
ਲੁਧਿਆਣਾ : ਪੰਜਾਬ ਦੇ ਸਭ ਤੋਂ ਵੱਡੇ ਸਨਅਤੀ ਸ਼ਹਿਰ ਲੁਧਿਆਣਾ ‘ਚ ਵੱਧ ਰਹੇ ਕਰਾਈਮ ਨੂੰ ਦੇਖਦਿਆਂ ਲੁਧਿਆਣਾ ਪੁਲਿਸ ਕਮਿਸ਼ਨਰ ਆਰ.ਐਨ. ਢੋਕੇ ਨੇ ਲੁਧਿਆਣਾ ਵਾਸੀਆਂ ਨੂੰ ਆਦੇਸ਼ ਜਾਰੀ ਕੀਤੇ ਹਨ। ਜਿਸ ਵਿਚ ਉਨ੍ਹਾਂ ਨੇ ਲੁਧਿਆਣਾ ਸ਼ਹਿਰ ‘ਚ ਵੱਧ ਰਹੇ ਜ਼ੁਲਮ ਨੂੰ ਰੋਕਣ ਲਈ ਸ਼ਹਿਰ ਵਾਸੀਆਂ ਨੂੰ ਉਨ੍ਹਾਂ ਲੋਕਾਂ ਦੀ ਪੂਰੀ ਜਾਣਕਾਰੀ ਪੁਲਿਸ ਨੂੰ ਮੁਹੱਈਆ ਕਰਵਾਉਣ ਲਈ ਕਿਹਾ ਹੈ ਜਿਨ੍ਹਾਂ ਨੂੰ ਸ਼ਹਿਰ ਵਾਸੀ ਆਪਣੇ ਘਰਾਂ ‘ਚ ਨੌਕਰ ਵਜੋਂ ਜਾਂ ਰੋਜ਼ ਦੀ ਜ਼ਿੰਦਗੀ ‘ਚ ਕੰਮ ਕਰਵਾਉਣ ਲਈ ਆਪਣੇ ਘਰ ‘ਚ ਰੱਖਦੇ ਹਨ।
ਇਹ ਫੈਸਲਾ ਇਸ ਲਈ ਲਿਆ ਗਿਆ ਹੈ ਕਿਉਂਕਿ ਲੁਧਿਆਣਾ ਸ਼ਹਿਰ ਵਿਚ ਵੱਡੀ ਮਾਤਰਾ ‘ਚ ਲੋਕ ਬਾਹਰਲੇ ਸੂਬਿਆਂ ਤੋਂ ਆ ਕੇ ਵੱਸੇ ਹੋਏ ਹਨ ਅਤੇ ਵੱਖ ਵੱਖ ਉਦਯੋਗਿਕ ਇਕਾਈਆਂ ਅਤੇ ਵਿੱਤੀ ਅਦਾਰਿਆਂ ਵਿਚ ਕੰਮ ਕਰਦੇ ਹਨ ਅਤੇ ਕੁਝ ਲੋਕ ਘਰੇਲੂ ਕੰਮ ਕਾਜ ਵਿਚ ਵੀ ਹੱਥ ਵਟਾਉਂਦੇ ਹਨ। ਅਜਿਹੇ ਲੋਕਾਂ ਵਿਚੋਂ ਕੁਝ ਲੋਕ ਜਾਣਕਾਰੀ ਹਾਸਲ ਕਰਦੇ ਅਤੇ ਮੌਕੇ ਦਾ ਫਾਇਦਾ ਉਠਾ ਕੇ ਲੁੱਟ ਮਾਰ ਕਰ ਲੈਂਦੇ ਹਨ ਅਤੇ ਕਈ ਵਾਰ ਮਾਲਕਾਂ ਨੂੰ ਆਪਣੀ ਜਾਨ ਤੋਂ ਵੀ ਹੱਥ ਧੌਣੇ ਪੈਂਦੇ ਹਨ ਜਾਂ ਗੰਭੀਰ ਰੂਪ ਵਿਚ ਜ਼ਖਮੀ ਹੋ ਜਾਂਦੇ ਹਨ ਜਿਸ ਨਾਲ ਦਹਿਸ਼ਤ ਅਤੇ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ।
ਇਸ ਲਈ ਘਰ ਵਿੱਚ ਰੱਖੇ ਗਏ ਨੌਕਰਾਂ, ਡਰਾਈਵਰ, ਚੌਂਕੀਦਾਰ ਅਤੇ ਮਾਲੀ ਆਦਿ ਅਤੇ ਮਕਾਨ ਕਿਰਾਏ ‘ਤੇ ਲੈ ਕੇ ਰਹਿਣ ਵਾਲੇ ਲੋਕਾਂ ਬਾਰੇ ਜਾਣਕਾਰੀ ਹਾਸਲ ਕਰਨੀ ਪਬਲਿਕ ਹਿੱਤ ਵਿਚ ਜਰੂਰੀ ਹੈ ਤਾਂ ਜੋ ਉਨ੍ਹਾਂ ਦੇ ਪਿਛੋਕੜ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ। ਇਸ ਲਈ ਲੁਧਿਆਣਾ ਪੁਲਿਸ ਕਮਿਸ਼ਨਰੇਟ ਦੇ ਮੁਖੀ ਆਰ.ਐਨ ਢੋਕੇ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ਼ਹਿਰ ਵਾਸੀਆਂ ਲਈ ਇਹ ਹੁਕਮ ਜਾਰੀ ਕੀਤੇ ਹਨ।
ਉਨ੍ਹਾਂ ਕਿਹਾ ਕਿ ਲੁਧਿਆਣਾ ਕਮਿਸ਼ਨਰੇਟ ਅਧੀਨ ਆਉਂਦੇ ਇਲਾਕੇ ਵਿਚ ਇਹ ਹੁਕਮ ਆਮ ਲੋਕਾਂ, ਮਕਾਨ ਮਾਲਕਾਂ, ਮਕਾਨ ਉਪਰ ਕਾਬਜ ਵਿਅਕਤੀਆਂ, ਫੈਕਟਰੀਆਂ ਦੇ ਮਾਲਕਾਂ ਦੇ ਨਾਲ ਨਾਲ ਫੈਕਟਰੀ ਜਾਂ ਮਕਾਨ ਦੇ ਉਪਰ ਕਾਬਜ ਵਿਅਕਤੀਆਂ ਨੂੰ ਜਾਰੀ ਕਰਦਾ ਹਾਂ ਕਿ ਉਨ੍ਹਾਂ ਦੇ ਮਕਾਨ ਵਿਚ ਜੋ ਵੀ ਪਰਿਵਾਰ, ਨੌਕਰ, ਮਜਦੂਰ, ਮਾਲੀ, ਡਰਾਈਵਰ, ਚੌਂਕੀਦਾਰ ਦਾ ਜੋ ਕਿਸੇ ਵੀ ਤਰ੍ਹਾਂ ਨਾਲ ਉਨ੍ਹਾਂ ਪਾਸ ਨੌਕਰੀ ਕਰਦੇ ਹਨ, ਸਬੰਧੀ ਪੂਰਾ ਵੇਰਵਾ ਸਮੇਤ ਫੋਟੋ ਇਲਾਕਾ ਦੇ ਥਾਣੇ/ਪੁਲਿਸ ਚੌਂਕੀ ਵਿਚ ਤੁਰੰਤ ਦਰਜ ਕਰਵਾਉਣ। ਉਨ੍ਹਾਂ ਕਿਹਾ ਕਿ ਮੌਜੂਦਾ ਹਲਾਤਾਂ ਨੂੰ ਮੁੱਖ ਰਖਦਿਆਂ ਹੋਇਆ ਇਹ ਹੁਕਮ ਇੱਕ ਤਰਫਾ ਪਾਸ ਕਰਕੇ ਆਮ ਲੋਕਾਂ ਲਈ ਜਾਰੀ ਤੁਰੰਤ ਜਾਰੀ ਕੀਤਾ ਜਾਂਦਾ ਹੈ।