ਅੱਜ ਦਾ ਹੁਕਮਨਾਮਾ
Published : Mar 24, 2020, 6:20 am IST
Updated : Mar 24, 2020, 6:20 am IST
SHARE ARTICLE
Photo
Photo

ਸੋਰਠਿ ਮਹਲਾ ੫ ॥

ਸੋਰਠਿ ਮਹਲਾ ੫ ॥
ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ 
ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ 
ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ 
ਹਰਿ ਜੀਉ ਨਿਮਾਣਿਆ ਤੂ ਮਾਣੁ ॥ 
ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ 
ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ 
ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ 
ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ 
ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ 
ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ 
ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ 
ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ 
ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ 
ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥

FileFile

ਮੰਗਲਵਾਰ, ੧੧ ਚੇਤ (ਸੰਮਤ ੫੫੨ ਨਾਨਕਸ਼ਾਹੀ) ਅੰਗ: ੬੨੪
ਸੋਰਠਿ ਮਹਲਾ ੫ ॥
ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ । ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ । ਪਰ ਹੇ ਪ੍ਰਭੂ! ਮੇਰਾ ਨਾਮ 'ਗੋਬਿੰਦ ਦਾ ਭਗਤ' ਪੈ ਗਿਆ ਹੈ । ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ ।੧। ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ । ਮੈਂ ਤੇਰੀ ਤਾਕਤ ਤੋਂ ਸਦਕੇ ਤੋਂ ਜਾਂਦਾ ਹਾਂ । ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ ।ਰਹਾਉ।

FileFile

ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ ।੨। ਹੇ ਭਾਈ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹੈ । (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈ? ਹੇ ਭਾਈ! ਪਰਮਾਤਮਾ ਨਿਰੀਆਂ ਜ਼ਬਾਨੀ ਗੱਲਾਂ ਨਾਲ ਖ਼ੁਸ਼ ਨਹੀਂ ਹੁੰਦਾ । (ਕਰਣੀ ਕਰ ਕੇ ਜੇਹੜਾ ਮਨੁੱਖ) ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ । ਹੇ ਪ੍ਰਭੂ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ ਹੀ ਰੱਖਿਆ ਹੋਇਆ ਹੈ ।੩। ਹੇ ਭਾਈ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ ਲੈਂਦਾ ਹੈ, ਉਸ ਨੂੰ ਪੂਰਾ ਗੁਰੂ ਮੇਲ ਦੇਂਦਾ ਹੈ ਮਿਲਾ ਦੇਂਦਾ ਹੈ (ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ । ਹੇ ਦਾਸ ਨਾਨਕ! (ਆਖ—ਗੁਰੂ ਜਿਸ ਮਨੁੱਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ ।੪।੧੨।੬੨।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM
Advertisement