
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਵੱਖ-ਵੱਖ ਸਮਾਜਿਕ ਭਲਾਈ ਸਕੀਮਾਂ ਦੀ ਜਾਇਜ਼ਾ ਮੀਟਿੰਗ ਦੌਰਾਨ ਵਿੱਤ ਵਿਭਾਗ ਨੇ ਅਹਿਮ ਫੈਸਲਾ ਲਿਆ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਲੰਘੀ 23 ਜਨਵਰੀ ਨੂੰ ਦਿੱਤੇ ਹੁਕਮਾਂ ‘ਤੇ ਅਮਲ ਕਰਦਿਆਂ ਵਿੱਤ ਵਿਭਾਗ ਨੇ ਸੂਬੇ ਵਿੱਚ ਬੁਢਾਪਾ ਪੈਨਸ਼ਨ ਲਈ 128 ਕਰੋੜ ਰੁਪਏ ਦੀ ਰਾਸ਼ੀ ਜਾਰੀ ਦਿੱਤੀ ਹੈ। ਇਹ ਰਾਸ਼ੀ 750 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਲਾਭਪਾਤਰੀਆਂ ਨੂੰ ਅਦਾ ਕੀਤੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਮੁੱਖ ਮੰਤਰੀ ਨੇ ਪਿਛਲੇ ਵਿਧਾਨ ਸਭਾ ਇਜਲਾਸ ਦੌਰਾਨ ਪੈਨਸ਼ਨ ਰਾਸ਼ੀ 500 ਰੁਪਏ ਤੋਂ ਵਧਾ ਕੇ 750 ਰੁਪਏ ਪ੍ਰਤੀ ਮਹੀਨਾ ਕਰਨ ਦਾ ਐਲਾਨ ਕੀਤਾ ਗਿਆ ਸੀ। ਸਰਕਾਰੀ ਬੁਲਾਰੇ ਅਨੁਸਾਰ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਵੱਖ-ਵੱਖ ਸਮਾਜਿਕ ਭਲਾਈ ਸਕੀਮਾਂ ਦੀ ਜਾਇਜ਼ਾ ਮੀਟਿੰਗ ਦੌਰਾਨ ਵਿੱਤ ਵਿਭਾਗ ਵੱਲੋਂ ਇਹ ਖੁਲਾਸਾ ਕੀਤਾ ਗਿਆ ਹੈ। ਲਾਭਪਾਤਰੀਆਂ ਨੂੰ ਪੈਨਸ਼ਨ ਦੀ ਨਿਰੰਤਰ ਅਦਾਇਗੀ ਦੀ ਲੋੜ ਨੂੰ ਦਰਸਾਉਂਦਿਆਂ ਮੁੱਖ ਮੰਤਰੀ ਕੈਪਟਨ ਨੇ ਕਿਹਾ ਕਿ ਯੋਗ ਲਾਭਪਾਤਰੀ ਸਮੇਂ ਸਿਰ ਪੈਨਸ਼ਨ ਦੇ ਹੱਕਦਾਰ ਹਨ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਲਾਭਪਾਤਰੀਆਂ ਕਿਸੇ ਵੀ ਤਰ੍ਹਾਂ ਦੇ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਕੈਪਟਨ ਨੇ ਆਸ ਪ੍ਰਗਟਾਈ ਹੈ ਕਿ ਇਸ ਸਾਲ ਮਾਰਚ ਮਹੀਨੇ ਤੱਕ ਪੈਨਸ਼ਨ ਦੀ ਅਦਾਇਗੀ ਦੀ ਪ੍ਰਕ੍ਰਿਆ ਨੂੰ ਨਿਰੰਤਰ ਹੋ ਜਾਵੇਗੀ। ਉਨ੍ਹਾਂ ਨੇ ਇਕ ਵਾਰ ਫਿਰ ਵਿਭਾਗ ਨੂੰ ਹਦਾਇਤ ਕੀਤੀ ਕਿ ਗ਼ੈਰ-ਹਾਜ਼ਰ ਰਹੇ ਲਾਭਪਾਤਰੀਆਂ ਦੇ ਮਾਮਲਿਆਂ ਨੂੰ ਛੇਤੀ ਤੋਂ ਛੇਤੀ ਹੱਲ ਕੀਤਾ ਜਾਵੇ ਤਾਂ ਕਿ ਸਾਰੇ ਯੋਗ ਲਾਭਪਾਤਰੀਆਂ ਨੂੰ ਸੂਚੀ ਵਿੱਚ ਸ਼ਾਮਲ ਕੀਤਾ ਜਾ ਸਕੇ।
ਇਸ ਵੇਲੇ ਲਾਭਪਾਤਰੀਆਂ ਦੀ ਕੁੱਲ ਗਿਣਤੀ 16,24,269 ਹੈ ਜਦਕਿ ਇਸ ਤੋਂ ਪਹਿਲਾਂ 19,87,196 ਸੀ। ਵਿਭਾਗ ਦੀ 23 ਜਨਵਰੀ ਨੂੰ ਹੋਈ ਆਖਰੀ ਮੀਟਿੰਗ ਵਿੱਚ ਇਹ ਖੁਲਾਸਾ ਕੀਤਾ ਗਿਆ ਸੀ ਕਿ 93,521 ਕੇਸ (4.71 ਫੀਸਦੀ) ਅਯੋਗ ਪਾਏ ਗਏ ਜਦਕਿ ਹੋਰ 1,96,478 ਗੈਰ-ਹਾਜ਼ਰ ਪਾਏ ਗਏ। ਅਯੋਗ ਕੇਸ ਉਨ੍ਹਾਂ ਨਾਲ ਸਬੰਧਤ ਹਨ ਜਿਨ੍ਹਾਂ ਨੇ ਯੋਗਤਾ ਸਬੰਧੀ ਲੋੜੀਂਦੀ ਪ੍ਰਕਿਰਿਆ ਨੂੰ ਪੂਰਾ ਨਹੀਂ ਕੀਤਾ।
ਇਸ ਮੀਟਿੰਗ ਵਿੱਚ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕਿਰਪਾਲ ਸਿੰਘ, ਪ੍ਰਮੁੱਖ ਸਕੱਤਰ ਵਿੱਤ ਅਨਿਰੁਧ ਤਿਵਾੜੀ, ਪ੍ਰਮੁੱਖ ਸਕੱਤਰ ਭਲਾਈ ਆਰ ਵੈਂਕਟਾਰਤਨਮ ਅਤੇ ਡਾਇਰੈਕਟਰ ਭਲਾਈ ਐਮ.ਐਸ. ਜੱਗੀ ਸ਼ਾਮਲ ਸਨ।