
ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ
ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ
ੴ ਸਤਿਗੁਰ ਪ੍ਰਸਾਦਿ ॥
ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥
ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥
ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥
ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥
ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥
ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥
Sri Golden Temple
ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨੑ ਅਪੁਨਾ ਪ੍ਰਭੁ ਜਾਤਾ ॥
ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥
ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ ॥
ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥
ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥
ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥
ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ ॥
ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥੩॥
Sri Guru Granth Sahib Ji
ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥
ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਘਨੇਰੇ ॥
ਪਸੂ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੈ ॥
ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ ਬਲਿਹਾਰੈ ॥੪॥੧॥੪॥
ਬੁੱਧਵਾਰ, ੮ ਭਾਦੋਂ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੮੦੨)
Golden Temple
ਪੰਜਾਬੀ ਵਿਆਖਿਆ:
ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ
ੴ ਸਤਿਗੁਰ ਪ੍ਰਸਾਦਿ ॥
ਹੇ ਪਿਆਰੇ ਪ੍ਰਭੂ! ਮੇਰੇ ਮਨ ਵਿਚ (ਇਕ) ਤੇਰਾ ਹੀ ਆਸਰਾ ਹੈ, ਤੇਰਾ ਹੀ ਆਸਰਾ ਹੈ । ਹੇ ਪਿਆਰੇ ਪ੍ਰਭੂ! ਸਿਰਫ਼ ਤੂੰ ਹੀ (ਅਸਾਂ ਜੀਵਾਂ ਦੀ) ਰੱਖਿਆ ਕਰਨ ਜੋਗਾ ਹੈਂ । (ਤੈਨੂੰ ਭੁਲਾ ਕੇ ਰੱਖਿਆ ਵਾਸਤੇ) ਹੋਰ ਹੋਰ ਚਤੁਰਾਈਆਂ (ਸੋਚਣੀਆਂ) ਕਿਸੇ ਵੀ ਕੰਮ ਨਹੀਂ ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਏ, ਉਹ ਸਦਾ ਖਿੜਿਆ ਰਹਿੰਦਾ ਹੈ ।
ਪਰ, ਹੇ ਭਾਈ! ਉਹੀ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਜਿਸ ਉਤੇ (ਪ੍ਰਭੂ ਆਪ) ਦਇਆਵਾਨ ਹੁੰਦਾ ਹੈ । ਹੇ ਭਾਈ! ਗੁਰੂ ਸੁਆਮੀ ਮਨੁੱਖਾ ਜਨਮ ਦਾ ਮਨੋਰਥ ਪੂਰਾ ਕਰਨ ਦੇ ਸਮਰੱਥ ਹੈ (ਕਿਉਂਕਿ) ਉਹ ਸਾਰੀਆਂ ਤਾਕਤਾਂ ਦਾ ਮਾਲਕ ਹੈ । ਹੇ ਨਾਨਕ! ਗੁਰੂ ਪਰਮਾਤਮਾ ਦਾ ਰੂਪ ਹੈ । (ਆਪਣੇ ਸੇਵਕਾਂ ਦੇ) ਸਦਾ ਹੀ ਅੰਗ-ਸੰਗ ਰਹਿੰਦਾ ਹੈ ।੧। ਹੇ ਭਾਈ! ਜੇਹੜੇ ਮਨੁੱਖ ਆਪਣੇ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦੇ ਹਨ, ਉਹਨਾਂ ਦੀ ਸੋਭਾ ਸੁਣ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ ।
Sri Harmandir Sahib
(ਉਹ ਵਡ-ਭਾਗੀ ਮਨੁੱਖ ਸਦਾ) ਪਰਮਾਤਮਾ ਦਾ ਨਾਮ ਸਿਮਰਦੇ ਹਨ, ਪਰਮਾਤਮਾ ਦਾ ਨਾਮ ਉਚਾਰਦੇ ਹਨ, ਪਰਮਾਤਮਾ ਦੇ ਨਾਮ ਵਿਚ ਹੀ ਉਹਨਾਂ ਦਾ ਮਨ ਰੰਗਿਆ ਰਹਿੰਦਾ ਹੈ । ਹੇ ਪ੍ਰਭੂ! (ਤੇਰਾ ਇਹ) ਸੇਵਕ (ਤੇਰੇ ਉਹਨਾਂ) ਸੇਵਕਾਂ ਦੀ ਸੇਵਾ (ਦੀ ਦਾਤਿ ਤੇਰੇ ਪਾਸੋਂ) ਮੰਗਦਾ ਹੈ, (ਤੇਰੀ) ਪੂਰਨ ਬਖ਼ਸ਼ਸ਼ ਨਾਲ (ਹੀ) ਮੈਂ (ਉਹਨਾਂ ਦੀ) ਸੇਵਾ ਦੀ ਕਾਰ ਕਰ ਸਕਦਾ ਹਾਂ । ਹੇ ਮਾਲਕ-ਪ੍ਰਭੂ! (ਤੇਰੇ ਸੇਵਕ) ਨਾਨਕ ਦੀ (ਤੇਰੇ ਦਰ ਤੇ) ਅਰਦਾਸ ਹੈ, (-ਮੇਹਰ ਕਰ) ਮੈਂ ਤੇਰੇ ਸੇਵਕਾਂ ਦਾ ਦਰਸਨ ਕਰ ਸਕਾਂ ।੨।
ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਬਹਿਣ-ਖਲੋਣ ਸਦਾ ਗੁਰਮੁਖਾਂ ਦੀ ਸੰਗਤਿ ਵਿਚ ਹੈ, ਉਹ ਮਨੁੱਖ ਵੱਡੇ ਭਾਗਾਂ ਵਾਲੇ ਆਖੇ ਜਾ ਸਕਦੇ ਹਨ । (ਗੁਰਮੁਖਾਂ ਦੀ ਸੰਗਤਿ ਵਿਚ ਹੀ ਰਹਿ ਕੇ) ਆਤਮਕ ਜੀਵਨ ਦੇਣ ਵਾਲਾ ਪਵਿੱਤਰ ਨਾਮ ਸਿਮਰਿਆ ਜਾ ਸਕਦਾ ਹੈ, ਅਤੇ ਮਨ ਵਿਚ (ਉੱਚੇ ਆਤਮਕ ਜੀਵਨ ਦਾ) ਚਾਨਣ (ਗਿਆਨ) ਪੈਦਾ ਹੁੰਦਾ ਹੈ । ਹੇ ਭਾਈ! (ਗੁਰਮੁਖਾਂ ਦੀ ਸੰਗਤਿ ਵਿਚ ਹੀ) ਸਾਰੀ ਉਮਰ ਦਾ ਦੁੱਖ ਕੱਟਿਆ ਜਾ ਸਕਦਾ ਹੈ, ਅਤੇ ਜਮਰਾਜ ਦੀ ਧੌਂਸ ਭੀ ਮੁੱਕ ਜਾਂਦੀ ਹੈ ।
Sri Harmandir Sahib
ਪਰ, ਹੇ ਨਾਨਕ! (ਗੁਰਮੁਖਾਂ ਦਾ) ਦਰਸਨ ਉਹਨਾਂ ਮਨੁੱਖਾਂ ਨੂੰ ਹੀ ਨਸੀਬ ਹੁੰਦਾ ਹੈ ਜੋ ਆਪਣੇ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ ।੩। ਹੇ ਸਭ ਤੋਂ ਉੱਚੇ, ਅਪਾਰ ਅਤੇ ਬੇਅੰਤ ਮਾਲਕ-ਪ੍ਰਭੂ! ਕੋਈ ਭੀ ਮਨੁੱਖ ਤੇਰੇ (ਸਾਰੇ) ਗੁਣ ਨਹੀਂ ਜਾਣ ਸਕਦਾ । ਜੇਹੜੇ ਮਨੁੱਖ (ਤੇਰੇ ਗੁਣ) ਗਾਂਦੇ ਹਨ, ਉਹ ਵਿਕਾਰਾਂ ਤੋਂ ਬਚ ਨਿਕਲਦੇ ਹਨ । ਜੇਹੜੇ ਮਨੁੱਖ (ਤੇਰੀਆਂ ਸਿਫ਼ਤਾਂ) ਸੁਣਦੇ ਹਨ, ਉਹਨਾਂ ਦੇ ਅਨੇਕਾਂ ਪਾਪ ਨਾਸ ਹੋ ਜਾਂਦੇ ਹਨ । ਹੇ ਭਾਈ! ਪਰਮਾਤਮਾ ਪਸ਼ੂ-ਸੁਭਾਵ ਬੰਦਿਆਂ ਨੂੰ, ਅਤੇ ਮਹਾ ਮੂਰਖਾਂ ਨੂੰ (ਸੰਸਾਰ-ਸਮੁੰਦਰ ਤੋਂ) ਤਾਰ ਦੇਂਦਾ ਹੈ, ਬੜੇ ਬੜੇ ਕਠੋਰ-ਚਿੱਤ ਮਨੁੱਖਾਂ ਨੂੰ ਪਾਰ ਲੰਘਾ ਲੈਂਦਾ ਹੈ । ਹੇ ਨਾਨਕ! (ਆਖ—ਹੇ ਪ੍ਰਭੂ!) ਤੇਰੇ ਦਾਸ ਤੇਰੀ ਸਰਨ ਪਏ ਰਹਿੰਦੇ ਹਨ, ਅਤੇ ਸਦਾ ਹੀ ਤੈਥੋਂ ਸਦਕੇ ਹੁੰਦੇ ਹਨ ।੪।੧।੪।