
ਚੰਡੀਗੜ੍ਹ, 12 ਅਕਤੂਬਰ (ਸਸਸ): ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਹੈ ਕਿ ਮਜਬੂਰੀਵਸ ਪਰਾਲੀ ਸਾੜ ਰਹੇ ਕਿਸਾਨਾਂ ਨੂੰ ਡਰਾਵੇ ਦੇਣ ਦੀ ਥਾਂ ਕਾਂਗਰਸ ਸਰਕਾਰ ਉਨ੍ਹਾਂ ਨੂੰ 4 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇ ਕੇ ਪਰਾਲੀ ਨੂੰ ਹੀਲੇ ਲਾਉਣ ਦੇ ਕਿਸੇ ਦੂਜੇ ਬਦਲ ਵਾਸਤੇ ਪ੍ਰੇਰਿਤ ਕਰੇ। ਇਥੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਿੰਨੇ ਅਫ਼ਸੋਸ ਦੀ ਗੱਲ ਹੈ ਕਿ ਪਰਾਲੀ ਦੀ ਸਮੱਸਿਆ ਦਾ ਹੱਲ ਲੱਭਣ ਵਾਸਤੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਥਾਂ ਕਾਂਗਰਸ ਸਰਕਾਰ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਜੁਰਮਾਨੇ ਲਾ ਰਹੀ ਹੈ ਅਤੇ ਉਨ੍ਹਾਂ ਵਿਰੁਧ ਮੁਕੱਦਮੇ ਸ਼ੁਰੂ ਕਰ ਰਹੀ ਹੈ। ਸ. ਮਜੀਠੀਆ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਹੈ ਕਿ ਸਰਕਾਰ ਨੇ ਪਰਾਲੀ ਸਾੜਨ ਤੋਂ ਰੋਕਣ ਦੀ ਸ਼ੁਰੂਆਤ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਚੇਤਾਵਨੀਆਂ ਅਤੇ ਸਬਸਿਡੀਆਂ ਵਾਪਸ ਲੈਣ ਦੀਆਂ ਧਮਕੀਆਂ ਨਾਲ ਕੀਤੀ ਹੈ।
ਉਨ੍ਹਾਂ ਕਿਹਾ ਕਿ ਇਸ ਦੀ ਥਾਂ ਸਰਕਾਰ ਨੂੰ ਪਰਾਲੀ ਦੀ ਸੰਭਾਲ ਵਾਸਤੇ ਕਿਸਾਨਾਂ ਨੂੰ ਉਤਸ਼ਾਹਤ ਕਰਨ ਲਈ ਤੁਰਤ ਉਨ੍ਹਾਂ ਕਿਸਾਨਾਂ ਨੂੰ ਰਜਿਸਟਰ ਕਰਨਾ ਚਾਹੀਦਾ ਹੈ, ਜਿਹੜੇ ਪਰਾਲੀ ਨਹੀਂ ਜਲਾ ਰਹੇ ਅਤੇ ਉਨ੍ਹਾਂ ਨੂੰ 4 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਪਿਛਲੇ 6 ਮਹੀਨਿਆਂ ਵਿਚ 250 ਤੋਂ ਵੱਧ ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ। ਉਹ ਕਿਸੇ ਵੀ ਹਾਲਾਤ ਵਿਚ ਫ਼ਸਲੀ ਰਹਿੰਦ-ਖੂੰਹਦ ਨੂੰ ਆਪਣੇ ਪੱਧਰ ਉਤੇ ਨਹੀਂ ਸੰਭਾਲ ਸਕਦੇ। ਇਸ ਦਾ ਇਕੋ ਤਰੀਕਾ ਹੈ ਕਿ ਇਸ ਸਮੱਸਿਆ ਦੇ ਹੱਲ ਵਿਚ ਉਨ੍ਹਾਂ ਦੀ ਮਦਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਝੋਨੇ ਦੀ ਪਰਾਲੀ ਵਾਸਤੇ ਇਕ ਮਾਰਕੀਟ ਤਿਆਰ ਕਰਨ ਲਈ ਵੱਧ ਤੋਂ ਵੱਧ ਬਾਇਉ-ਮਾਸ ਪਲਾਂਟ ਲਗਵਾਉਣੇ ਚਾਹੀਦੇ ਹਨ।