
ਅੰਮ੍ਰਿਤਸਰ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਪਣੇ ਪਰਿਵਾਰ ਸਮੇਤ ਅੰਮ੍ਰਿਤਸਰ ਪਹੁੰਚ ਚੁੱਕੇ ਹਨ ਤੇ ਇਸ ਸਮੇਂ ਪ੍ਰੀਕਰਮਾ 'ਚ ਹਾਜ਼ਰ ਹੋਏ। ਇਸ ਮੌਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਜਿਸਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਅੰਮ੍ਰਿਤਸਰ ਹਵਾਈ ਅੱਡੇ 'ਚ ਉਨ੍ਹਾਂ ਦਾ ਸਵਾਗਤ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੂਰੀ ਨੇ ਕੀਤਾ। ਇਸ ਤੋਂ ਇਲਾਵਾ ਟਰੂਡੋ ਦੇ ਸਵਾਗਤ ਕਰਨ ਲਈ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਵੀ ਮੌਜੂਦ ਰਹਿਣਗੇ।
ਇਸ ਤੋਂ ਬਿਨਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਅੰਮ੍ਰਿਤਸਰ ਫੇਰੀ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਰਵਾਇਤਾਂ ਅਨੁਸਾਰ ਸਨਮਾਨ ਕੀਤਾ ਜਾਵੇਗਾ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਟਰੂਡੋ ਨਾਲ ਹੋਟਲ ਤਾਜ਼ 'ਚ ਮੀਟਿੰਗ ਕਰਨਗੇ। ਦੱਸਿਆ ਜਾ ਰਿਹਾ ਹੈ ਕੇ ਦੁਪਹਿਰ 1:30 'ਤੇ ਉਨ੍ਹਾਂ ਦੀ ਹੋਟਲ 'ਤੇ ਪਹੁੰਚਣ ਦੀ ਜਾਣਕਾਰੀ ਹੈ। ਦੱਸ ਦਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੰਡੀਗੜ੍ਹ ਤੋਂ ਅੰਮ੍ਰਿਤਸਰ ਲਈ ਆਪਣੇ ਹੈਲੀਕਾਪਟਰ ਰਾਹੀਂ ਰਵਾਨਾ ਹੋ ਗਏ ਹਨ।