ ਜੀਵਨ ਵਾਲੀ ਬਣ ਜਾਂਦੀ ਹੈ । ਹੇ ਨਾਨਕ! (ਆਖ—) ਕਰਤਾਰ ਨੇ ਆਪ ਉਸ ਨੂੰ ਨਾਲ ਮਿਲਾ ਲਿਆ, ਉਸ ਨੇ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ, ਜੋ ਉਸ ਦੇ ਵਾਸਤੇ ਸ੍ਰਿਸ਼ਟੀ ਦੇ ਨੌ ਹੀ ਖ਼ਜ਼ਾਨੇ ਹੈ ।੪।੩।੪।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement