
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ
Ajj da Hukamnama Sri Darbar Sahib 31 May 2024: ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਸੁਖ ਸਾਗਰੁ ਸੁਰਤਰ ਚਿੰਤਾਮਨਿ ਕਾਮਧੇਨੁ ਬਸਿ ਜਾ ਕੇ ॥
ਚਾਰਿ ਪਦਾਰਥ ਅਸਟ ਦਸਾ ਸਿਧਿ ਨਵ ਨਿਧਿ ਕਰ ਤਲ ਤਾ ਕੇ ॥੧॥
ਹਰਿ ਹਰਿ ਹਰਿ ਨ ਜਪਹਿ ਰਸਨਾ ॥ ਅਵਰ ਸਭ ਤਿਆਗਿ ਬਚਨ ਰਚਨਾ ॥੧॥ ਰਹਾਉ ॥
ਨਾਨਾ ਖਿਆਨ ਪੁਰਾਨ ਬੇਦ ਬਿਧਿ ਚਉਤੀਸ ਅਖਰ ਮਾਂਹੀ ॥
ਬਿਆਸ ਬਿਚਾਰਿ ਕਹਿਓ ਪਰਮਾਰਥੁ ਰਾਮ ਨਾਮ ਸਰਿ ਨਾਹੀ ॥੨॥
ਸਹਜ ਸਮਾਧਿ ਉਪਾਧਿ ਰਹਤ ਫੁਨਿ ਬਡੈ ਭਾਗਿ ਲਿਵ ਲਾਗੀ ॥
ਕਹਿ ਰਵਿਦਾਸ ਪ੍ਰਗਾਸੁ ਰਿਦੈ ਧਰਿ ਜਨਮ ਮਰਨ ਭੈ ਭਾਗੀ ॥੩॥੪॥
ਸ਼ੁੱਕਰਵਾਰ, ੧੮ ਜੇਠ (ਸੰਮਤ ੫੫੬ ਨਾਨਕਸ਼ਾਹੀ) ੩੧ ਮਈ, ੨੦੨੪ (ਅੰਗ: ੬੫੮)
ਪੰਜਾਬੀ ਵਿਆਖਿਆ:
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥
(ਹੇ ਪੰਡਿਤ!) ਜੋ ਪ੍ਰਭੂ ਸੁਖਾਂ ਦਾ ਸਮੁੰਦਰ ਹੈ, ਜਿਸ ਪ੍ਰਭੂ ਦੇ ਵੱਸ ਵਿਚ ਸੁਰਗ ਦੇ ਪੰਜੇ ਰੁੱਖ, ਚਿੰਤਾਮਣਿ ਤੇ ਕਾਮਧੇਨ ਹਨ, ਧਰਮ ਅਰਥ ਕਾਮ ਮੋਖ ਚਾਰੇ ਪਦਾਰਥ, ਅਠਾਰਾਂ ਸਿੱਧੀਆਂ ਤੇ ਨੌ ਨਿਧੀਆਂ ਇਹ ਸਭ ਉਸੇ ਦੇ ਹੱਥਾਂ ਦੀਆਂ ਤਲੀਆਂ ਉੱਤੇ ਹਨ ।੧। (ਹੇ ਪੰਡਿਤ!) ਤੂੰ ਹੋਰ ਸਾਰੀਆਂ ਫੋਕੀਆਂ ਗੱਲਾਂ ਛੱਡ ਕੇ (ਆਪਣੀ) ਜੀਭ ਨਾਲ ਸਦਾ ਇਕ ਪਰਮਾਤਮਾ ਦਾ ਨਾਮ ਕਿਉਂ ਨਹੀਂ ਸਿਮਰਦਾ? ।੧।ਰਹਾਉ। (ਹੇ ਪੰਡਿਤ!) ਪੁਰਾਣਾਂ ਦੇ ਅਨੇਕ ਕਿਸਮਾਂ ਦੇ ਪ੍ਰਸੰਗ, ਵੇਦਾਂ ਦੀਆਂ ਦੱਸੀਆਂ ਹੋਈਆਂ ਵਿਧੀਆਂ, ਇਹ ਸਭ ਵਾਕ-ਰਚਨਾ ਹੀ ਹਨ (ਅਨੁਭਵੀ ਗਿਆਨ ਨਹੀਂ ਜੋ ਪ੍ਰਭੂ ਦੇ ਚਰਨਾਂ ਵਿਚ ਜੁੜਿਆਂ ਹਿਰਦੇ ਵਿਚ ਪੈਦਾ ਹੁੰਦਾ ਹੈ) ।
(ਹੇ ਪੰਡਿਤ! ਵੇਦਾਂ ਦੇ ਖੋਜੀ) ਵਿਆਸ (ਰਿਸ਼ੀ) ਨੇ ਸੋਚ ਵਿਚਾਰ ਕੇ ਇਹੀ ਧਰਮ-ਤੱਤ ਦੱਸਿਆ ਹੈ ਕਿ (ਇਹਨਾਂ ਪੁਸਤਕਾਂ ਦੇ ਪਾਠ ਆਦਿਕ) ਪਰਮਾਤਮਾ ਦੇ ਨਾਮ ਦਾ ਸਿਮਰਨ ਕਰਨ ਦੀ ਬਰਾਬਰੀ ਨਹੀਂ ਕਰ ਸਕਦੇ । (ਫਿਰ, ਤੂੰ ਕਿਉਂ ਨਾਮ ਨਹੀਂ ਸਿਮਰਦਾ?) ।੨। ਰਵਿਦਾਸ ਆਖਦਾ ਹੈ—ਵੱਡੀ ਕਿਸਮਤ ਨਾਲ ਜਿਸ ਮਨੁੱਖ ਦੀ ਸੁਰਤਿ ਪ੍ਰਭੂ-ਚਰਨਾਂ ਵਿਚ ਜੁੜਦੀ ਹੈ ਉਸ ਦਾ ਮਨ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ । ਕੋਈ ਵਿਕਾਰ ਉਸ ਵਿਚ ਨਹੀਂ ਉੱਠਦਾ, ਉਹ ਮਨੁੱਖ ਆਪਣੇ ਹਿਰਦੇ ਵਿਚ ਚਾਨਣ ਪ੍ਰਾਪਤ ਕਰਦਾ ਹੈ, ਤੇ, ਜਨਮ ਮਰਨ (ਭਾਵ, ਸਾਰੀ ਉਮਰ) ਦੇ ਉਸ ਦੇ ਡਰ ਨਾਸ ਹੋ ਜਾਂਦੇ ਹਨ ।੩।੪।