
ਬੀਜੇਪੀ ਨੇ ਦਿੱਲੀ 'ਚ ਪੁਲਿਸ ਨੂੰ ਸ਼ਿਕਾਇਤ ਕਰਦੇ ਹੋਏ ਕਾਂਗਰਸ ਨੇਤਾ ਜਗਦੀਸ਼ ਟਾਇਟਲਰ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ। ਦਰਅਸਲ ਸਿੱਖ ਸੰਗਠਨ ਨੇ ਇੱਕ ਵੀਡੀਓ ਜਾਰੀ ਕੀਤਾ ਹੈ ਜਿਸਦੇ ਬਾਰੇ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਵਿੱਚ ਜਗਦੀਸ਼ ਟਾਇਟਲਰ ਇਹ ਕਹਿੰਦੇ ਹੋਏ ਵਿੱਖ ਰਹੇ ਹਨ ਕਿ ਉਨ੍ਹਾਂ ਨੇ 100 ਸਿੱਖਾਂ ਨੂੰ ਮਾਰਿਆ ਹੈ।
ਇਸ ਵੀਡੀਓ ਦੇ ਸਾਹਮਣੇ ਆਉਣ ਦੇ ਬਾਅਦ ਬੀਜੇਪੀ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਟਾਇਟਲਰ ਦੇ ਖਿਲਾਫ ਤਿੱਖਾ ਹਮਲਾ ਸ਼ੁਰੂ ਕਰ ਦਿੱਤਾ ਹੈ। ਇਸ ਵੀਡੀਓ ਦੇ ਬਾਰੇ ਵਿੱਚ ਕਿਹਾ ਜਾ ਰਿਹਾ ਹੈ ਕਿ ਇਸਨੂੰ 7 ਸਾਲ ਪਹਿਲਾਂ ਰਿਕਾਰਡ ਕੀਤਾ ਗਿਆ ਹੋਵੇਗਾ ਜਿਸਨੂੰ ਸੋਮਵਾਰ ਦੀ ਸ਼ਾਮ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧ ਕਮੇਟੀ ਨੇ ਇੱਕ ਪ੍ਰੈਸ ਕਾਨਫਰੰਸ ਆਯੋਜਿਤ ਕਰਕੇ ਜਾਰੀ ਕੀਤਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰਾਂ ਸੁਖਦੇਵ ਸਿੰਘ ਢੀਂਡਸਾ, ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ ਨੇ ਅੱਜ ਇਸ ਸਿਲਸਿਲੇ 'ਚ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਕੇ ਇਸ ਮਾਮਲੇ 'ਚ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ। ਸ: ਢੀਂਡਸਾ ਦੀ ਅਗਵਾਈ 'ਚ ਗ੍ਰਹਿ ਮੰਤਰੀ ਨੂੰ ਮਿਲਣ ਗਏ ਵਫ਼ਦ ਨੇ ਇਸ ਮਾਮਲੇ ਨੂੰ ਦੇਸ਼ ਅਤੇ ਮਨੁੱਖਤਾ ਦੇ ਨਾਲ ਸੰਬੰਧਿਤ ਮਾਮਲਾ ਕਰਾਰ ਦਿੰਦਿਆਂ ਇਸ ਮਾਮਲੇ 'ਚ ਛੇਤੀ ਸਰਕਾਰ ਨੂੰ ਦਖ਼ਲਅੰਦਾਜ਼ੀ ਕਰਨ ਨੂੰ ਕਿਹਾ।
ਵਫ਼ਦ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਇਸ ਮਾਮਲੇ 'ਚ ਪ੍ਰਧਾਨ ਮੰਤਰੀ ਨੂੰ ਵੀ ਮਿਲਣ ਦੀ ਕੋਸ਼ਿਸ਼ 'ਚ ਹਨ ਤਾਂ ਜੋ ਦੋਸ਼ੀਆਂ ਨੂੰ ਦੇਰੀ ਦੇ ਖਿਲਾਫ਼ ਕਾਰਵਾਈ ਕੀਤੀ ਜਾ ਸਕੇ। ਅਕਾਲੀ ਨੇਤਾਵਾਂ ਤੋਂ ਇਲਾਵਾ ਭਾਜਪਾ ਦੇ ਰਾਸ਼ਟਰੀ ਸਕੱਤਰ ਆਰ.ਪੀ.ਸਿੰਘ ਨੇ ਵੀ ਦਿੱਲੀ ਦੇ ਵਧੀਕ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ ਕਰ ਕੇ ਸ਼ਿਕਾਇਤ ਦਰਜ ਕਰਵਾਈ ਹੈ।
ਜ਼ਿਕਰਯੋਗ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਇਕ ਵੀਡੀਓ ਜਾਰੀ ਕਰਕੇ ਕਿਹਾ ਸੀ ਕਿ ਇਸ 'ਚ ਜਗਦੀਸ਼ ਟਾਇਟਲਰ 100 ਸਿੱਖਾਂ ਨੂੰ ਮਾਰਨ ਦਾ ਦਾਅਵਾ ਕਰਦੇ ਨਜ਼ਰ ਆ ਰਹੇ ਹਨ । ਦੂਜੇ ਪਾਸੇ ਜਗਦੀਸ਼ ਟਾਇਟਲਰ ਨੇ ਇਨ੍ਹਾਂ ਦਾਅਵਿਆਂ ਨੂੰ ਸਿਰੇ ਤੋਂ ਖਾਰਿਜ ਕਰਦਿਆਂ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੀ ਪੜਤਾਲ ਲਈ ਤਿਆਰ ਹਨ।
ਉਨ੍ਹਾਂ ਇਕ ਪ੍ਰੈੱਸ ਰਿਲੀਜ਼ ਜਾਰੀ ਕਰਕੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਕੁਝ ਵਿਰੋਧੀ ਧਿਰਾਂ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਟਾਇਟਲਰ ਨੇ ਇਸ ਮਾਮਲੇ 'ਚ ਆਪਣਾ ਅਤੇ ਵੀਡੀਓ ਬਣਾਉਣ ਵਾਲੇ ਸ਼ਖ਼ਸ ਦਾ ਨਾਰਕੋ ਟੈਸਟ ਕਰਵਾਉਣ ਦੀ ਮੰਗ ਕੀਤੀ। ਇਸ ਦੇ ਨਾਲ ਹੀ ਕਾਂਗਰਸੀ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੇ ਖਿਲਾਫ਼ ਝੂਠ ਦਾ ਪ੍ਰਚਾਰ ਕਰਨ ਵਾਲੇ ਸਿਆਸੀ ਆਗੂਆਂ ਨੂੰ ਅਦਾਲਤ ਲੈ ਕੇ ਜਾਣਗੇ।