
ਧਨਾਸਰੀ ਮਹਲਾ ੫।।
ਧਨਾਸਰੀ ਮਹਲਾ ੫ ॥
ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥
ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥
ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥
ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥
ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥
ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥
ਵੀਰਵਾਰ, ੧੩ ਚੇਤ (ਸੰਮਤ ੫੫੨ ਨਾਨਕਸ਼ਾਹੀ) ਅੰਗ: ੬੮੨
File
ਧਨਾਸਰੀ ਮਹਲਾ ੫ ॥
ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ । ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ ।੧।
File
ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ । ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ ।ਰਹਾਉ।
Photo
ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ ।੨।੧੬।੪੭।